ਔਰਤਾਂ ਅਤੇ ਬੱਚਿਆਂ ਵਿਰੁੱਧ ਹੋਣ ਵਾਲੇ ਜੁਰਮਾਂ ਨੂੰ ਰੋਕਣ ਲਈ ਪੁਲੀਸ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਸ਼ੁਰੂ
-- ਚੁਣੇ ਹੋਏ ਕੌਂਸਲਰਾਂ, ਸਰਪੰਚਾਂ,ਪੰਚਾਂ,ਖੇਡ ਕਲੱਬਾਂ ਅਤੇ ਸਮਾਜ ਸੇਵੀ ਸੰਗਠਨਾਂ ਦੇ ਅਹੁਦੇਦਾਰਾਂ ਨੂੰ ਅਪੀਲ ਕਿ ਸਮਾਜ ਵਿੱਚ ਹੋਣ ਵਾਲੇ ਸੰਭਾਵੀ ਜੁਰਮਾਂ ਨੂੰ ਰੋਕਣ ਲਈ ਪੁਲੀਸ ਨੂੰ ਸਹਿਯੋਗ ਦੇਣ
-- ਬੱਚੇ ਕਿਸੇ ਵੀ ਪਰਿਵਾਰ ਦਾ ਵਡਮੁੱਲਾ ਖ਼ਜ਼ਾਨਾ ਇਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪੁਲੀਸ ਦੇ ਨਾਲ ਨਾਲ ਪੂਰੇ ਸਮਾਜ ਦੀ ਜ਼ਿੰਮੇਵਾਰੀ : ਮਹੇਸ਼ ਸ਼ਰਮਾ
ਮੁਹੰਮਦ ਇਸਮਾਈਲ ਏਸ਼ੀਆ
ਮਲੇਰਕੋਟਲਾ/ ਅਹਿਮਦਗੜ੍ਹ 5 ਅਕਤੂਬਰ 2022 - ਔਰਤਾਂ ਅਤੇ ਬੱਚਿਆਂ ਵਿਰੁੱਧ ਹੋਣ ਵਾਲੇ ਜੁਰਮਾਂ ਨੂੰ ਰੋਕਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਇੱਕ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਸੰਬੰਧੀ ਮਾਲੇਰਕੋਟਲਾ ਦੇ ਅਹਿਮਦਗੜ੍ਹ ਬਲਾਕ ਵਿਖੇ ਪਿਛਲੇ ਦਿਨੀਂ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਅਹਿਮਦਗੜ੍ਹ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਵਨੀਤ ਕੌਰ ਸਿੱਧੂ ਦੀ ਰਹਿਨੁਮਾਈ ਹੇਠ ਕਰਵਾਏ ਗਏ ਸੈਮੀਨਾਰ ਦੀ ਪ੍ਰਧਾਨਗੀ ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਸੁਰਿੰਦਰ ਪਾਲ ਸਿੰਘ ਸਿੱਧੂ ਨੇ ਕੀਤੀ ਇਸ ਮੌਕੇ ਉਨ੍ਹਾਂ ਦੇ ਨਾਲ ਐੱਸ. ਐੱਚ. ਓ ਸਿਟੀ ਸਤਵਿੰਦਰ ਸਿੰਘ ਵੀ ਮੌਜੂਦ ਸਨ ।
ਸਾਂਝ ਕੇਂਦਰ ਦੇ ਇੰਚਾਰਜ ਸੁਰਿੰਦਰ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ, ਕਮਿਊਨਿਟੀ ਅਫੇਅਰਜ਼ ਡਵੀਜ਼ਨ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਵਨੀਤ ਕੌਰ ਦੀ ਅਗਵਾਈ ਅਧੀਨ ਜ਼ਿਲ੍ਹੇ ਵਿੱਚ ਇਹ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ । ਇਸ ਮੁਹਿੰਮ ਅਧੀਨ ਆਮ ਲੋਕਾਂ ਨੂੰ ਬੱਚਿਆਂ ਅਤੇ ਔਰਤਾਂ ਨਾਲ ਹੋਣ ਵਾਲੇ ਸੰਭਾਵਿਤ ਜੁਰਮਾਂ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਨਸ਼ਿਆਂ ਦੀ ਸਮਗਲਿੰਗ ਸਮੇਤ ਹੋਰ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਪੁਲੀਸ ਅਤੇ ਪਬਲਿਕ ਦੀ ਸਾਂਝ ਦੀ ਅਹਿਮੀਅਤ ਬਾਰੇ ਦੱਸਿਆ ਜਾਂਦਾ ਹੈ।
ਸਾਂਝ ਕੇਂਦਰ ਦੇ ਇੰਚਾਰਜ ਸੁਰਿੰਦਰ ਪਾਲ ਸਿੰਘ ਸਿੱਧੂ ਨੇ ਚੁਣੇ ਹੋਏ ਕੌਂਸਲਰਾਂ, ਸਰਪੰਚਾਂ , ਪੰਚਾਂ, ਖੇਡ ਕਲੱਬਾਂ ਅਤੇ ਸਮਾਜ ਸੇਵੀ ਸੰਗਠਨਾਂ ਦੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਆਪਣੇ ਆਪਣੇ ਖੇਤਰ ਦੇ ਸਾਂਝ ਕੇਂਦਰ ਰਾਹੀਂ ਆਮ ਲੋਕਾਂ ਨੂੰ ਲੋੜੀਂਦੀਆਂ ਸੇਵਾਵਾਂ ਪ੍ਰਦਾਨ ਕਰਵਾਉਣ ਤੋਂ ਇਲਾਵਾ ਸਮਾਜ ਵਿੱਚ ਹੋਣ ਵਾਲੇ ਸੰਭਾਵੀ ਜੁਰਮਾਂ ਨੂੰ ਰੋਕਣ ਲਈ ਪੁਲੀਸ ਨੂੰ ਸਹਿਯੋਗ ਦੇਣ।
ਇਸ ਮੌਕੇ ਥਾਣਾ ਮੁਖੀ ਅਹਿਮਦਗੜ੍ਹ ਸ੍ਰੀ ਸਤਵਿੰਦਰ ਸਿੰਘ ਨੇ ਕਿਹਾ ਕਿ ਬੱਚਿਆਂ ਅਤੇ ਔਰਤਾਂ ਸਮੇਤ ਸਾਰੇ ਲੋਕ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਕਿਸੇ ਵੀ ਅਨਜਾਣ ਵਿਅਕਤੀ ਵੱਲੋਂ ਨਿੱਜੀ ਤੌਰ ’ਤੇ ਜਾਂ ਸਮਾਰਟ ਫ਼ੋਨ ਦੀਆਂ ਸੇਵਾਵਾਂ ਵੱਟਸਐਪ, ਫੇਸਬੁੱਕ ਜਾਂ ਹੋਰ ਸਮਾਜਿਕ ਮੀਡੀਆ ਰਾਹੀਂ ਦਿੱਤੀ ਆਫ਼ਰ ਜਾਂ ਮੰਗ ਨੂੰ ਅਣਗੌਲ਼ਿਆ ਕਰਨਗੇ ਤਾਂ ਜੋ ਧੋਖੇ ਦਾ ਸ਼ਿਕਾਰ ਹੋਣ ਤੋਂ ਬਚ ਸਕਣ । ਰੋਟਰੀ ਕਲੱਬ ਚੇਅਰਮੈਨ ਮਹੇਸ਼ ਸ਼ਰਮਾ ਨੇ ਕਿਹਾ ਕਿ ਬੱਚੇ ਕਿਸੇ ਵੀ ਪਰਿਵਾਰ ਦਾ ਵਡਮੁੱਲਾ ਖ਼ਜ਼ਾਨਾ ਹੁੰਦੇ ਹਨ ਅਤੇ ਇਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪੁਲੀਸ ਦੇ ਨਾਲ ਨਾਲ ਪੂਰੇ ਸਮਾਜ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਸਾਂਝ ਕੇਂਦਰ ਦੇ ਨੁਮਾਇੰਦਿਆਂ ਅਵਤਾਰ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਵੀ ਸਾਂਝ ਕੇਂਦਰ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਚਾਨਣਾ ਪਾਇਆ।
ਇਸ ਮੌਕੇ ਟਰੈਫ਼ਿਕ ਇੰਚਾਰਜ ਬਲਵੀਰ ਸਿੰਘ, ਵਿਦੇਸ਼ ਸੈੱਲ ਇੰਚਾਰਜ ਕੁਲਦੀਪ ਸਿੰਘ, ਪ੍ਰਿੰਸੀਪਲ ਵਿ ਨੇ ਗੋਇਲ, ਕੌਂਸਲਰ ਦੀਪਕ ਸ਼ਰਮਾ ਅਤੇ ਕੌਂਸਲਰ ਅਮਨ ਅਮਰੀਕੀ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।