ਡਿਪਟੀ ਕਮਿਸ਼ਨਰ ਨੇ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦਾ ਲਿਆ ਜਾਇਜ਼ਾ
ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕ ਦਾ ਕੰਮ ਤੈਅ ਸਮਾਂ ਸੀਮਾ ਅੰਦਰ ਮੁਕੰਮਲ ਕਰਨ ਦੀ ਦਿੱਤੀ ਹਦਾਇਤ
ਮੁਹੰਮਦ ਇਸਮਾਈਲ ਏਸ਼ੀਆ
ਮਲੇਰਕੋਟਲਾ 09 ਅਗਸਤ :2022: ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਪਿਛਲੇ ਦਿਨੀਂ ਮਾਲੇਰਕੋਟਲਾ ਦੇ ਲਾਲ ਬਜ਼ਾਰ ਨੇੜੇ ਯੂ.ਪੀ.ਐਚ.ਸੀ.-01 ਅਤੇ ਪੁਰਾਣੀ ਤਹਿਸੀਲ ਕੰਪਲੈਕਸ ਵਿਖੇ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾਕਟਰ ਮੁਕੇਸ਼ ਚੰਦਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਬਿੰਦੂ ਨਲਵਾ, ਐਸ.ਡੀ.ਓ ਪੀ.ਡਬਲਿਊ.ਡੀ ਇੰਜ. ਬੀਰ ਦਵਿੰਦਰ ਸਿੰਘ, ਇੰਜ ਬਲਪ੍ਰੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਹਿਲੇ ਪੜਾਅ ਅਧੀਨ ਸਮੁੱਚੇ ਪੰਜਾਬ ਵਿੱਚ ਅਜਿਹੇ 75 ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ ਜੋ ਕਿ 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਲੋਕਾਂ ਸਮਰਪਿਤ ਕੀਤੇ ਜਾਣਗੇ । ਇਨ੍ਹਾਂ ਵਿੱਚੋਂ ਪਹਿਲੇ ਪੜਾਅ ਅਧੀਨ ਦੋ ਆਮ ਆਦਮੀ ਕਲੀਨਿਕ ਮਾਲੇਰਕੋਟਲਾ ਵਿਖੇ ਸਥਾਪਿਤ ਕੀਤੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਸਮੁੱਚੇ ਪੰਜਾਬ ਵਿੱਚ ਸਾਰੇ ਆਮ ਆਦਮੀ ਕਲੀਨਿਕ ਇੱਕੋ ਤਰਜ਼ ਉੱਤੇ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਡਾਕਟਰ ਦਾ ਕਮਰਾ, ਰਿਸੈਪਸ਼ਨ-ਕਮ-ਵੇਟਿੰਗ ਏਰੀਆ, ਫਾਰਮੇਸੀ ਦੇ ਨਾਲ-ਨਾਲ ਸਟਾਫ਼ ਤੇ ਮਰੀਜ਼ਾਂ ਲਈ ਵੱਖਰੇ ਪਖਾਨਿਆਂ ਵਰਗੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਹੋਣਗੇ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਮ ਆਦਮੀ ਕਲੀਨਿਕ ਦਾ ਕੰਮ ਤੈਅ ਸਮਾਂ ਸੀਮਾ ਅੰਦਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ । ਕੰਮ ਦੀ ਮਿਆਰ ਵਿੱਚ ਕਿਸੇ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ । ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕੰਮ ਦੀ ਗੁਣਵੰਣਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ।
ਉਨ੍ਹਾਂ ਕਿਹਾ ਕਿ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਨਾਲ ਲੈਸ ਇਹ ਕਲੀਨਿਕ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰਨਗੇ । ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਦੇ ਇਲਾਜ ਅਤੇ ਬਿਮਾਰੀਆਂ ਦਾ ਪਤਾ ਲਾਉਣ ਲਈ ਐਮ.ਬੀ.ਬੀ.ਐਸ. ਡਾਕਟਰ, ਫਾਰਮਾਸਿਸਟ, ਤੋਂ ਇਲਾਵਾ ਹੋਰਾਂ ਸਟਾਫ਼ ਤਾਇਨਾਤ ਕੀਤਾ ਜਾਵੇਗਾ । ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 100 ਕਲੀਨੀਕਲ ਟੈੱਸਟਾਂ ਨਾਲ 41 ਪੈਕੇਜ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ।