ਡੀ ਸੀ ਮਾਨਸਾ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੌਦੇ ਲਗਾਉਣ ਲਈ ਕੀਤੀ ਸਮੀਖਿਆ ਮੀਟਿੰਗ
ਸੰਜੀਵ ਜਿੰਦਲ
ਮਾਨਸਾ, 26 ਮਈ 2022 : ਜਿਲ੍ਹਾ ਮਾਨਸਾ ਨੂੰ ਹਰਿਆ ਭਰਿਆ ਬਣਾਉਣ ਦੇ ਮੰਤਵ ਨਾਲ ਵਿਸ਼ਵ ਵਾਤਾਵਰਣ ਦਿਵਸ ਮੌਕੇ 1 ਲੱਖ ਤੋਂ ਵੱਧ ਬੂਟੇ ਲਗਾਉਣ ਦੀ ਯੋਜਨਾ ਨੂੰ ਲੈ ਕੇ ਅੱਜ ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ ਦੇ ਅਧਿਕਾਰ ਖੇਤਰਾਂ, ਪਿੰਡਾਂ ਦੀ ਪੰਚਾਇਤੀ ਥਾਵਾਂ, ਪਾਰਕਾਂ ਜਾਂ ਹੋਰ ਸਥਾਨਾਂ ’ਤੇ ਮਿੱਥੇ ਟੀਚੇ ਅਨੁਸਾਰ ਪੌਦੇ ਲਗਾਉਣ ਤੋਂ ਬਾਅਦ ਵਿਸ਼ੇਸ਼ ਦੇਖ-ਰੇਖ ਕਰਨ ਦੇ ਆਦੇਸ਼ ਜਾਰੀ ਕੀਤੇ। ਉਨਾਂ ਕਿਹਾ ਕਿ ਪ੍ਰਦੂਸ਼ਣ ਰਹਿਤ ਵਾਤਾਵਰਣ ਸਿਰਜਨ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਇਸ ਮੁਹਿੰਮ ਵਿੱਚ ਜੋੜਿਆ ਜਾਵੇ, ਤਾਂ ਜੋ ਵਾਤਾਵਰਣ ਪ੍ਰੇਮੀ 5 ਜੂਨ ਨੂੰ ਪੌਦੇ ਲਗਾਉਣ ਵਿੱਚ ਆਪਣਾ ਯੋਗਦਾਨ ਪਾ ਸਕਣ।
ਜਸਪ੍ਰੀਤ ਸਿੰਘ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਸਮਾਂ ਰਹਿੰਦਿਆਂ ਬੂਟੇ ਲਗਾਉਣ ਲਈ ਢੁੱਕਵੀਆਂ ਥਾਵਾਂ ਦੀ ਪਹਿਚਾਣ ਕਰਕੇ ਪਹਿਲਾਂ ਤੋਂ ਟੋਏ ਪੁੱਟ ਲਏ ਜਾਣ ਤਾਂ ਜੋ ਵਿਸ਼ਵ ਵਾਤਾਵਰਣ ਦਿਵਸ ਮੌਕੇ ਹਰੇਕ ਵਿਅਕਤੀ ਆਪਣੀ ਜ਼ਿੰਮੇਵਾਰੀ ਨਾਲ ਵੱਧ ਤੋਂ ਵੱਧ ਪੌਦੇ ਲਗਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ.ਬੈਨਿਥ, ਐਸ਼.ਡੀ.ਐਮ ਸਰਦੂਲਗੜ ਪੂਨਮ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।