ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਆਜ਼ਾਦੀ ਦਿਹਾੜੇ ਮੌਕੇ ਫ਼ਰੀਦਕੋਟ ਵਿਖੇ ਲਹਿਰਾਇਆ ਕੌਮੀ ਝੰਡਾ
ਕੈਬਨਿਟ ਮੰਤਰੀ ਨੇ ਪੰਜਾਬ ਨੂੰ ਅਨਪੜ੍ਹਤਾ, ਬੇਰੁਜ਼ਗਾਰੀ, ਅਪਰਾਧ ਅਤੇ ਨਸ਼ਿਆਂ ਤੋਂ ਮੁਕਤ ਕਰਨ ਲਈ ਲੋਕਾਂ ਨੂੰ ਸਰਗਰਮੀ ਨਾਲ ਸ਼ਮੂਲੀਅਤ ਕਰਨ ਦੀ ਕੀਤੀ ਅਪੀਲ
ਟੈਕਸ ਦੇਣ ਵਾਲਿਆਂ ਦਾ ਪੈਸਾ ਬਚਾਉਣ ਲਈ ਲਏ ਲੋਕ-ਕੇਂਦਰਿਤ ਫੈਸਲੇ, ਲੋਕ ਭਲਾਈ ਲਈ ਵਰਤਾਂਗੇ ਬਚਾਇਆ ਪੈਸਾ : ਫੌਜਾ ਸਿੰਘ ਸਰਾਰੀ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 15 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਅਨਪੜ੍ਹਤਾ, ਬੇਰੁਜ਼ਗਾਰੀ, ਅਪਰਾਧ ਅਤੇ ਨਸ਼ਿਆਂ ਤੋਂ ਮੁਕਤ ਕਰਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਬਾਗਬਾਨੀ, ਫੂਡ ਪ੍ਰੋਸੈਸਿੰਗ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਲੋਕਾਂ ਨੂੰ ਇਸ ਮਿਸ਼ਨ ਦੀ ਪ੍ਰਾਪਤੀ ਲਈ ਅੱਗੇ ਆਉਣ ਲਈ ਕਿਹਾ।
ਸੋਮਵਾਰ ਨੂੰ ਨਹਿਰੂ ਸਟੇਡੀਅਮ ਵਿਖੇ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੇ ਜਸ਼ਨ ਮਨਾਉਣ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਕੈਬਨਿਟ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਪੰਜ ਮਹੀਨਿਆਂ ਦੌਰਾਨ ਕੀਤੀਆਂ ਗਈਆਂ ਪਹਿਲਕਦਮੀਆਂ ਨੇ ਉਤਸ਼ਾਹਜਨਕ ਨਤੀਜੇ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ।
ਪਰੇਡ ਕਮਾਂਡਰ ਡੀ.ਐਸ.ਪੀ ਜਸਮੀਤ ਸਿੰਘ ਦੇ ਨਾਲ ਪਰੇਡ ਦਾ ਨਿਰੀਖਣ ਕਰਨ ਸਮੇਂ ਮੰਤਰੀ ਨਾਲ ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ.) ਡਾ. ਮਨਦੀਪ ਕੌਰ ਅਤੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਰਾਜਪਾਲ ਸਿੰਘ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਵੀ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਆਜ਼ਾਦੀ ਲਈ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਉਨ੍ਹਾਂ ਕਿਹਾ, ''ਮੈਂ ਉਸ ਪੰਜਾਬ ਦੀ ਕਾਮਨਾ ਕਰਦਾ ਹਾਂ ਜਿਸ ਦਾ ਸੁਪਨਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਸ਼ਹੀਦਾਂ ਨੇ ਦੇਖਿਆ ਸੀ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ।”
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਵੇਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸੱਤਾ ਵਿੱਚ ਆਏ ਕੁਝ ਮਹੀਨੇ ਹੀ ਹੋਏ ਹਨ ਪਰ ਟੈਕਸ ਦਾਤਾਵਾਂ ਦੇ ਪੈਸੇ ਬਚਾਉਣ ਲਈ ਪਹਿਲਾਂ ਹੀ ਬਹੁਤ ਸਾਰੇ ਲੋਕ-ਕੇਂਦਰਿਤ ਫੈਸਲੇ ਲਏ ਜਾ ਚੁੱਕੇ ਹਨ, ਜਿਨ੍ਹਾਂ ਨੂੰ ਜਨਤਾ ਦੀ ਭਲਾਈ ਲਈ ਹੀ ਵਰਤਿਆ ਜਾਵੇਗਾ।
ਉਨ੍ਹਾਂ ਨਵੀਂ ਬਣੀ ਪੰਜਾਬ ਸਰਕਾਰ ਦੇ ਇਤਿਹਾਸਕ ਫੈਸਲਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਹਰ ਬਿੱਲ 'ਤੇ 600 ਯੂਨਿਟ ਮੁਫਤ ਬਿਜਲੀ ਜਨਤਾ ਲਈ ਵੱਡੀ ਰਾਹਤ ਵਜੋਂ ਆਈ ਹੈ।
ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਹਰਿਆਵਲ ਵਧਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸ਼ਹੀਦ ਏ ਆਜ਼ਮ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਲੱਖਾਂ ਨਵੇਂ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਵੇਂ ਬੂਟਿਆਂ ਤੋਂ ਇਲਾਵਾ ਬੂਟਿਆਂ ਦੀ ਸਹੀ ਸੰਭਾਲ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਦੇ 200 ਤੋਂ ਵੱਧ ਸਕੂਲਾਂ ਵਿੱਚ 2300 ਫਲਦਾਰ ਬੂਟੇ ਵੀ ਲਗਾਏ ਗਏ ਹਨ।
ਆਜ਼ਾਦੀ ਦਿਵਸ ਸਮਾਗਮ ‘ਚ ਬੀਐਸਐਫ, ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼ ਦੇ ਜਵਾਨਾਂ ਅਤੇ ਕਈ ਸਕੂਲਾਂ ਦੀਆਂ ਟੁਕੜੀਆਂ ਨੇ ਵੀ ਪਰੇਡ ਵਿੱਚ ਹਿੱਸਾ ਲਿਆ। ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀਆਂ ਕਈ ਆਈਟਮਾਂ ਵੀ ਪੇਸ਼ ਕੀਤੀਆਂ ਜਿਨ੍ਹਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਮੰਤਰੀ ਨੇ ਸ਼ਾਨਦਾਰ ਸੱਭਿਆਚਾਰਕ ਆਈਟਮਾਂ ਪੇਸ਼ ਕਰਨ ਵਾਲੇ ਸਕੂਲਾਂ ਲਈ ਕੱਲ੍ਹ ਨੂੰ ਛੁੱਟੀ ਦਾ ਐਲਾਨ ਵੀ ਕੀਤਾ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਮੇਸ਼ ਕੁਮਾਰੀ, ਆਈਜੀ ਫਰੀਦਕੋਟ ਰੇਂਜ ਪਰਦੀਪ ਕੁਮਾਰ ਯਾਦਵ, ਜੈਤੋ ਤੋਂ ਵਿਧਾਇਕ ਅਮੋਲਕ ਸਿੰਘ, ਏ.ਡੀ.ਸੀ (ਵਿਕਾਸ) ਸ੍ਰੀ ਲਖਵਿੰਦਰ ਸਿੰਘ ਰੰਧਾਵਾ, ਐਸ.ਡੀ.ਐਮ ਫਰੀਦਕੋਟ ਮੈਡਮ ਬਲਜੀਤ ਕੌਰ, ਡੀ.ਆਰ.ਓ ਡਾ.ਅਜੀਤਪਾਲ ਸਿੰਘ
ਸਾਬਕਾ ਸੰਸਦ ਮੈਂਬਰ ਸਾਧੂ ਸਿੰਘ ਤੋਂ ਇਲਾਵਾ ਨਿਆਂਪਾਲਿਕਾ, ਪ੍ਰਸ਼ਾਸਨ ਅਤੇ ਪੁਲੀਸ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।