ਮਜ਼ਦੂਰਾਂ ਨੇ ਰੋਸ ਮੁਜ਼ਾਹਰਾ ਕਰਕੇ ਨਗਰ ਕੌਂਸਲ ਦਫ਼ਤਰ ਸੁਨਾਮ ਅੱਗੇ ਲਗਾਇਆ ਧਰਨਾ
ਦਲਜੀਤ ਕੌਰ ਭਵਾਨੀਗੜ੍ਹ ,ਬਾਬੂਸ਼ਾਹੀ ਨੈਟਵਰਕ
ਸੁਨਾਮ ਊਧਮ ਸਿੰਘ ਵਾਲਾ, 28, ਜੂਨ, 2022: ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੀ ਅਗਵਾਈ ਹੇਠ ਅੱਜ ਪਲਾਟਾਂ ਦੀ ਪ੍ਰਾਪਤੀ ਲਈ ਸੁਨਾਮ ਸ਼ਹਿਰ ਵਿਚ ਸੈਂਕੜਿਆਂ ਦੀ ਗਿਣਤੀ ਵਿੱਚ ਮਜ਼ਦੂਰਾਂ ਨੇ ਰੋਸ ਮੁਜ਼ਾਹਰਾ ਕਰਕੇ ਨਗਰ ਕੌਂਸਲ ਦਫ਼ਤਰ ਸੁਨਾਮ ਅੱਗੇ ਧਰਨਾ ਲਗਾਇਆ ਗਿਆ। ਪ੍ਰੈੱਸ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਅਤੇ ਜਗਦੀਪ ਸਿੰਘ ਨੇ ਕਿਹਾ ਕਿ ਸੁਨਾਮ ਸ਼ਹਿਰ ਦੇ ਮਜ਼ਦੂਰ ਪਿਛਲੇ ਕਈ ਮਹੀਨਿਆਂ ਤੋਂ ਪਲਾਟਾਂ ਦੀ ਪ੍ਰਾਪਤੀ ਦੇ ਲਈ ਮੰਗ ਕਰ ਰਹੇ ਸਨ ਜਿਸ ਸਬੰਧੀ ਮਜ਼ਦੂਰ ਪਹਿਲਾਂ ਨਗਰ ਕੌਂਸਲ ਦੇ ਈ ਓ ਨੂੰ ਮੰਗ ਪੱਤਰ ਵੀ ਦੇ ਚੁੱਕੇ ਸਨ ਪਰ ਅਜੇ ਤੱਕ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ ਸੀ ਕੁਝ ਦਿਨ ਪਹਿਲਾਂ ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਵੱਲੋਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਲਾਟਾਂ ਦੇ ਮਸਲੇ ਸਬੰਧੀ ਅੱਜ ਮੀਟਿੰਗ ਲਈ ਬੁਲਾਇਆ ਸੀ, ਪਰ ਅੱਜ ਉਨ੍ਹਾਂ ਵੱਲੋਂ ਆਪਣੇ ਕੰਮਾ ਦੇ ਰੁਝੇਵਿਆਂ ਨੂੰ ਦੇਖਦੇ ਹੋਏ ਮੌਕੇ ਤੇ ਜਵਾਬ ਦੇ ਦਿੱਤਾ ਗਿਆ।ਜਿਸ ਦੇ ਰੋਸ ਵਜੋਂ ਮਜ਼ਦੂਰਾਂ ਵੱਲੋਂ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕਰ ਕੇ ਨਗਰ ਕੌਂਸਲ ਦੇ ਦਫਤਰ ਅੱਗੇ ਧਰਨਾ ਲਗਾਇਆ ਗਿਆ, ਜਿਸ ਤੋਂ ਬਾਅਦ ਨਗਰ ਕੌਂਸਲ ਦੇ ਪ੍ਰਧਾਨ ਵੱਲੋਂ ਮਜ਼ਦੂਰਾਂ ਨੂੰ ਵੀਰਵਾਰ ਨੂੰ ਸਵੇਰੇ 10 ਵਜੇ ਦਾ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ।
ਅਖੀਰ ਉਪਰ ਆਗੂਆਂ ਨੇ ਕਿਹਾ ਕਿ ਜੇਕਰ ਮਜ਼ਦੂਰਾਂ ਦੇ ਇਸ ਮਸਲੇ ਦਾ ਕੋਈ ਹੱਲ ਨਹੀਂ ਕੱਢਿਆ ਜਾਵੇਗਾ ਤਾਂ ਜਥੇਬੰਦੀ ਵੱਲੋਂ ਇਸ ਮਸਲੇ ਤੇ ਵਿਸ਼ਾਲ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਜਸਪਾਲ ਸਿੰਘ, ਕਾਲੀ ਸਿੰਘ, ਅਮਰਜੀਤ ਕੌਰ, ਰਾਣੀ ਕੌਰ, ਮੁਖਤਿਆਰ ਕੌਰ ਆਦਿ ਸ਼ਾਮਿਲ ਸਨ।