ਸਿਵਲ ਸਰਜਨ ਡਾ. ਰਮਨ ਸ਼ਰਮਾ ਸਿਵਲ ਹਸਪਤਾਲ ਦਾ ਦੌਰਾ ਕਰਦੇ ਹੋਏ
ਦੀਦਾਰ ਗੁਰਨਾ
ਜਲੰਧਰ 11 ਅਗਸਤ : ਸਿਵਲ ਸਰਜਨ ਡਾ. ਰਮਨ ਸ਼ਰਮਾ ਅਤੇ ਮੈਡੀਕਲ ਸੁਪਰਡੈਂਟ ਡਾ. ਰਾਜੀਵ ਸ਼ਰਮਾ ਵੱਲੋਂ ਸਿਵਲ ਹਸਪਤਾਲ ਜਲੰਧਰ ਦੇ ਮੋਰਚਰੀ, ਐਮਰਜੈਂਸੀ ਵਾਰਡ ਅਤੇ ਕ੍ਰਸਨਾ ਲੈਬ 'ਚ ਸਿਹਤ ਸੇਵਾਵਾਂ ਦਾ ਜਾਇਜਾ ਲਿਆ ਗਿਆ , ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਮੋਰਚਰੀ 'ਚ ਤੈਨਾਤ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਪੋਸਟਮਾਰਟਮ ਪ੍ਰਕਿਰਿਆ ਦੌਰਾਨ ਮ੍ਰਿਤਕ ਦੇ ਸੰਬੰਧੀਆਂ ਨਾਲ ਨਰਮੀ ਭਰਿਆ ਰਵੱਈਆ ਰੱਖਿਆ ਜਾਵੇ , ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਲਈ ਇਹ ਸਮਾਂ ਬਹੁਤ ਹੀ ਸੰਵੇਦਨਸ਼ੀਲ ਹੁੰਦਾ ਹੈ, ਇਸ ਲਈ ਪੋਸਟਮਾਰਟਮ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਨਾ ਵਰਤੀ ਜਾਵੇ , ਉਨ੍ਹਾਂ ਕਿਹਾ ਕਿ ਇਸ ਸੰਬੰਧ ਵਿੱਚ ਕੋਈ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਇਸ ਦੌਰਾਨ ਸਿਵਲ ਸਰਜਨ ਡਾ. ਰਮਨ ਸ਼ਰਮਾ ਅਤੇ ਐਮ.ਐਸ. ਡਾ. ਰਾਜੀਵ ਸ਼ਰਮਾ ਵੱਲੋਂ ਕ੍ਰਸਨਾ ਡਾਇਗਨੋਸਟਿਕ ਸੈਂਟਰ ਵਿਖੇ ਜਾ ਕੇ ਲੈਬ ਵੱਲੋਂ ਦਿੱਤੀਆਂ ਜਾ ਰਹੀਆਂ ਡਾਇਗਨੋਸਟਿਕ ਸੇਵਾਵਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਵੱਲੋਂ ਲੈਬ ਵਿੱਚ ਮਰੀਜ ਦੇ ਆਉਣ ਤੋਂ ਲੈ ਕੇ ਪੂਰੀ ਪ੍ਰਕਿਰਿਆ ਮੁਕੰਮਲ ਹੋਣ ਤੱਕ ਦੇ ਵੇਰਵੇ ਬਾਰੇ ਜਾਣਕਾਰੀ ਲਈ ਗਈ , ਲਾਈਨ ਵਿੱਚ ਖੜੇ ਲੈਬ ਟੈਸਟ ਕਰਵਾਉਣ ਆਏ ਮਰੀਜਾਂ ਤੋਂ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾ ਬਾਰੇ ਪੁੱਛਿਆ ਗਿਆ , ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਇਲਾਜ ਲਈ ਆਏ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਕੋਵਿਡ ਲਹਿਰ ਦੇ ਮੱਦੇਨਜਰ ਅਤੇ ਹੋਰ ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ 'ਤੇ ਜਾਰੀ ਹੋਣ ਵਾਲਿਆਂ ਗਾਈਡਲਾਈਨਸ ਦਾ ਪਾਲਨ ਕਰਨ ਲਈ ਪ੍ਰੇਰਿਤ ਕੀਤਾ ਗਿਆ
ਸਿਵਲ ਸਰਜਨ ਡਾ. ਰਮਨ ਸ਼ਰਮਾ ਅਤੇ ਐਮ.ਐਸ. ਡਾ. ਰਾਜੀਵ ਸ਼ਰਮਾ ਵੱਲੋਂ ਸਿਵਲ ਹਸਪਤਾਲ ਵਿਖੇ ਐਮਰਜੈਂਸ਼ੀ ਵਾਰਡ ਦਾ ਦੌਰਾ ਵੀ ਕੀਤਾ ਗਿਆ , ਉਨ੍ਹਾਂ ਵੱਲੋਂ ਐਮਰਜੈਂਸੀ ਵਾਰਡ ਵਿੱਚ ਦਾਖਲ ਮਰੀਜਾਂ ਅਤੇ ਇਲਾਜ ਲਈ ਆਉਣ ਵਾਲੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਿਹਤ ਸਮੱਸਿਆਵਾਂ ਬਾਰੇ ਜਾਣਕਾਰੀ ਲੈਂਦੇ ਹੋਏ ਸਿਹਤ ਸਟਾਫ ਨੂੰ ਬਜੁਰਗਾਂ ਅਤੇ ਗੰਭੀਰ ਬਿਮਾਰੀਆਂ ਨਾਲ ਪੀੜਤ ਮਰੀਜਾਂ ਨੂੰ ਪਹਿਲ ਦੇ ਆਧਾਰ 'ਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਹਦਾਇਤ ਕੀਤੀ ਗਈ , ਉਨ੍ਹਾਂ ਵੱਲੋਂ ਐਮਰਜੈਂਸੀ ਵਾਰਡ ਵਿਖੇ ਲੋੜੀਦੀਆਂ ਦਵਾਈਆਂ ਅਤੇ ਰੱਖ-ਰਖਾਵ ਦਾ ਨਿਰੀਖਣ ਕੀਤਾ ਗਿਆ ਅਤੇ ਸਟਾਫ ਨੂੰ ਜਰੂਰੀ ਹਦਾਇਤਾਂ ਦਿੱਤੀਆਂ ਗਈਆਂ