ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਦ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕੀਤੀ
- ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਜਿਹੇ ਸਾਰਥਕ ਉਪਰਾਲੇ ਸਮੇਂ ਦੀ ਅਹਿਮ ਲੋੜ: ਹਰਪਾਲ ਸਿੰਘ ਚੀਮਾ
ਦਲਜੀਤ ਕੌਰ ਭਵਾਨੀਗੜ੍ਹ
ਦਿੜ੍ਹਬਾ/ਸੰਗਰੂਰ, 22 ਮਈ, 2022: ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਕੀਤੀ ਅਪੀਲ ਨੂੰ ਵੱਡੇ ਪੱਧਰ ਉੱਤੇ ਸਾਰਥਕ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਦੇ ਅਗਾਂਹਵਧੂ ਕਿਸਾਨ ਹਰਜੀਤ ਸਿੰਘ ਦੇ ਖੇਤ ਵਿੱਚ ਜਾ ਕੇ ਖੁਦ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰਨ ਮਗਰੋਂ ਕੀਤਾ। ਸ੍ਰੀ ਚੀਮਾ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦੀ ਪਹਿਲਕਦਮੀ ਦਾ ਲਾਭ ਵੱਧ ਤੋਂ ਵੱਧ ਕਿਸਾਨਾਂ ਤੱਕ ਪਹੁੰਚਾਉਣ ਲਈ ਅਤੇ ਕੀਮਤੀ ਸੋਮੇ ਪਾਣੀ ਨੂੰ ਬਚਾਉਣ ਲਈ ਸਰਗਰਮੀ ਨਾਲ ਯੋਗਦਾਨ ਪਾਉਣ।
ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਨਾਲ ਨਾ ਸਿਰਫ਼ ਪਾਣੀ ਅਤੇ ਸਮੇਂ ਦੀ ਬੱਚਤ ਹੁੰਦੀ ਹੈ ਬਲਕਿ ਮਾਨਵੀ ਸ਼ਕਤੀ ਦੀ ਵੀ ਘੱਟ ਖਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਤਕਨੀਕ ਨਾਲ ਬਿਜਾਈ ਦੇ ਰਵਾਇਤੀ ਤਰੀਕਿਆਂ ਵਾਂਗ ਖੇਤਾਂ ਚ ਕੱਦੂ ਕਰਨ ਅਤੇ ਪਾਣੀ ਖੜ੍ਹਾਉਣ ਦੀ ਲੋੜ ਨਹੀਂ ਪੈਂਦੀ। ਉਹਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਜਿਹੇ ਸਾਰਥਕ ਉਪਰਾਲੇ ਸਮੇਂ ਦੀ ਅਹਿਮ ਲੋੜ ਹਨ।
ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਸਿਰਜਣਾ ਲਈ ਮੁੱਖ ਮੰਤਰੀ ਦੀ ਪ੍ਰੇਰਨਾ ਸਦਕਾ ਕਿਸਾਨਾਂ ਵੱਲੋਂ ਵਧ ਚੜ੍ਹ ਕੇ ਇਸ ਤਕਨੀਕ ਨੂੰ ਅਪਣਾਇਆ ਜਾ ਰਿਹਾ ਹੈ।
ਇਸ ਮੌਕੇ ਸਿੱਧੀ ਬਿਜਾਈ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਨੇ ਦਸਿਆ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ ਅਤੇ ਇਸ ਨਾਲ ਜਿੱਥੇ ਪਾਣੀ ਦੀ ਵੱਡੀ ਬਚਤ ਹੁੰਦੀ ਹੈ ਉਥੇ ਹੀ ਖਰਚਾ ਘੱਟ ਆਉਂਦਾ ਹੈ ਅਤੇ ਝਾੜ ਵਧੀਆ ਨਿਕਲਦਾ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਦੇ ਹੋਰਨਾਂ ਕਿਸਾਨਾਂ ਨੂੰ ਵੀ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਧ ਚੜ੍ਹ ਕੇ ਅਪਣਾਉਣ ਦਾ ਸੱਦਾ ਦਿੱਤਾ।