ਵੱਡੀ ਖ਼ਬਰ: ਏਕਨਾਥ ਸ਼ਿੰਦੇ ਹੋਣਗੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ
ਮੁੰਬਈ, 30 ਜੂਨ 2022 - ਏਕਨਾਥ ਸ਼ਿੰਦੇ ਮਹਾਰਾਸ਼ਟਰ ਦੇ ਅਗਲੇ ਨਵੇਂ ਮੁੱਖ ਮੰਤਰੀ ਹੋਣਗੇ। ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਖੁਦ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਇਸ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਸ਼ਿੰਦੇ ਦਾ ਸਮਰਥਨ ਕਰੇਗੀ।
ਦੱਸ ਦਈਏ ਕਿ ਮਹਾਰਾਸ਼ਟਰ ‘ਚ ਸਿਆਸੀ ਸੰਕਟ ਵਿਚਾਲੇ ਊਧਵ ਠਾਕਰੇ ਨੇ ਬੁੱਧਵਾਰ ਦੇਰ ਰਾਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਅੱਜ ਦੇਵੇਂਦਰ ਫੜਨਵੀਸ ਅਤੇ ਏਕਨਾਥ ਸ਼ਿੰਦੇ ਵਿਚਾਲੇ ਅਹਿਮ ਮੀਟਿੰਗ ਹੋਈ। ਏਕਨਾਥ ਸ਼ਿੰਦੇ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।
ਭਾਜਪਾ ਆਗੂ ਦੇਵੇਂਦਰ ਫੜਨਵੀਸ ਨੇ ਏਕਨਾਥ ਸ਼ਿੰਦੇ ਨਾਲ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਕਿ ਏਕਨਾਥ ਸ਼ਿੰਦੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਹੋਣਗੇ। ਸਹੁੰ ਚੁੱਕ ਸਮਾਗਮ ਅੱਜ ਸ਼ਾਮ 7.30 ਵਜੇ ਹੋਵੇਗਾ।