ਐਕਸਪ੍ਰੈਸ ਵੇਅ ਨਾਲ ਪ੍ਰਭਾਵਿਤ ਹੋ ਰਹੇ ਕਿਸਾਨਾਂ ਨਾਲ ਹਲਕਾ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਕੀਤੀ ਮੀਟਿੰਗ
- ਹਾਈਵੇ ਅਥਾਰਟੀ ਨੇ ਕਬਜ਼ਾ ਲੈਣ ਦੀ ਕੋਸ਼ਿਸ਼ ਕੀਤੀ ਤਾਂ ਮੈਂ ਮੂਹਰੇ ਹੋ ਕੇ ਡਾਂਗਾਂ ਖਾਵਾਂਗਾ-ਰਾਣਾ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ,22 ਮਈ 2022 - ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਉਸਾਰੇ ਜਾ ਰਹੇ ਦਿੱਲੀ ਕਟੜਾ ਅਮ੍ਰਿੰਤਸਰ ਅਤੇ ਜਾਮਨਗਰ ਬਠਿੰਡਾ ਐਕਸਪ੍ਰੈਸ ਵੇਅ ਜ਼ੋ ਕਿ ਹਲਕਾ ਸੁਲਤਾਨਪੁਰ ਲੋਧੀ ਦੇ 22 ਪਿੰਡਾਂ ਦੀਆਂ ਜ਼ਮੀਨਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਐਕਸਪ੍ਰੈਸ ਵੇਅ ਲਈ ਐਕਵਾਇਰ ਕੀਤੀਆਂ ਜਾਣ ਵਾਲੀਆਂ ਜ਼ਮੀਨਾਂ ਦਾ ਸਹੀ ਮੁਆਵਜ਼ਾ ਨਾ ਦਿੱਤੇ ਜਾਣ ਅਤੇ ਹੋਰ ਮੁਸ਼ਕਿਲਾਂ ਨਾ ਹੱਲ ਕੀਤੇ ਜਾਣ ਕਾਰਨ ਕਿਸਾਨਾਂ ਵੱਲੋਂ ਰੋਡ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਹਲਕਾ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਪ੍ਰਭਾਵਿਤ ਹੋ ਕਿਸਾਨਾਂ ਦੀਆਂ ਮੁਸ਼ਕਿਲਾਂ ਜਾਨਣ ਅਤੇ ਉਨ੍ਹਾਂ ਨਾਲ਼ ਵਿਚਾਰ ਵਟਾਂਦਰਾ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ।
ਇਸ ਮੌਕੇ ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਪ੍ਰਭਦਿਆਲ ਸਿੰਘ ਜੋਸਨ ਅਤੇ ਬਖਸ਼ੀਸ਼ ਸਿੰਘ ਤਲਵੰਡੀ ਚੌਧਰੀਆਂ ਦੀ ਅਗਵਾਈ ਹੇਠ ਕਿਸਾਨਾਂ ਨੇ ਕੇਂਦਰੀ ਸੜਕੀ ਮੰਤਰੀ ਨਿਤਿਨ ਗਡਕਰੀ ਕੋਲ਼ ਐਕਸਪ੍ਰੈਸ ਵੇਅ ਨਾਲ਼ ਪ੍ਰਭਾਵਿਤ ਹੋ ਰਹੇ ਕਿਸਾਨਾਂ ਦੀ ਆਵਾਜ਼ ਉਠਾਉਣ ਤੇ ਰਾਣਾ ਇੰਦਰਪ੍ਰਤਾਪ ਸਿੰਘ ਦਾ ਉਚੇਚੇ ਤੋਰ ਤੇ ਧੰਨਵਾਦ ਕੀਤਾ। ਇਸ ਮੌਕੇ ਰਾਣਾ ਇੰਦਰਪ੍ਰਤਾਪ ਸਿੰਘ ਨੇ ਹਲਕੇ ਦੇ ਕਿਸਾਨਾਂ ਨਾਲ਼ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਹਰ ਇੱਕ ਦੀ ਮੁਸ਼ਕਿਲ ਸੁਣੀ। ਉਨ੍ਹਾਂ ਨੇ ਇਸ ਮੌਕੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੀਆਂ ਜ਼ਮੀਨਾਂ ਦਾ ਯੋਗ ਮੁਆਵਜ਼ਾ ਦਿਵਾਉਣ ਅਤੇ ਹੋਰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਸਿਰ ਤੋੜ ਯਤਨ ਕਰਨਗੇ।
ਉਨ੍ਹਾਂ ਨੇ ਕਿਹਾ ਕਿ ਯੋਗ ਮੁਆਵਜ਼ੇ, ਸਰਵਿਸ ਲਾਇਨ,ਅੰਡਰ ਪਾਸ ਅਤੇ ਹੋਰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਉਹ ਜ਼ਲਦ ਹੀ ਮੁੜ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲਣਗੇ। ਉਨ੍ਹਾਂ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜੇਕਰ ਨੈਸ਼ਨਲ ਹਾਈਵੇ ਅਥਾਰਟੀ ਨੇ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤੇ ਬਿਨਾਂ ਜ਼ਮੀਨਾਂ ਦਾ ਕਬਜ਼ਾ ਲੈਣ ਦੀ ਕੋਸ਼ਿਸ਼ ਕੀਤੀ ਤਾਂ ਉਹ ਮੂਹਰੇ ਹੋ ਆਪਣੇ ਹਲਕੇ ਦੇ ਕਿਸਾਨਾਂ ਦੇ ਹੱਕਾਂ ਲਈ ਡਾਂਗਾਂ ਖਾਣਗੇ। ਉਨ੍ਹਾਂ ਨੇ ਕਿਹਾ ਕਿ ਆਰਬੀਟਰੇਟਰ ਦੀ ਜ਼ਲਦ ਨਿਯੁਕਤੀ ਨੂੰ ਲੈਕੇ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਮਿਲਣਗੇ।
ਇਸ ਮੌਕੇ ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਪ੍ਰਭਦਿਆਲ ਸਿੰਘ ਜੋਸਨ ਨੇ ਕਿਹਾ ਕਿ ਜਿੰਨਾ ਚਿਰ ਤੱਕ ਨੈਸ਼ਨਲ ਹਾਈਵੇ ਅਥਾਰਟੀ ਅਤੇ ਪ੍ਰਸ਼ਾਸਨ ਵੱਲੋਂ ਸਾਨੂੰ ਪੂਰਾ ਮੁਆਵਜ਼ਾ ਅਤੇ ਹੋਰ ਮੁਸ਼ਕਿਲਾਂ ਦਾ ਹੱਲ ਨਾ ਕੀਤਾ ਤਾਂ ਉਦੋਂ ਤੱਕ ਕਿਸੇ ਵੀ ਅਧਿਕਾਰੀ ਕਰਮਚਾਰੀ ਨੂੰ ਜ਼ਮੀਨਾਂ ਵਿੱਚ ਪੈਰ ਨਹੀਂ ਪਾਉਣ ਦਿੱਤਾ ਜਾਵੇਗਾ। ਇਸ ਮੌਕੇ ਕਮਲਜੀਤ ਸਿੰਘ, ਬਲਬੀਰ ਸਿੰਘ ਪੱਕੇ ਕੋਠੇ, ਤਰਸੇਮ ਸਿੰਘ ਰਣਧੀਰ ਪੁਰ, ਨੰਬਰਦਾਰ ਬਲਵਿੰਦਰ ਸਿੰਘ ਪਾਜੀਆਂ, ਜਗਮੋਹਨ ਸਿੰਘ, ਮੇਹਰ ਸਿੰਘ ਦੁਰਗਾਪੁਰ, ਹਰਵਿੰਦਰ ਸਿੰਘ ਲਵਾਂ, ਗੁਰਪ੍ਰੀਤ ਸਿੰਘ ਲਵਾਂ, ਹਰਵਿੰਦਰ ਸਿੰਘ ਕਾਲੇਵਾਲ ਆਦਿ ਹਾਜ਼ਰ ਸਨ।