ਡੇਰਾ ਮੁਖੀ ਰਾਮ ਰਹੀਮ ਦੀ ਪਟੀਸ਼ਨ 'ਤੇ ਸੁਣਵਾਈ ਦੌਰਾਨ ਸਰਕਾਰ ਨੇ ਮੰਗਿਆ ਸਮਾਂ
ਦੀਪਕ ਗਰਗ ,ਬਾਬੂਸ਼ਾਹੀ ਨੈੱਟਵਰਕ
ਕੋਟਕਪੂਰਾ 24 ਮਈ 2022
ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਸੀਬੀਆਈ ਤੋਂ ਵਾਪਸ ਲੈਣ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੇ ਅੱਜ ਆਪਣਾ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ। ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇਹ ਪਟੀਸ਼ਨ ਦਾਇਰ ਕੀਤੀ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 11 ਜੁਲਾਈ ਨੂੰ ਹੋਵੇਗੀ। ਮਾਮਲੇ ਵਿੱਚ ਪੰਜਾਬ ਸਰਕਾਰ, ਕੇਂਦਰ ਅਤੇ ਸੀਬੀਆਈ ਨੂੰ ਧਿਰ ਬਣਾਇਆ ਗਿਆ ਹੈ। ਮਾਮਲੇ 'ਚ ਪੰਜਾਬ ਸਰਕਾਰ ਦੀ ਤਰਫੋਂ ਦਲੀਲਾਂ ਪੇਸ਼ ਕੀਤੀਆਂ ਜਾਣਗੀਆਂ।
ਪੰਜਾਬ ਸਰਕਾਰ ਵਲੋਂ 6 ਸਤੰਬਰ 2018 ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਹੈ। ਨੋਟੀਫਿਕੇਸ਼ਨ ਵਿੱਚ, ਬੇਅਦਬੀ ਦੀਆਂ ਘਟਨਾਵਾਂ ਦੇ ਸਬੰਧ ਵਿੱਚ ਦਰਜ 3 ਐਫਆਈਆਰਜ਼ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਸਹਿਮਤੀ ਨੂੰ ਰੱਦ ਕਰ ਦਿੱਤਾ ਗਿਆ ਸੀ। ਸੂਬੇ ਵਿੱਚ ਕਾਂਗਰਸ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਇਹ ਸਹਿਮਤੀ ਰੱਦ ਕਰ ਦਿੱਤੀ ਗਈ ਸੀ। 2015 ਵਿੱਚ ਦਰਜ ਤਿੰਨੋਂ ਐਫਆਈਆਰ ਕੋਟਕਪੂਰਾ ਦੇ ਨਜਦੀਕੀ ਬਾਜਾਖਾਨਾ ਥਾਣੇ ਵਿੱਚ ਨੰਬਰ 63, 117 ਅਤੇ 128 ਦਰਜ ਕੀਤੀਆਂ ਗਈਆਂ ਸਨ।
ਡੇਰਾ ਮੁਖੀ ਨੇ ਇਹ ਮੰਗ ਕੀਤੀ ਹੈ
ਡੇਰਾ ਮੁਖੀ ਦੀ ਤਰਫੋਂ ਕਿਹਾ ਗਿਆ ਹੈ ਕਿ ਸਰਕਾਰ ਨੇ ਗੈਰ-ਕਾਨੂੰਨੀ ਢੰਗ ਨਾਲ ਸਹਿਮਤੀ ਰੱਦ ਕੀਤੀ ਹੈ। ਅਜਿਹੀ ਸਥਿਤੀ ਵਿੱਚ ਸੀਬੀਆਈ ਨੂੰ ਤਿੰਨ ਐਫਆਈਆਰ ਵਿੱਚ ਆਪਣੀ ਜਾਂਚ ਜਾਰੀ ਰੱਖਣ ਦੇ ਹੁਕਮ ਦਿੱਤੇ ਜਾਣੇ ਚਾਹੀਦੇ ਹਨ। ਨੋਟੀਫਿਕੇਸ਼ਨ ਰੱਦ ਕਰਨ ਤੋਂ ਬਾਅਦ ਤਿੰਨੋਂ ਐਫਆਈਆਰਜ਼ ਵਿੱਚ ਪੰਜਾਬ ਪੁਲੀਸ ਦੀ ਐਸਆਈਟੀ ਵੱਲੋਂ ਸ਼ੁਰੂ ਕੀਤੀਆਂ ਕਈ ਜਾਂਚਾਂ ਨੂੰ ਵੀ ਰੋਕਿਆ ਜਾਣਾ ਚਾਹੀਦਾ ਹੈ। ਕੇਸਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਕਿਸੇ ਵੀ ਤਰ੍ਹਾਂ ਦੀ ਸਿਆਸੀ ਬਦਲਾਖੋਰੀ ਦੇ ਤਹਿਤ ਕੋਈ ਵੀ ਗਲਤ ਜਾਂਚ ਨਹੀਂ ਹੋਣੀ ਚਾਹੀਦੀ।
ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ
ਡੇਰਾ ਮੁਖੀ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਫਰੀਦਕੋਟ ਅਦਾਲਤ ਵੱਲੋਂ ਜਾਰੀ ਕੀਤੇ ਪ੍ਰੋਡਕਸ਼ਨ ਵਾਰੰਟ ਨੂੰ ਵੀ ਚੁਣੌਤੀ ਦਿੱਤੀ ਸੀ। ਹਾਈ ਕੋਰਟ ਨੇ ਉਨ੍ਹਾਂ ਵਾਰੰਟਾਂ ’ਤੇ ਰੋਕ ਲਾ ਦਿੱਤੀ ਸੀ। ਐੱਸਆਈਟੀ ਡੇਰਾ ਮੁਖੀ ਨੂੰ ਪੰਜਾਬ ਲਿਆ ਕੇ ਪੁੱਛਗਿੱਛ ਕਰਨਾ ਚਾਹੁੰਦੀ ਸੀ ਪਰ ਇਸ ਮੰਗ ਨੂੰ ਰੱਦ ਕਰਦਿਆਂ ਹਾਈ ਕੋਰਟ ਨੇ ਸੁਨਾਰੀਆ ਜੇਲ੍ਹ ਵਿੱਚ ਹੀ ਪੁੱਛਗਿੱਛ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ। ਇਸ ਦੇ ਨਾਲ ਹੀ ਹਾਈਕੋਰਟ ਨੇ ਆਪਣੇ ਤਾਜ਼ਾ ਹੁਕਮਾਂ 'ਚ ਸਪੱਸ਼ਟ ਕੀਤਾ ਹੈ ਕਿ ਡੇਰਾ ਮੁਖੀ ਵਿਰੁੱਧ ਬੇਅਦਬੀ ਮਾਮਲਿਆਂ ਦੀ ਪੂਰੀ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਪੂਰੀ ਕੀਤੀ ਜਾਵੇ। ਦਰਅਸਲ ਡੇਰਾ ਮੁਖੀ ਨੇ ਪੰਜਾਬ 'ਚ ਆਪਣੀ ਜਾਨ ਨੂੰ ਖਤਰਾ ਦੱਸਿਆ ਸੀ।
ਬੇਅਦਬੀ ਦੇ ਇਨ੍ਹਾਂ ਮਾਮਲਿਆਂ 'ਚ ਡੇਰਾ ਮੁਖੀ ਦੋਸ਼ੀ ਸੀ
ਪੰਜਾਬ ਪੁਲਿਸ ਵੱਲੋਂ ਬੇਅਦਬੀ ਦੇ ਕੇਸ ਜੂਨ ਤੋਂ ਅਕਤੂਬਰ 2015 ਤੱਕ ਦਰਜ ਕੀਤੇ ਗਏ ਹਨ।
ਪਹਿਲਾ ਮਾਮਲਾ 2 ਜੂਨ 2015 ਨੂੰ ਚੋਰੀ ਅਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ। ਇਹ 63 ਨੰਬਰ ਐਫਆਈਆਰ ਕੋਟਕਪੂਰਾ ਦੇ ਨਜਦੀਕੀ ਪਿੰਡ ਬੁਰਜ ਜਵਾਹਰ ਸਿੰਘ ਦੇ ਗੁਰਦੁਆਰਾ ਸਿੰਘ ਸਾਹਿਬ ਦੇ ਗ੍ਰੰਥੀ ਗੋਰਾ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤੀ ਗਈ ਸੀ। ਘਟਨਾ ਵਿੱਚ ਧਾਰਮਿਕ ਗ੍ਰੰਥ ਦਾ ਪਾਵਨ ਸਰੂਪ ਚੋਰੀ ਹੋ ਗਿਆ।
ਬੇਅਦਬੀ ਦੇ ਇੱਕ ਹੋਰ ਮਾਮਲੇ ਵਿੱਚ, 24 ਅਤੇ 25 ਸਤੰਬਰ, 2015 ਨੂੰ ਕੋਟਕਪੂਰਾ ਦੇ ਨਜਦੀਕੀ।ਬਰਗਾੜੀ ਵਿੱਚ ਐਸਜੀਪੀਸੀ ਦੁਆਰਾ ਪ੍ਰਬੰਧਿਤ ਗੁਰਦੁਆਰੇ ਦੇ ਬਾਹਰ ਇੱਕ ਵਿਸ਼ੇਸ਼ ਧਰਮ ਅਤੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਮਾਨਜਨਕ ਸ਼ਬਦਾਵਲੀ ਵਾਲੇ ਪੋਸਟਰ ਪਾਏ ਗਏ ਸਨ। ਜਿਸ ਸਬੰਧੀ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਧਾਰਾ ਤਹਿਤ ਐਫਆਈਆਰ ਨੰਬਰ 117 ਦਰਜ ਕੀਤੀ ਗਈ ਸੀ।
12 ਅਕਤੂਬਰ 2015 ਨੂੰ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਐਫਆਈਆਰ ਨੰਬਰ 128 ਦਰਜ ਕੀਤੀ ਗਈ ਸੀ। ਬਰਗਾੜੀ ਗੁਰਦੁਆਰੇ ਦੇ ਆਲੇ-ਦੁਆਲੇ ਧਾਰਮਿਕ ਗ੍ਰੰਥਾਂ ਦੇ ਕੁਝ ਪੰਨੇ ਖਿੱਲਰੇ ਪਏ ਸਨ। ਇਸ ਘਟਨਾ ਕਾਰਨ ਵਿਸ਼ੇਸ਼ ਧਰਮ ਦੇ ਲੋਕਾਂ ਵਿੱਚ ਕਾਫੀ ਗੁੱਸਾ ਹੈ ਅਤੇ ਪ੍ਰਦਰਸ਼ਨ ਵੀ ਹੋਏ। ਕੋਟਕਪੂਰਾ ਅਤੇ ਬਹਿਬਲ ਕਲਾਂ 'ਚ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰੀਆਂ। ਇਸ ਸਬੰਧੀ ਥਾਣਾ ਬਾਜਾਖਾਨਾ ਵਿਖੇ ਦੋ ਐਫਆਈਆਰ 129 ਅਤੇ 130 ਦਰਜ ਕੀਤੀਆਂ ਗਈਆਂ ਸਨ।