ਪ੍ਰੋ. ਬਡੂੰਗਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤੋਤਾ ਸਿੰਘ ਦੇ ਸਦੀਵੀ ਵਿਛੋੜੇ ਤੇ ਪ੍ਰਗਟਾਇਆ ਦੁੱਖ
ਜਗਤਾਰ ਸਿੰਘ
ਪਟਿਆਲਾ 21 ਮਈ 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਸਦੀਵੀ ਵਿਛੋੜੇ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਜਥੇਦਾਰ ਤੋਤਾ ਸਿੰਘ ਦੇ ਸਦੀਵੀ ਵਿਛੋੜੇ ਨਾਲ ਜਿਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਥੇ ਸਿੱਖਾਂ ਦੀ ਸਿਰਮੌਰ ਸੰਸਥਾ ਅਤੇ ਸ਼ੋ੍ਰਮਣੀ ਅਕਾਲੀ ਦਲ ਨੂੰ ਉਨ੍ਹਾਂ ਦੀ ਘਾਟ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਜਥੇਦਾਰ ਤੋਤਾ ਸਿੰਘ ਪੰਥਕ ਸਖਸ਼ੀਅਤ ਸਨ, ਜਿਨ੍ਹਾਂ ਨੇ ਹਮੇਸ਼ਾ ਪੰਥਕ ਸਫਾਂ ਅਤੇ ਅਕਾਲੀ ਸੰਘਰਸ਼ਾਂ ’ਚ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ ਅਤੇ ਉਨ੍ਹਾਂ ਦਾ ਜੀਵਨ ਸਾਰਿਆਂ ਲਈ ਮਾਰਗ ਦਰਸ਼ਨ ਰਹੇਗਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਉਨ੍ਹਾਂ ਦਾ ਸਦੀਵੀ ਵਿਛੋੜਾ ਜਿਥੇ ਸਾਰਿਆਂ ਲਈ ਅਕਹਿ ਅਤੇ ਅਸਹਿ ਹੈ, ਉਥੇ ਹੀ ਗੁਰੂ ਸਾਹਿਬ ਦਾ ਫਲਸਫਾ ਸਾਰਿਆਂ ਨੂੰ ਪ੍ਰਮਾਤਮਾ ਦੇ ਭਾਣੇ ’ਚ ਰਹਿਣ ਦੀ ਪ੍ਰੇਰਨਾ ਵੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਨੂੰ ਪ੍ਰਮਾਤਮਾ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।