ਗੈਂਗਸਟਰ ਲਾਰੈਂਸ ਬਿਸ਼ਨੋਈ ਫਰੀਦਕੋਟ ਦੀ ਅਦਾਲਤ 'ਚ ਪੇਸ਼, ਟਰਾਂਜ਼ਿਟ ਰਿਮਾਂਡ 'ਤੇ ਬਟਾਲਾ ਪੁਲਸ ਹਵਾਲੇ
- ਕੋਟਕਪੂਰਾ ਦੇ ਵਪਾਰੀ ਤੋਂ 50 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੋ ਦਿਨ ਦੇ ਰਿਮਾਂਡ ਤੋਂ ਬਾਅਦ ਫਰੀਦਕੋਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ।
ਦੀਪਕ ਗਰਗ
ਫਰੀਦਕੋਟ 12 ਅਗਸਤ 2022 - ਫਰੀਦਕੋਟ ਦੀ ਜੇਐਮਆਈਸੀ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ’ਤੇ ਬਟਾਲਾ ਪੁਲੀਸ ਹਵਾਲੇ ਕਰ ਦਿੱਤਾ ਹੈ। ਕੋਟਕਪੂਰਾ ਦੇ ਇੱਕ ਕੱਪੜਾ ਵਪਾਰੀ ਤੋਂ 50 ਲੱਖ ਰੁਪਏ ਦਾ ਚੌਥਾ ਮੰਗਣ ਦੇ ਮਾਮਲੇ ਵਿੱਚ ਫਰੀਦਕੋਟ ਪੁਲਿਸ ਨੇ ਗੈਂਗਸਟਰ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਲਿਆ ਹੈ। ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਉਸ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਬਟਾਲਾ ਜ਼ਿਲੇ 'ਚ ਉਸ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਬਟਾਲਾ ਪੁਲਸ ਨੇ ਉਸ ਨੂੰ ਰਿਮਾਂਡ 'ਤੇ ਸੌਂਪਣ ਦੀ ਬੇਨਤੀ ਕੀਤੀ। ਇਸ ਮਗਰੋਂ ਅਦਾਲਤ ਨੇ ਲਾਰੈਂਸ ਨੂੰ ਟਰਾਂਜ਼ਿਟ ਰਿਮਾਂਡ ’ਤੇ ਬਟਾਲਾ ਪੁਲੀਸ ਹਵਾਲੇ ਕਰ ਦਿੱਤਾ। ਹੁਣ ਮੁਲਜ਼ਮ ਨੂੰ ਬਟਾਲਾ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ’ਤੇ ਲਿਆ ਜਾਵੇਗਾ।
ਜਾਣਕਾਰੀ ਅਨੁਸਾਰ ਦੋ ਦਿਨ ਪਹਿਲਾਂ ਫਰੀਦਕੋਟ ਪੁਲਿਸ ਦੀ ਟੀਮ ਨੇ ਸਾਲ 2021 ਦੇ ਵਪਾਰੀ ਤੋਂ 50 ਲੱਖ ਚੌਥ ਮੰਗਣ ਦੇ ਮਾਮਲੇ 'ਚ ਦੋਸ਼ੀ ਨੂੰ ਮੋਗਾ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆ ਕੇ ਉਸੇ ਦਿਨ ਅਦਾਲਤ 'ਚ ਪੇਸ਼ ਕੀਤਾ ਸੀ | ਨੂੰ ਰਿਮਾਂਡ 'ਤੇ ਲਿਆ ਗਿਆ ਸੀ। ਸ਼ੁੱਕਰਵਾਰ ਨੂੰ ਫਰੀਦਕੋਟ ਪੁਲਸ ਨੇ ਦੋਸ਼ੀ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਅਦਾਲਤ 'ਚ ਪੇਸ਼ ਕੀਤਾ ਅਤੇ ਅਦਾਲਤ ਨੇ ਉਸ ਨੂੰ ਪ੍ਰੋਡਕਸ਼ਨ ਵਾਰੰਟ ਦੇ ਆਧਾਰ 'ਤੇ ਟਰਾਂਜ਼ਿਟ ਰਿਮਾਂਡ 'ਤੇ ਬਟਾਲਾ ਪੁਲਸ ਦੇ ਹਵਾਲੇ ਕਰ ਦਿੱਤਾ।
ਲਾਰੈਂਸ ਖ਼ਿਲਾਫ਼ ਫ਼ਰੀਦਕੋਟ ਜ਼ਿਲ੍ਹੇ ਵਿੱਚ ਦੋ ਕੇਸ ਦਰਜ ਹਨ। ਇਸ ਵਿੱਚੋਂ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਪਹਿਲਵਾਨ ਦੇ ਕਤਲ ਕੇਸ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਗ੍ਰਿਫ਼ਤਾਰੀ ’ਤੇ ਸਟੇਅ ਆਰਡਰ ਹੋਣ ਕਾਰਨ ਉਸ ਤੋਂ ਪੁੱਛਗਿੱਛ ਨਹੀਂ ਹੋ ਸਕੀ। ਡੀਐਸਪੀ ਗੁਰਮੀਤ ਸਿੰਘ ਅਨੁਸਾਰ ਵਪਾਰੀ ਤੋਂ 50 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਲਾਰੈਂਸ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ ਅਤੇ ਅਦਾਲਤ ਨੇ ਮੁਲਜ਼ਮ ਨੂੰ ਹੁਣ ਬਟਾਲਾ ਪੁਲੀਸ ਦੇ ਹਵਾਲੇ ਕਰ ਦਿੱਤਾ ਹੈ।