ਖੇਤੀਬਾੜੀ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਪਿੰਡ ਪੱਧਰੀ ਮੁਹਿੰਮ ਚਲਾਈ: ਮੁੱਖ ਖੇਤੀਬਾੜੀ ਅਫ਼ਸਰ
-ਕੈਂਪਾਂ ਦੌਰਾਨ ਪਿਛਲੇ ਸਾਲਾਂ ਦੌਰਾਨ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਕਰ ਰਹੇ ਨੇ ਆਪਣੇ ਤਜਰਬੇ ਸਾਂਝੇ
ਪਟਿਆਲਾ, 26 ਮਈ 2022: ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਦੀ ਅਗਵਾਈ 'ਚ ਜ਼ਿਲ੍ਹਾ ਪਟਿਆਲਾ ਦੇ ਸਮੂਹ ਬਲਾਕਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਪਿੰਡ ਪੱਧਰ ਅਤੇ ਬਲਾਕ ਪੱਧਰ ਉੱਪਰ ਕੈਂਪ ਲਗਾਏ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਘਰ-ਘਰ ਪਹੁੰਚ ਕੇ, ਗੁਰਦੁਆਰਿਆਂ ਰਾਹੀਂ ਅਨਾਊਂਸਮੈਂਟ ਕਰਵਾ ਕੇ, ਹਰੇਕ ਪਿੰਡ ਦੇ ਸਰਪੰਚ ਨਾਲ ਸੰਪਰਕ ਕਰਕੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਤਕਨੀਕੀ ਨੁਕਤੇ ਕਿਸਾਨਾਂ ਨਾਲ ਸਾਂਝੇ ਕੀਤੇ ਜਾ ਰਹੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਜਿੱਥੇ ਕਿਸਾਨਾਂ ਦੇ ਲਗਭਗ 5000 ਮਿੱਟੀ ਦੇ ਸੈਂਪਲ ਵੱਖ-ਵੱਖ ਪਿੰਡਾਂ ਵਿਚੋਂ ਇਕੱਤਰ ਕੀਤੇ ਗਏ ਹਨ ਉੱਥੇ ਹੀ ਇਹਨਾਂ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਪਹਾੜਪੁਰ ਬਲਾਕ ਪਟਿਆਲਾ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਸਮੇਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੋਲੀਕਾਰਾਂ ਨੂੰ ਪੰਚਾਇਤੀ ਜ਼ਮੀਨ ਵਿਚ ਝੋਨੇ ਦੀ ਸਿੱਧੀ ਬਿਜਾਈ ਲਾਜ਼ਮੀ ਕਰਨ ਸਬੰਧੀ ਜਾਣੂ ਕਰਵਾਇਆ ਗਿਆ।
ਬਲਾਕ ਪੱਧਰੀ ਕੈਂਪ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਵੀਨ ਗਰਚਾ ਟ੍ਰੇਨਿੰਗ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜੁਪਿੰਦਰ ਸਿੰਘ ਗਿੱਲ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ 100 ਦੇ ਕਰੀਬ ਕਿਸਾਨਾਂ ਨੂੰ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਪਿਛਲੇ ਕੁਝ ਸਾਲਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਕਿਸਾਨ ਪੂਰਨ ਸਿੰਘ ਅਤੇ ਕਰਮ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਆਪਣੇ ਤਜਰਬੇ ਹੋਰ ਕਿਸਾਨਾਂ ਨਾਲ ਸਾਂਝੇ ਕੀਤੇ। ਕੈਂਪ ਵਿਚ ਇਲਾਕੇ ਦੇ ਅਗਾਂਹਵਧੂ ਕਿਸਾਨ ਹਾਕਮ ਸਿੰਘ ਪਹਾੜਪੁਰ, ਪਿੰਡ ਦੇ ਸਰਪੰਚ ਧਰਮ ਸਿੰਘ ਅਤੇ ਖੇਤੀਬਾੜੀ ਉਪ ਨਿਰੀਖਕ ਦਲਜਿੰਦਰ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ ਸਰਕਾਰ ਦੀ ਚੱਲ ਰਹੀ ਇਸ ਮੁਹਿੰਮ ਵਿਚ ਯੋਗਦਾਨ ਪਾਉਣ ਲਈ ਅਤੇ ਧਰਤੀ ਹੇਠਲੇ ਪਾਣੀ ਬਚਾਉਣ ਲਈ ਅਪੀਲ ਕੀਤੀ।