ਜਿਲ੍ਹਾ ਪ੍ਰਸ਼ਾਸਨ ਵੱਲੋਂ ਮਨਾਇਆ ਗਿਆ ਸ਼ਹੀਦੇ-ਏ-ਆਜਮ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ
ਸਕੂਲੀ ਵਿਦਿਆਰਥੀਆਂ, ਨਹਿਰੂ ਯੁਵਾ ਕੇਂਦਰ, ਜ਼ਿਲ੍ਹਾ ਰੈੱਡ ਕਰਾਸ,ਯੁਵਕ ਸੇਵਾਵਾਂ ਵਿਭਾਗ, ਸਾਈਕਲ ਕਲੱਬਾਂ ਤੇ ਵੱਖ ਵੱਖ ਸੰਸਥਾਵਾਂ ਦੇ ਵਲੰਟੀਅਰਾਂ ਵੱਲੋਂ ਕੱਢੀ ਗਈ ਸਾਈਕਲ ਰੈਲੀ
- ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਸ਼ਹੀਦੇ ਏ ਆਜਮ ਨੂੰ ਪੇਸ਼ ਕੀਤਾ ਗਿਆ ਗਾਰਡ ਆਫ ਆਨਰ
- ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
- ਸ਼ਹੀਦਾ ਵੱਲੋਂ ਦਰਸਾਏ ਮਾਰਗ ਤੇ ਚੱਲਣ ਤੇ ਉਨ੍ਹਾਂ ਦੀਆਂ ਕੁਰਬਾਨੀਆਂ ਬਾਰੇ ਬੱਚਿਆ ਨੂੰ ਕੀਤਾ ਜਾਵੇ ਜਾਗਰੂਕ : ਕੁਲਵੰਤ ਸਿੰਘ
- ਡੀ.ਸੀ, ਐਸ.ਐਸ.ਪੀ ਸਮੇਤ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵੀ ਸ਼ਹੀਦ ਏ ਆਜਮ ਨੂੰ ਭੇਟ ਕੀਤੇ ਗਏ ਸ਼ਰਧਾ ਦੇ ਫੁੱਲ
ਐਸ.ਏ.ਐਸ ਨਗਰ 28 ਸਤੰਬਰ 2022 :ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਜਿਲ੍ਹਾ ਪ੍ਰਸ਼ਾਸਨ ਐਸ.ਏ.ਐਸ ਨਗਰ ਵੱਲੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਸਬੰਧੀ ਸਵੇਰੇ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਇੱਕ ਵਿਸ਼ੇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਜਿਲ੍ਹਾ ਪੁਲਿਸ ਦੇ ਜਵਾਨਾਂ ਵੱਲੋਂ ਸ਼ਹੀਦ-ਏ-ਆਜਮ ਦੀ ਤਸਵੀਰ ਨੂੰ ਸਲਾਮੀ ਅਤੇ ਗਾਰਡ ਆਫ ਆਨਰ ਪੇਸ਼ ਕੀਤਾ ਗਿਆ ਜਦਕਿ ਸਕੂਲੀ ਵਿਦਿਆਰਥੀਆਂ, ਨਹਿਰੂ ਯੁਵਾ ਕੇਂਦਰ, ਜ਼ਿਲ੍ਹਾ ਰੈੱਡ ਕਰਾਸ,ਯੁਵਕ ਸੇਵਾਵਾਂ ਵਿਭਾਗ, ਸਾਈਕਲ ਕਲੱਬਾਂ ਤੇ ਵੱਖ ਵੱਖ ਸੰਸਥਾਵਾਂ ਦੇ ਵਲੰਟੀਅਰਾਂ ਵੱਲੋਂ ਸ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ । ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ ਜਦਕਿ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ,ਐਸ.ਐਸ.ਪੀ ਸ੍ਰੀ ਵਿਵੇਕ ਸ਼ੀਲ ਸੋਨੀ ਸਮੇਤ ਸਮੂਹ ਜਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ,ਅਧਿਆਪਕ ਅਤੇ ਪਤਵੰਤੇ ਹਾਜ਼ਰ ਸਨ । ਇਸ ਮੌਕੇ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਦੇ ਨਾਲ ਨਾਲ ਡੀ.ਸੀ, ਐਸ.ਐਸ.ਪੀ ਸਮੇਤ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸ਼ਹੀਦ ਏ ਆਜਮ ਦੀ ਤਸਵੀਰ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ।
ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਵੱਲੋਂ ਦੱਸਿਆ ਗਿਆ ਕਿ ਜਿਲ੍ਹਾ ਪ੍ਰਸ਼ਾਸਨ ਐਸ.ਏ.ਐਸ ਨਗਰ ਵੱਲੋਂ ਸ਼ਹੀਦ ਏ ਆਜ਼ਮ ਸ ਭਗਤ ਸਿੰਘ ਦੇ 115 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਰਾ ਦਿਨ ਪ੍ਰੋਗਰਾਮ ਉਲੀਕੇ ਗਏ ਸਨ । ਸਵੇਰੇ ਕੀਤੇ ਗਏ ਪ੍ਰੋਗਰਾਮਾ ਦੀ ਲੜ੍ਹੀ ਤਹਿਤ ਸ਼ਹੀਦ ਏ ਆਜਮ ਨੂੰ ਗਾਰਡ ਆਫ ਆਨਰ ਦੇ ਨਾਲ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਸੀ । ਸਾਇਕਲ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕਰਨ ਦੀ ਰਸਮ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਵੱਲੋਂ ਕੀਤੀ ਗਈ ।
ਇਸ ਮੌਕੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਹੀਦ -ਏ –ਆਜ਼ਮ ਸ. ਭਗਤ ਸਿੰਘ ਨੇ ਛੋਟੀ ਜਿਹੀ ਉਮਰ ਵਿੱਚ ਹੀ ਦੇਸ਼ ਦੀ ਆਜਾਦੀ ਲਈ ਹੱਸਦੇ ਹੱਸਦੇ ਫਾਂਸੀ ਦਾ ਰੱਸਾ ਚੁੰਮ ਕੇ ਆਪਣੀ ਜਾਨ ਕੁਰਬਾਨ ਕਰ ਦਿੱਤੀ । ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸੁਨੇਹਾ ਦਿੱਤਾ ਕਿ ਸਾਨੂੰ ਸ਼ਹੀਦਾ ਦੁਆਰਾ ਪਾਏ ਪੂਰਨਿਆ ਤੇ ਚੱਲਣਾ ਚਾਹੀਦਾ ਹੈ ਅਤੇ ਸ਼ਹੀਦਾ ਦੀਆਂ ਕੁਰਬਾਨੀਆਂ ਬਾਰੇ ਆਪਣੇ ਬੱਚਿਆ ਨੂੰ ਜਾਗਰੂਕ ਕਰਨਾ ਚਾਹੀਦਾ ਹੈ । ਇਸ ਦੌਰਾਨ ਉਨ੍ਹਾਂ ਸਮੂਹ ਜਿਲ੍ਹਾ ਵਾਸੀਆਂ ਨੂੰ ਭਗਤ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ । ਇਸ ਤੋਂ ਇਲਾਵਾ ਉਨ੍ਹਾਂ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜਮ ਸ. ਭਗਤ ਸਿੰਘ ਦੇ ਨਾਮ ਤੇ ਰੱਖੇ ਜਾਣ ਲਈ ਕੇਂਦਰ ਸਰਕਾਰ ਦਾ ਧੰਨਵਾਦ ਵੀ ਕੀਤਾ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪੂਜਾ ਐਸ.ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਵਨੀਤ ਕੌਰ,ਐਸ.ਡੀ.ਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ,ਸਹਾਇਕ ਡਾਇਰੈਕਟਰ (ਨੋਡਲ ਅਫ਼ਸਰ) ਯੁਵਕ ਸੇਵਾਵਾਂ ਡਾ.ਮਲਕੀਤ ਸਿੰਘ ਮਾਨ, ਨਹਿਰੂ ਯੁਵਾ ਕੇਂਦਰ, ਜ਼ਿਲ੍ਹਾ ਰੈੱਡ ਕਰਾਸ,ਯੁਵਕ ਸੇਵਾਵਾਂ, ਸਾਈਕਲ ਕਲੱਬ, ਸੰਸਥਾਵਾਂ ਅਤੇ ਵੱਖ ਵੱਖ ਸਕੂਲਾ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ ।