ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੀ ਤਸਵੀਰ ।
ਡਿਪਟੀ ਕਮਿਸ਼ਨਰ ਵੱਲੋਂ ਸਟੱਬਲ ਬਰਨਿੰਗ ਬਾਰੇ ਡਿਊਟੀ ਵਿੱਚ ਅਣਗਹਿਲੀ ਲਈ ਉਪ ਮੰਡਲ ਇੰਜੀਨੀਅਰ ਨੂੰ ਕਾਰਨ ਦੱਸੋ ਨੋਟਿਸ ਜਾਰੀ
ਨਿੱਜੀ ਤੌਰ ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੇ ਹੁਕਮ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 03 ਅਕਤੂਬਰ 2022: ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਸਬੰਧੀ ਡਿਊਟੀ ਵਿੱਚ ਅਣਗਹਿਲੀ ਲਈ ਲੋਕ ਨਿਰਮਾਣ ਵਿਭਾਗ ਦੇ ਉਪ ਮੰਡਲ ਇੰਜੀਨੀਅਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਨੋਟਿਸ ਅਨੁਸਾਰ ਉਪ ਮੰਡਲ ਇੰਜੀਨੀਅਰ , ਲੋਕ ਨਿਰਮਾਣ ਵਿਭਾਗ , ਉਸਾਰੀ ਉਪ ਮੰਡਲ ਭ ਤੇ ਮ ਸ਼ਾਖਾ , ਸੁਲਤਾਨਪੁਰ ਲੋਧੀ ਨੂੰ ਡਿਪਟੀ ਕਮਿਸ਼ਨਰ ਵੱਲੋਂ 4 ਅਕਤੂਬਰ ਨੂੰ ਸਵੇਰੇ 11 ਵਜੇ ਨਿੱਜੀ ਤੌਰ ਤੇ ਪੇਸ਼ ਹੋ ਕੇ ਸਪੱਸ਼ਟੀਕਰਨ/ਜਵਾਬ ਦੇਣ ਦੇ ਹੁਕਮ ਦਿੱਤੇ ਗਏ ਹਨ ।
ਦੱਸਣਯੋਗ ਹੈ ਕਿ ਸੰਬੰਧਿਤ ਅਧਿਕਾਰੀ ਵੱਲੋਂ ਉਪ ਮੰਡਲ ਮੈਜਿਸਟਰੇਟ, ਸੁਲਤਾਨਪੁਰ ਲੋਧੀ ਨੂੰ ਰਿਪੋਰਟ ਕੀਤੀ ਗਈ ਸੀ ਕਿ ਮਿਤੀ 3 ਅਕਤੂਬਰ ਨੂੰ ਪਿੰਡ ਮੁਟਕਰਾਮ ਵਾਲਾ ਮੌਕਾ ਦੇਖਿਆ ਗਿਆ ਹੈ ਅਤੇ ਉੱਥੇ ਪਰਾਲੀ ਨੂੰ ਅੱਗ ਲਗਾਉਣ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ, ਜਦ ਕਿ ਕਾਰਜਕਾਰੀ ਇੰਜੀਨੀਅਰ,ਪੰਜਾਬ ਪ੍ਰਦੂਸ਼ਣ ਬੋਰਡ,ਜਲੰਧਰ ਵੱਲੋਂ ਪਿੰਡ ਮੁਟਕਰਾਮ ਦਾ ਦੌਰਾ ਕਰਨ ਉਪਰੰਤ ਇਹ ਪਾਇਆ ਗਿਆ ਕਿ ਉੱਥੇ ਪਰਾਲੀ ਨੂੰ ਅੱਗ ਲਗਾਈ ਗਈ ਹੈ, ਜਿਸਦੇ ਸਬੂਤ ਵਜੋਂ ਉਨ੍ਹਾਂ ਵੱਲੋਂ ਫੋਟੋਆਂ ਵੀ ਭੇਜੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਾਰਜਕਾਰੀ ਇੰਜੀਨੀਅਰ,ਪੰਜਾਬ ਪ੍ਰਦੂਸ਼ਨ ਬੋਰਡ ,ਜਲੰਧਰ ਦੀ ਉਕਤ ਰਿਪੋਰਟ ਅਤੇ ਫੋਟੋਆਂ ਨੂੰ ਦੇਖਣ ਉਪਰੰਤ ਇਹ ਗੱਲ ਸਾਬਿਤ ਹੋਈ ਹੈ ਕਿ ਪਿੰਡ ਮੁਟਕਰਾਮ ਵਿੱਖੇ ਪਰਾਲੀ ਨੂੰ ਅੱਗ ਲਗਾਈ ਗਈ ਹੈ
ਜਦ ਕਿ ਸੰਬੰਧਿਤ ਅਧਿਕਾਰੀ ਵੱਲੋਂ ਕੋਈ ਵੀ ਕੇਸ ਸਾਹਮਣੇ ਨਹੀਂ ਆਉਣ ਬਾਰੇ ਲਿਖਿਆ ਹੈ ਜਿਸਤੋਂ ਇਹ ਜਾਪਦਾ ਹੈ ਕਿ ਅਧਿਕਾਰੀ ਆਪਣੀ ਡਿਊਟੀ ਤਨਦੇਹੀ ਨਾਲ ਨਹੀਂ ਨਿਭਾ ਰਿਹਾ ਹੈ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਬੰਧਿਤ ਅਧਿਕਾਰੀ ਨੂੰ ਆਪਣਾ ਸਪੱਸ਼ਟੀਕਰਨ/ਜਵਾਬ ਮਿਤੀ 04.10.2022 ਨੂੰ ਸਵੇਰੇ 11.00 ਵਜੇ ਨਿੱਜੀ ਪੇਸ਼ ਹੋ ਕੇ ਦੇਣ ਦੇ ਹੁਕਮ ਦਿੱਤੇ ਗਏ ਹਨ । ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸੰਬੰਧਿਤ ਅਧਿਕਾਰੀ ਖਿਲਾਫ ਇੱਕਤਰਫਾ ਕਾਰਵਾਈ ਅਮਲ ਵਿੱਚ ਲਿਆਉਦੇ ਹੋਏ ਮੁੱਖ ਦਫਤਰ ਨੂੰ ਵਿਭਾਗੀ ਕਾਰਵਾਈ ਲਈ ਲਿਖ ਦਿੱਤਾ ਜਾਵੇਗਾ।