ਆਮ ਆਦਮੀ ਪਾਰਟੀ ਦੇ ਵਰਕਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੇ ਹੱਕ ਵਿੱਚ ਉਤਰੇ
ਰੋਹਿਤ ਗੁਪਤਾ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ 22 ਜੂਨ
ਆਮ ਆਦਮੀ ਪਾਰਟੀ ਦੇ ਵਰਕਰ ਆਪਸ ਵਿੱਚ ਹੀ ਉਲਝਦੇ ਹੋਏ ਨਜ਼ਰ ਆ ਰਹੇ ਹਨ। ਹਲਕਾ ਦੀਨਾਨਗਰ ਵਿਖੇ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਖਿਲਾਫ਼ ਪ੍ਰੈੱਸ ਕਾਨਫਰੰਸ ਕੀਤੀ ਗਈ ਸੀ ਅਤੇ ਉਹਨਾਂ ਤੇ ਗੰਭੀਰ ਦੋਸ਼ ਲਗਾਏ ਗਏ ਸਨ । ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਹੱਕ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ।ਜਿਸ ਦੌਰਾਨ ਬੋਲਦੇ ਹੋਏ ਆਪ ਪਾਰਟੀ ਦੇ ਸੀਨੀਅਰ ਆਗੂ ਚੰਦਰ ਸ਼ੇਖਰ ਨੇ ਕਿਹਾ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਤੇ ਲਾਏ ਗਏ ਸਾਰੇ ਹੀ ਦੋਸ਼ ਬੇ ਬੁਨਿਆਦ ਹਨ ।
ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸ਼ੁਰੂਆਤੀ ਦਿਨਾਂ ਵਿਚ ਜਦੋਂ ਲੋਕ ਨਹੀਂ ਜਾਣਦੇ ਸੀ ਅਸੀਂ ਉਸ ਸਮੇਂ ਪਾਰਟੀ ਨਾਲ ਖੜ੍ਹੇ ਸੀ ਅਤੇ ਅੱਜ ਵੀ ਹਲਕਾ ਇੰਚਾਰਜ ਨਾ ਡੱਟ ਕੇ ਖੜੇ ਹਾਂ। ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਪਾਰਟੀ ਨੂੰ ਬਦਨਾਮ ਕਰਨ ਲਈ ਇਹ ਹਲਕਾ ਇੰਚਾਰਜ ਤੇ ਇਲਜ਼ਾਮ ਲਗਾਏ ਜਾ ਰਹੇ ਹਨ।ਉਹਨਾਂ ਨੇ ਕਿਹਾ ਕਿ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਇੱਕ ਵਧੀਆ ਅਤੇ ਇਮਾਨਦਾਰ ਲੀਡਰ ਹਨ ਜਿਨ੍ਹਾਂ ਨੇ ਲੋਕਾਂ ਦੇ ਭਲੇ ਲਈ ਹਮੇਸ਼ਾ ਕੰਮ ਕੀਤਾ ਹੈ ਅਤੇ ਨਿਰਪੱਖ ਹੋ ਕੇ ਲੋਕਾਂ ਦੇ ਕੰਮ ਕਰਵਾਏ ਹਨ ।
ਜਿਕਰਯੋਗ ਹੈ ਕਿ ਪਿਛਲੇ ਦਿਨੀਂ ਦੀਨਾਨਗਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੇ ਖਿਲਾਫ ਆਪ ਵਰਕਰਾਂ ਨੇ ਪ੍ਰੈਸ ਕਾਨਫਰੰਸ ਰਾਹੀਂ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਸੀ ਕਿ ਹਲਕਾ ਇੰਚਾਰਜ ਵੱਲੋਂ ਆਮ ਆਦਮੀ ਪਾਰਟੀ ਨੂੰ ਆਪਣੇ ਨਿੱਜੀ ਫ਼ਾਇਦਿਆਂ ਲਈ ਵਰਤਿਆ ਜਾ ਰਿਹਾ ਹੈ ਅਤੇ ਆਪਨੇ ਨਿੱਜੀ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਸੀ ਕਿ ਪੁਰਾਣੇ ਵਰਕਰਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ।