ਨਿਸ਼ਾਨਦੇਹੀ, ਇੰਤਕਾਲ, ਕੋਰਟ ਕੇਸਾਂ ਸਮੇਤ ਹੋਰ ਬਕਾਇਆ ਮਾਮਲਿਆਂ ਦੀ ਸਥਿਤੀ ਦਾ ਜਾਇਜ਼ਾ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 23 ਮਈ, 2022: ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਅੱਜ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਮਾਲ ਵਿਭਾਗ ਨਾਲ ਸਬੰਧਤ ਮੁਸ਼ਕਿਲਾਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਉਨਾਂ ਕਿਹਾ ਕਿ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਨੂੰ ਯਕੀਨੀ ਬਣਾਉਣ ਲਈ ਹਰ ਬੁੱਧਵਾਰ ਸਬ-ਡਵੀਜ਼ਨ ਪੱਧਰ ’ਤੇ ਰੈਵੇਨਿਊ ਕੈਂਪ ਲਗਾ ਕੇ ਲੋਕਾਂ ਦੇ ਬਕਾਇਆ ਮਾਮਲਿਆਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਨਾਲ ਸਬੰਧਤ ਕਾਰਜਾਂ ਦੀ ਸਮੀਖਿਆ ਲਈ ਸੱਦੀ ਮਾਸਿਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੰਡ ਦੇ ਕੇਸਾਂ, ਰਜਿਸਟਰਡ ਤੇ ਅਣ ਰਜਿਸਟਰਡ ਵਸੀਕਿਆਂ, ਕੋਰਟ ਕੇਸਾਂ, ਚੌਕੀਦਾਰਾ ਟੈਕਸ, ਇੰਤਕਾਲ, ਰਿਕਵਰੀ, ਨਿਸ਼ਾਨਦੇਹੀ, ਜਮਾਂਬੰਦੀਆਂ ਆਦਿ ਬਾਰੇ ਵੀ ਵਿਸਤਿ੍ਰਤ ਜਾਇਜ਼ਾ ਲੈਂਦਿਆਂ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਂਝ ਕੇਂਦਰਾਂ ਵਿਖੇ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਉਣ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨਾਂ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਸਾਂਝ ਕੇਂਦਰਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਅਤੇ ਸਬੰਧਤ ਸਟਾਫ਼ ਨੂੰ ਨਿਰਧਾਰਿਤ ਸਮੇਂ ਅੰਦਰ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਹਦਾਇਤਾਂ ਦਿੱਤੀਆਂ ਜਾਣ। ਸ਼੍ਰੀ ਜੋਰਵਾਲ ਨੇ ਮੇਰਾ ਘਰ ਮੇਰੇ ਨਾਮ ਸਕੀਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਐਸ.ਡੀ.ਐਮ ਧੂਰੀ ਤੇ ਐਸ.ਡੀ.ਐਮ ਭਵਾਨੀਗੜ ਨੂੰ ਸਕੀਮ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਮੀਟਿੰਗ ਦੌਰਾਨ ਏ.ਡੀ.ਸੀ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ ਦਿੜਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਭਵਾਨੀਗੜ ਵਨੀਤ ਕੁਮਾਰ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਜ਼ਿਲਾ ਮਾਲ ਅਫ਼ਸਰ ਗਗਨਦੀਪ ਸਿੰਘ ਤੋਂ ਇਲਾਵਾ ਸਮੂਹ ਸਰਕਲ ਰੈਵੇਨਿਊ ਅਫਸਰ ਵੀ ਹਾਜ਼ਰ ਸਨ।