ਤੰਬਾਕੂ ਦਾ ਸੇਵਨ ਨਾ ਕਰਨ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
- ਗੰਭੀਰ ਬਿਮਾਰੀਆਂ ਨੂੰ ਜਨਮ ਦਿੰਦਾ ਹੈ ਤੰਬਾਕੂ: ਨਰਿੰਦਰ ਪਾਲ ਸਿੰਘ
ਦਲਜੀਤ ਕੌਰ ਭਵਾਨੀਗੜ੍ਹ
ਕੌਹਰੀਆਂ/ਸੰਗਰੂਰ 26 ਮਈ, 2022: ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਪੀ ਐਚ ਸੀ ਕੌਹਰੀਆਂ ਡਾ. ਸਤਿੰਦਰ ਕੌਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਤੰਬਾਕੂ ਵਿਰੋਧੀ ਜਾਗਰੂਕਤਾ ਸਰਗਰਮੀਆਂ ਦੌਰਾਨ ਵੱਖ ਵੱਖ ਥਾਵਾਂ ‘ਤੇ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ।
ਬਲਾਕ ਐਜੂਕੇਟਰ ਨਰਿੰਦਰ ਪਾਲ ਸਿੰਘ ਨੋਡਲ ਅਫਸਰ ਆਈ ਈ ਸੀ, ਬੀ ਸੀ ਸੀ ਨਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ ਵਿੱਖੇ ਸਕੂਲੀ ਬੱਚਿਆਂ ਨੂੰ ਤੰਬਾਕੂ ਤੇ ਹੋਰ ਨਸ਼ਿਆਂ ਦਾ ਜਿੰਦਗੀ ਵਿੱਚ ਕਦੇ ਵੀ ਸੇਵਨ ਨਾ ਕਰਨ ਅਤੇ ਹੋਰਾਂ ਨੂੰ ਵੀ ਤੰਬਾਕੂ ਦੀ ਬੁਰੀ ਆਦਤ ਤੋਂ ਛੁਟਕਾਰਾ ਦਿਵਾਉਣ ਲਈ ਜਾਗਰੂਕ ਕੀਤਾ ਗਿਆ।
ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਤੰਬਾਕੂ ਮਨੁੱਖੀ ਸਿਹਤ ਲਈ ਬਹੁਤ ਹੀ ਘਾਤਕ ਹੈ ਜਿਸ ਦੀ ਕਿਸੇ ਵੀ ਰੂਪ ਵਿੱਚ ਵਰਤੋ਼ਂ ਕਰਨ ਨਾਲ ਕੈਂਸਰ ਹੋਣ ਦਾ ਖਤਰਾ ਹੰਦਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਕਾਲਜ ਜਾ ਹੋਰ ਵਿਦਿਅਕ ਸੰਸਥਾਵਾਂ ਦੇ ਬਾਹਰ 100 ਗਜ਼ ਦੇ ਘੇਰੇ ਅੰਦਰ ਕੋਈ ਵੀ ਦੁਕਾਨਦਾਰ ਤੰਬਾਕੂ ਉਤਪਾਦ ਨਹੀ ਵੇਚ ਸਕਦਾ ਅਤੇ ਨਾ ਹੀ ਕੋਈ ਵੀ ਵਿਅਕਤੀ ਤੰਬਾਕੂ ਦੀ ਵਰਤੋਂ ਕਰ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬੱਚਿਆਂ ਨੂੰ ਤੰਬਾਕੂ ਦੀ ਬੁਰੀ ਆਦਤ ਤੋਂ ਬਚਾ ਕੇ ਰੱਖਣਾ ਹਰ ਨਾਗਰਿਕ ਦਾ ਫਰਜ ਹੈ। ਉਹਨਾਂ ਸਕੂਲੀ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਦੇ ਬੁਰੇ ਪ੍ਰਭਾਵਾਂ ਤੋਂ ਬਚਣ ਦੀ ਅਪੀਲ ਕੀਤੀ।
ਇਸ ਮੌਕੇ ਦਰਸ਼ਨ ਸਿੰਘ ਮਲਟੀਪਰਪਜ ਸੁਪਰਵਾਈਜ਼ਰ, ਵੀਰ ਸਿੰਘ, ਸਕੂਲ ਪ੍ਰਿੰਸੀਪਲ ਜਗਦੇਵ ਸਿੰਘ ਸਮੇਤ ਹੋਰ ਅਧਿਆਪਕ ਤੇ ਵਿਦਿਆਰਥੀ ਹਾਜਰ ਸਨ।