26 ਸਤੰਬਰ ਨੂੰ ਸੰਗਰੂਰ `ਚ ਰੈਲੀ ਕਰਨਗੇ ਐਨ.ਐਚ.ਐਮ ਕਰਮਚਾਰੀ
ਮੁੱਖ ਮੰਤਰੀ ਦੇ ਘਰ ਬਾਹਰ ਸੂਬਾ ਪਧਰੀ ਰੈਲੀ ਦਾ ਐਲਾਨ
ਬਲਵਿੰਦਰ ਸਿੰਘ ਧਾਲੀਵਾਲ ,ਬਾਬੂਸ਼ਾਹੀ ਨੈਟਵਰਕ
ਸੁਲਤਾਨਪੁਰ ਲੋਧੀ 23 ਸਤੰਬਰ 2022 ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਹੁਤ ਵਾਅਦੇ ਕੀਤੇ ਜਾ ਰਹੇ ਹਨ, ਪਰ ਸਿਹਤ ਸੇਵਾਵਾਂ ਦੇਣ ਵਾਲੇ ਨੈਸ਼ਨਲ ਹੈਲਥ ਮਿਸ਼ਨ ਦੇ ਠੇਕਾ ਮੁਲਾਜ਼ਮਾਂ ਤੋਂ ਪੰਜਾਬ ਸਰਕਾਰ ਕਿਨਾਰਾ ਕਰਦੀ ਨਜਰ ਆ ਰਹੀ ਹੈ। ਨੈਸ਼ਨਲ ਹੈਲਥ ਮਿਸ਼ਨ ਅਧੀਨ ਮੁਲਾਜ਼ਮ ਪਿੱਛਲੇ 15 ਸਾਲਾਂ ਤੋਂ ਕੰਮ ਕਰ ਰਹੇ ਹਨ, ਜਿਨ੍ਹਾਂ ਨਾਲ ਸਮੇਂ ਦੀਆਂ ਸਰਕਾਰਾਂ ਨੇ ਹਰ ਵਾਰ ਧੋਖਾ ਕੀਤਾ ਹੈ।ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਐਨ.ਐਚ.ਐਮ ਸਮੂਹ ਮੁਲਾਜ਼ਮਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਨੈਸ਼ਨਲ ਹੈਲਥ ਮਿਸ਼ਨ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ਤੇ ਪਹਿਲੀ ਕੈਬਨਿਟ ਵਿੱਚ ਹੀ ਯੋਗ ਪ੍ਰਣਾਲੀ ਰਾਹੀ ਭਰਤੀ ਹੋਏ ਸਮੂਹ ਐਨ.ਐਚ.ਐਮ ਮੁਲਾਜ਼ਮਾਂ (ਕਰੋਨਾ ਯੋਧਿਆਂ) ਨੂੰ ਪਹਿਲ ਦੇ ਅਧਾਰ ਤੇ ਰੈਗੂਲਰ ਕੀਤਾ ਜਾਵੇਗਾ, ਪਰੰਤੂ ਹੁਣ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਮੁੱਕਰਦੀ ਨਜਰ ਆ ਰਹੀ ਹੈ। ਜਿਸ ਦੇ ਵਿਰੋਧ ਵਿੱਚ ਰੋਸ ਵੱਜੋਂ ਸੂਬਾ ਕਮੇਟੀ ਵੱਲੋਂ ਸੂਬਾ ਭਰ ਦੇ 12000 ਸਿਹਤ ਮੁਲਾਜ਼ਮਾਂ ਦੀ ਇੱਕ ਵਿਸ਼ਾਲ ਸੂਬਾ ਪੱਧਰੀ ਰੈਲੀ ਮਿਤੀ 26 ਸਤੰਬਰ 2022 ਦਿਨ ਸੋਮਵਾਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਬਾਹਰ ਰੱਖੀ ਗਈ ਹੈ। ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਲਗਭਗ 12000 ਸਿਹਤ ਕਰਮਚਾਰੀ ਜਿਨ੍ਹਾਂ ਵਿੱਚ ਡਾਕਟਰ, ਏ.ਐਨ.ਐਮ ਸਟਾਫ਼ ਨਰਸਾਂ, ਆਯੂਸ਼, ਸੀ.ਐਚ.ਓ, ਆਰ.ਬੀ.ਐਸ.ਕੇ ਅਤੇ ਦਫ਼ਤਰੀ ਸਟਾਫ਼ ਪਿਛਲੇ ਪੰਦਰ੍ਹਾਂ ਸਾਲਾਂ ਤੋਂ ਬਹੁਤ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਆ ਰਹੇ ਹਨ।
ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਲੰਮੇਂ ਸਮੇਂ ਤੋਂ ਸੰਘਰਸ਼ ਕਰ ਰਹੇ ਸੂਬਾ ਭਰ ਦੇ ਸਮੂਹ ਨੈਸ਼ਨਲ ਹੈਲਥ ਮਿਸ਼ਨ ਮੁਲਾਜ਼ਮਾਂ ਵੱਲੋਂ ਪਿਛਲੇ ਹਫ਼ਤੇ ਵੀ ਮਿਤੀ 12 ਸਤੰਬਰ ਨੂੰ 12 ਤੋਂ 2 ਵਜੇ ਤੱਕ 2 ਘੰਟੇ ਲਈ ਮੁਕੱਮਲ ਤੌਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਅਤੇ ਰੋਸ ਪ੍ਰਦਰਸ਼ਨ ਕੀਤੇ ਗਏ ਸਨ। ਆਮ ਆਦਮੀ ਪਾਰਟੀ ਸਰਕਾਰ ਦੀ ਵਾਅਦਾ ਖਿਲਾਫ਼ੀ ਤੋਂ ਨਰਾਜ਼ ਆਪਣੇ ਰੋਸ ਪ੍ਰਦਰਸ਼ਨ ਦੇ ਤਹਿਤ ਅੱਜ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਖਿਲਾਫ਼ ਸੜਕਾਂ ਤੇ ਉਤਰਨ ਦਾ ਫੈਸਲਾ ਕੀਤਾ ਗਿਆ ਹੈ।