ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲਏ ਜਾ ਰਹੇ ਲੋਕਪੱਖੀ ਫੈਸਲਿਆਂ ਤੋਂ ਲੋਕ ਖੁਸ਼- ਵਿਧਾਇਕ ਸ਼ੈਰੀ ਕਲਸੀ
ਪੰਜਾਬ ਸਰਕਾਰ ਸੂਬੇ ਦੇ ਚਹੁਪੱਖੀ ਵਿਕਾਸ ਲਈ ਵਚਨਬੱਧ
ਰੋਹਿਤ ਗੁਪਤਾ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ 23 ਸਤੰਬਰ 2022- ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਹਿਜ 6 ਮਹੀਨਿਆਂ ਵਿੱਚ ਲਏ ਗਏ ਲੋਕਪੱਖੀ ਫੈਸਲਿਆਂ ਤੋਂ ਹਰੇਕ ਵਰਗ ਦੇ ਲੋਕ ਖੁਸ਼ ਹਨ ਪਰ ਵਿਰੋਧੀ ਪਾਰਟੀਆਂ, ਲੋਕ ਪੱਖੀ ਫੈਸਲਿਆਂ ਕਾਰਨ ਬੁਖਲਾਏ ਪਏ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ 100 ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿਥੇ ਮਰੀਜਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ 47 ਲੱਖ ਪਰਿਵਾਰਾਂ ਦਾ ਬਿੱਲ ਜੀਰੋ ਹੋ ਗਿਆ ਹੈ। ਬੇਰੁਜ਼ਗਾਰ ਨੋਜਵਾਨ ਲੜਕੇ-ਲੜਕੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ 20,000 ਨਵੀਆਂ ਨੋਕਰੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ 9,000 ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਗਿਆ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਆਪ ਸਰਕਾਰ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 1 ਕਰੋੜ ਰੁਪਏ ਮੁਹੱਈਆ ਕਰਵਾ ਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦੇ ਦੁੱਖ ਵਿੱਚ ਸ਼ਾਮਲ ਹੋਏ ਹਨ। ਉਨਾਂ ਅੱਗੇ ਦੱਸਿਆ ਕਿ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ 200 ਤੋਂ ਵੱਧ ਗਿ੍ਰਫਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਭ੍ਰਿਸ਼ਟਾਚਾਰ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਕੰਮ ਬੋਲਦਾ ਹੈ ਅਤੇ ਅੱਗੇ ਵੀ ਆਪ ਪਾਰਟੀ ਸਰਕਾਰ ਦਾ ਕੰਮ ਹੀ ਬੋਲੇਗਾ।