ਪੰਜਾਬ ਦੀਆਂ ਪੰਚਾਇਤਾਂ ਵੱਲੋਂ CM ਭਗਵੰਤ ਮਾਨ ਦੀ ਰਿਹਾਇਸ਼ ਸੰਗਰੂਰ ਵਿਖੇ ਰੋਸ ਧਰਨਾ ਅੱਜ 27 ਸਤੰਬਰ ਨੂੰ
ਦਲਜੀਤ ਕੌਰ ਭਵਾਨੀਗੜ੍ਹ,ਬਾਬੂਸ਼ਾਹੀ ਨੈਟਵਰਕ
ਸੰਗਰੂਰ, 27 ਸਤੰਬਰ, 2022: ਅੱਜ ਪੰਜਾਬ ਪੰਚਾਇਤ ਯੂਨੀਅਨ ਪੰਜਾਬ ਵੱਲੋਂ ਪੰਜਾਬ ਸਰਕਾਰ ਦੇ ਨਜ਼ਰਅੰਦਾਜ਼ ਕਰਨ ਦੇ ਰਵੱਈਏ ਤੋਂ ਦੁੱਖੀ ਹੋ ਕੇ ਅਤੇ ਗ੍ਰਾਮ ਪੰਚਾਇਤਾਂ ਅਤੇ ਸਰਪੰਚਾਂ ਦੀ ਜਾਇਜ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾ ਰਿਹਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਪ੍ਰਧਾਨ ਰਵਿੰਦਰ ਰਿੰਕੂ ਨੇ ਦੱਸਿਆ ਕਿ ਦੂਜੀਆਂ ਸਰਕਾਰਾਂ ਦੀ ਤਰਾਂ ਆਪ ਸਰਕਾਰ ਵੀ ਲੋਕਾਂ ਨੂੰ ਲਾਰੇ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤ ਸਰਕਾਰ ਦੀ ਮੁੱਢਲੀ ਇਕਾਈ ਹੁੰਦੀ ਹੈ ਪਰ ਅੱਜ ਪੰਜਾਬ ਦੇ ਹਰ ਪਿੰਡ ਦਾ ਸਰਪੰਚ ਅਤੇ ਪਿੰਚਾਇਤਾਂ ਦੇ ਮੈਂਬਰ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਕਿਹਾ ਯੂਨੀਅਨ ਵਲੋਂ ਵਾਰ ਵਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਦਾ ਸਮਾਂ ਲੈਣ ਲਈ ਮੰਗ ਪੱਤਰ ਵੀ ਦਿੱਤਾ ਗਿਆ ਹੈ, ਪਰ ਸਰਕਾਰ ਦੇ ਕੰਨਾਂ ਤੇ ਜੂੰ ਤੱਕ ਨਹੀਂ ਸਰਕੀ, ਜਿਸ ਦੇ ਰੋਸ ਵਜੋਂ ਹੁਣ ਸਰਪੰਚਾਂ ਵੱਲੋਂ ਨੇ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਸਰਪੰਚ ਯੂਨੀਅਨ ਦੇ ਪ੍ਰਧਾਨ ਰਵਿੰਦਰ ਰਿੰਕੂ ਨੇ ਦੱਸਿਆ ਕਿ ਜੱਥੇਬੰਦੀ ਵੱਲੋਂ ਸਮੇਂ ਸਮੇਂ ਸਰਕਾਰਾਂ ਨੂੰ ਸਰਕਾਰ ਦੀ ਮੁੱਢਲੀ ਇਕਾਈ ਪਿੰਚਾਇਤਾਂ ਨੂੰ ਪੇਸ਼ ਆ ਰਹੀਆਂ ਸਮਸਿਆਵਾਂ ਬਾਰੇ ਜਾਣੂ ਕਰਵਾਇਆ ਗਿਆ ਪਰ ਪੰਜਾਬ ਸਰਕਾਰ ਵੱਲੋਂ ਕੋਈ ਗੌਰ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਰਪੰਚਾਂ ਦੀਆਂ ਜਾਇਜ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸਾਰੇ ਬਲਾਕ ਦਫ਼ਤਰ ਬੰਦ ਕੀਤੇ ਜਾਣਗੇ।