ਰੂਪਨਗਰ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦੌਰਾਨ 7 ਪ੍ਰਾਰਥੀਆਂ ਦੀ ਕੀਤੀ ਗਈ ਚੋਣ
ਹਰੀਸ਼ ਕਾਲੜਾ
ਰੂਪਨਗਰ,28 ਜੂਨ 2022: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਾ: ਪ੍ਰੀਤੀ ਯਾਦਵ, ਆਈ.ਏ.ਐਸ, ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਡੀ.ਬੀ.ਈ.ਈ. ਦੀ ਰਹਿਨੁਮਾਈ ਹੇਠ ਅਤੇ ਡਾ: ਨਿੱਧੀ ਕੁਮਧ ਬਾਂਬਾ, ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਸੀ.ਈ.ਓ. ਡੀ.ਬੀ.ਈ.ਈ. ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾਂਦਾ ਹੈ।
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਹਰਬਲ ਹੈਲਥ ਪ੍ਰਾਈਵੇਟ ਲਿਮੀਟਡ ਦੇ ਨਿਯੋਜਕਾਂ ਵੱਲੋਂ ਵੈਲਨੈਸ ਐਡਵਾਈਜ਼ਰ ਦੀਆਂ ਅਸਾਮੀਆਂ ਲਈ ਬੇਰੋਜ਼ਗਾਰ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ। ਇਨ੍ਹਾਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਵਿਦਿਅਕ ਯੋਗਤਾ ਬਾਰਵ੍ਹੀ ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਪਾਸ ਰੱਖੀ ਗਈ ਸੀ। ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਵੱਲੋਂ ਹਿੱਸਾ ਲਿਆ ਗਿਆ। ਇਸ ਕੈਂਪ ਵਿੱਚ 10 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ ਅਤੇ 7 ਪ੍ਰਾਰਥੀਆਂ ਦੀ ਮੌਕੇ ਤੇ ਹੀ ਚੋਣ ਕੀਤੀ ਗਈ।
ਮੀਨਾਕਸ਼ੀ ਬੇਦੀ, ਪਲੇਸਮੈਂਟ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਜਿਲ੍ਹਾ ਬਿਊਰੋ ਵਿਖੇ ਹਰ ਹਫਤੇ 2 ਪਲੇਸਮੈਂਟ ਕੈਂਪ ਆਯੋਜਿਤ ਕੀਤੇ ਜਾਂਦੇ ਹਨ ਅਤੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਅਪੀਲ ਕੀਤੀ ਗਈ ਕਿ ਆਪਣੀ ਯੋਗਤਾ ਦੇ ਅਨੁਸਾਰ ਲਗਾਏ ਜਾਣ ਵਾਲੇ ਪਲੇਸਮੈਂਟ ਕੈਂਪਾਂ ਵਿੱਚ ਹਿੱਸਾ ਲੈ ਕੇ ਰੋਜ਼ਗਾਰ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਅਸਾਮੀਆਂ ਸਬੰਧੀ ਜਾਣਕਾਰੀ ਐਨ.ਸੀ.ਐਸ ਪੋਰਟਲ ਤੇ ਅਪਲੋਡ ਕੀਤੀ ਜਾਂਦੀ ਹੈ, ਤਾਂ ਜੋ ਪ੍ਰਾਰਥੀ ਸਮੇਂ ਸਿਰ ਆਪਣੀ ਯੋਗਤਾ ਦੇ ਅਨੁਸਾਰ ਇਨ੍ਹਾਂ ਕੈਂਪਾਂ ਵਿੱਚ ਹਿੱਸਾ ਲੈ ਸਕਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਨੌਜਵਾਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਦੇ ਹੈਲਪਲਾਈਨ ਨੰਬਰ 85570-10066 ਤੇ ਸੰਪਰਕ ਕਰ ਸਕਦੇ ਹਨ।