ਭਾਰਤਮਾਲਾ ਪ੍ਰਜੈਕਟ: ਲਾਠੀਚਾਰਜ ਖਿਲਾਫ ਕਿਸਾਨਾਂ ਨੇ ‘ ਵੱਟੀ ਕਚੀਚੀ ’
ਅਸ਼ੋਕ ਵਰਮਾ
ਬਠਿੰਡਾ, 26 ਜੂਨ,2022 : ਬਠਿੰਡਾ ਡੱਬਵਾਲੀ ਸੜਕ ਨੂੰ ਭਾਰਤ ਮਾਲਾ ਦੇ ਨਾਮ ਹੇਠ 25 ਜੂਨ ਨੂੰ ਕਿਸਾਨਾਂ ਨੂੰ ਬਿਨਾਂ ਮੁਆਵਜ਼ਾ ਦਿੱਤੇ ਧੱਕੇ ਨਾਲ ਚੌੜੀ ਕਰਨ ਵਿਰੁੱਧ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ ਤੇ ਪੁਲਿਸ ਵੱਲੋਂ ਲਾਠੀਚਾਰਜ ਕਰ ਕੇ ਇੱਕ ਕਿਸਾਨ ਦਾ ਚੂਲਾ ਤੋੜਨ ਅਤੇ ਕਈ ਕਿਸਾਨਾਂ ਦੇ ਜਖਮੀ ਹੋਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਵੱਡੀ ਗਿਣਤੀ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਲਾਇਆ ਅਤੇ ਜਬਰ ਕਰਨ ਵਾਲੇ ਪੁਲਿਸ ਮੁਲਾਜਮਾਂ ਖਿਲਾਫ ਕਾਰਵਾਈ ਅਤੇ ਆਪਣੀਆਂ ਮੰਗਾਂ ਪ੍ਰਵਾਨ ਕਰਨ ਦੀ ਮੰਗ ਕੀਤੀ। ਇਸ ਧਰਨੇ ਦੀ ਅਗਵਾਈ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਜਿੰਨ੍ਹਾਂ ਸੜਕ ਨਿਰਮਾਣ ਪਿੱਛੇ ਸਰਕਾਰਾਂ ਦੀਆਂ ਕਾਰਪੋਰੇਟ ਪ੍ਰਸਤ ਨੀਤੀਆਂ ਨੂੰ ਛੱਜ ਵਿੱਚ ਪਾਕੇ ਛੱਟਿਆ।
ਇਸ ਤੋਂ ਪਹਿਲਾਂ ਅੱਜ ਸਵੇਰੇ ਇਹ ਕਿਸਾਨ ਅਤੇ ਕਿਸਾਨ ਔਰਤਾਂ ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਹੇਠ ਡੱਬਵਾਲੀ ਸੜਕ ਤੇ ਪਿੰਡ ਗੁਰੂਸਰ ਸੈਣੇਵਾਲਾ ਕੋਲ ਇਕੱਠੇ ਹੋਏ ਅਤੇ ਸੜਕ ਤੇ ਜਾਮ ਲਾਇਆ ਜਿਸ ਦੇ ਸਿੱਟੇ ਵਜੋਂ ਠੱਪ ਹੋਈ ਆਵਾਜਾਈ ਕਾਰਨ ਸੜਕ ਤੇ ਸਫਰ ਕਰਨ ਵਾਲਿਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸੇ ਦੌਰਾਨ ਕਿਸਾਨਾਂ ਦੇ ਰੋਹ ਨੇ ਬਾਅਦ ਦੁਪਹਿਰ ਸਾਢੇ ਤਿੰਨ ਵਜੇ ਚੱਲਕੇ ਬਠਿੰਡਾ ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਡਿਪਟੀ ਕਮਿਸ਼ਨਰ ਦਫਤਰ ਅੱਗੇ ਐਲਾਨ ਕੀਤਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਤੇ ਧੱਕੇ ਨਾਲ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ ਭਾਵੇਂ ਇਸ ਲਈ ਕਿੰਨੀਆਂ ਹੀ ਕੁਰਬਾਨੀਆਂ ਦੇਣੀਆਂ ਪੈਣ ।
ਅੱਜ ਧਰਨੇ ਦੌਰਾਨ ਸੰਬੋਧਨ ਕਰਦਿਆਂ ਸੂਬਾ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ,ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਅਤੇ ਜ਼ਿਲ੍ਹਾ ਮੁਕਤਸਰ ਦੇ ਜ਼ਿਲ੍ਹਾ ਆਗੂ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਸਾਮਰਾਜੀ ਤੇ ਸਰਮਾਏਦਾਰ ਕੰਪਨੀਆਂ ਦੇ ਹਿੱਤਾਂ ਵਿੱਚ ਭੁਗਤਦਿਆਂ ਕਿਸਾਨਾਂ ਦੀਆਂ ਜ਼ਮੀਨਾਂ ਦਾ ਉਜਾੜਾ ਕਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਕੰਪਨੀਆਂ ਦੇ ਮੁਨਾਫ਼ਿਆਂ ਵਿੱਚ ਵਾਧਾ ਕਰਨ ਲਈ ਉਨ੍ਹਾਂ ਦੇ ਮਾਲ ਦੀ ਢੋਆ ਢੁਆਈ ਵਾਸਤੇ ਕਿਸਾਨਾਂ ਨੂੰ ਜ਼ਮੀਨਾਂ ਤੋਂ ਉਜਾੜ ਕੇ ਧੱਕੇ ਨਾਲ ਚੌੜੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਮੁਆਵਜ਼ਾ ਵੀ ਬਿਲਕੁਲ ਨਿਗੂਣਾ ਦਿੱਤਾ ਜਾ ਰਿਹਾ ਹੈ ।
ਉਨ੍ਹਾਂ ਕਿਹਾ ਕਿ ਇਨ੍ਹਾਂ ਚੌੜੀਆਂ ਸੜਕਾਂ ਦੇ ਦੋਵੇਂ ਪਾਸੇ ਵਾਲੇ ਕਿਸਾਨਾਂ ਨੂੰ ਖੇਤਾਂ ’ਚ ਪਾਣੀ ਲਾਉਣ ਅਤੇ ਖੇਤੀ ਕਰਨ ਲਈ ਰਾਹ ਅਤੇ ਪਹੀਆਂ ਬੰਦ ਕੀਤੀਆਂ ਜਾ ਰਹੀਆਂ ਹਨ ਜਿਸ ਕਾਰਨ ਕਿਸਾਨਾਂ ਨੂੰ ਸੜਕਾਂ ਦੇ ਇਕ ਤੋਂ ਦੂਜੇ ਪਾਸੇ ਖੇਤਾਂ ਚ ਜਾਣ ਲਈ ਲੰਮਾ ਸਫ਼ਰ ਤੈਅ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਸਿਰਫ ਬਠਿੰਡਾ ’ਚ ਹੀ ਨਹੀਂ ਇਸੇ ਤਰ੍ਹਾਂ ਹੀ ਦਿੱਲੀ ਕਟੜਾ ਸੜਕ ਚੌੜੀ ਸੜਕ ਦੇ ਮਾਮਲੇ ’ਚ ਲੁਧਿਆਣਾ ਜ਼ਿਲ੍ਹੇ ’ਚ ਵੀ ਕਿਸਾਨਾਂ ਤੇ ਲਾਠੀਚਾਰਜ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਰਾਮਾਂ ਮੰਡੀ ਦੇ ਨੇੜੇ 2010 ਵਿੱਚ ਪੈਟਰੋਕੈਮੀਕਲਜ਼ ਦੇ ਨਾਂ ਹੇਠ ਪਲਾਨ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ 41 ਪਿੰਡਾਂ ਦੀ 1,37,500 ਏਕੜ ਜ਼ਮੀਨ ਵਿੱਚ ਪੈਟਰੋ ਕੈਮੀਕਲ ਤੇ ਹੋਰ ਵੱਖ ਵੱਖ ਤਰ੍ਹਾਂ ਦੀਆਂ ਫੈਕਟਰੀਆਂ ਲਾਈਆਂ ਜਾਣਗੀਆਂ ਜਿਹਨਾਂ ਵਿੱਚ ਕਾਰਪੋਰੇਟ ਕੰਪਨੀਆਂ ਦਾ ਮਾਲ ਦੀ ਢੋਆ ਢੁਆਈ ਲਈ ਇਹ ਸੜਕ ਬਣਾਈ ਜਾ ਰਹੀ ਹੈ ਇਸ ਲਈ ਇਹ ਮਸਲਾ 12-15ਪਿੰਡਾਂ ਦਾ ਨਾ ਹੋਕੇ ਪੂਰੇ ਕਿਰਤੀ ਲੋਕਾਂ ਦਾ ਹੈ। ਔਰਤ ਆਗੂ ਕਰਮਜੀਤ ਕੌਰ ਲਹਿਰਾਖਾਨਾ ਨੇ ਕਿਹਾ ਕਿ ਧੱਕੇ ਨਾਲ ਜ਼ਮੀਨਾਂ ਰੋਕਣ ਵਿਰੁੱਧ ਔਰਤਾਂ ਦੀ ਵੱਡੀ ਪੱਧਰ ਤੇ ਸ਼ਮੂਲੀਅਤ ਕਰਵਾਈ ਜਾਵੇ । ਉਨ੍ਹਾਂ ਕਿਹਾ ਕਿ ਮਰਦਾਂ ਦੇ ਝੋਨੇ ਦਾ ਸੀਜਨ ਕਾਰਨ ਖੇਤਾਂ ’ਚ ਉਲਝੇ ਹੋਣ ਕਾਰਨ ਸੰਘਰਸ ਵਿੱਚ ਔਰਤਾਂ ਬਰਾਬਰ ਦਾ ਯੋਗਦਾਨ ਪਾਉਣਗੀਆਂ ।
ਉਨ੍ਹਾਂ ਔਰਤਾਂ ਨੂੰ ਅਪੀਲ ਵੀ ਕੀਤੀ ਕਿ ਉਹ ਜ਼ਮੀਨਾਂ ਅਤੇ ਬਚਿਆਂ ਦਾ ਭਵਿੱਖ ਬਚਾਉਣ ਲਈ ਵੱਧ ਤੋਂ ਵੱਧ ਸੰਘਰਸ਼ ਵਿਚ ਆਉਣ। ਅੱਜ ਬਠਿੰਡਾ ਜਿਲ੍ਹੇ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਮਾਨਸਾ ਜ਼ਿਲੇ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਝੱਬਰ ਅਤੇ ਮੁਕਤਸਰ ਜਿਲ੍ਹੇ ਦੇ ਆਗੂ ਹਰਬੰਸ ਸਿੰਘ ਕੋਟਲੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਇਸ ਹਮਲੇ ਨੂੰ ਰੋਕਣ ਲਈ ਤੱਤਪਰ ਤਿਆਰ ਰਹਿਣ । ਆਗੂਆਂ ਨੇ ਲਾਠੀਚਾਰਜ ਦੌਰਾਨ ਜਿਸ ਕਿਸਾਨ ਦਾ ਚੂਲਾ ਤੋੜ ਦਿੱਤਾ ਸੀ ਉਸ ਦਾ ਸਾਰਾ ਇਲਾਜ ਹੱਡੀਆਂ ਦੇ ਮਾਹਰ ਡਾਕਟਰ ਤੋਂ ਸਰਕਾਰੀ ਖਰਚੇ ਤੇ ਕਰਾਉਣ ਦੀ ਮੰਗ ਕੀਤੀ ।