ਬੇਅਦਬੀ ਕਾਂਡ: ਰਾਮ ਰਹੀਮ ਨੇ ਬੇਅਦਬੀ ਮਾਮਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ, ਹਾਈਕੋਰਟ ਨੇ ਪੰਜਾਬ ਤੇ ਸੀਬੀਆਈ ਤੋਂ ਮੰਗਿਆ ਜਵਾਬ
- ਰਾਮ ਰਹੀਮ ਨੇ ਕਿਹਾ ਕਿ ਮਾਮਲੇ ਨੂੰ ਗੰਭੀਰ ਸਮਝਦੇ ਹੋਏ ਪੰਜਾਬ ਸਰਕਾਰ ਨੇ 2015 ਵਿੱਚ ਜਾਂਚ ਐਸਆਈਟੀ ਨੂੰ ਸੌਂਪ ਦਿੱਤੀ ਸੀ। ਇਸ ਤੋਂ ਬਾਅਦ ਸਰਕਾਰ ਬਦਲਣ 'ਤੇ ਵਿਧਾਨ ਸਭਾ 'ਚ ਮਤਾ ਲਿਆ ਕੇ ਸੀਬੀਆਈ ਤੋਂ ਜਾਂਚ ਵਾਪਸ ਲੈ ਲਈ ਗਈ ਸੀ।
ਦੀਪਕ ਗਰਗ
ਕੋਟਕਪੂਰਾ 30 ਨਵੰਬਰ 2022 - ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਐਸਆਈਟੀ ਦੀ ਬਜਾਏ ਸੀਬੀਆਈ ਤੋਂ ਕਰਵਾਉਣ ਦੀ ਪੰਜਾਬ ਸਰਕਾਰ ਦੀ ਮੰਗ 'ਤੇ ਕੇਂਦਰ ਅਤੇ ਸੀਬੀਆਈ ਤੋਂ ਜਵਾਬ ਤਲਬ ਕੀਤਾ ਹੈ। ਹਾਈਕੋਰਟ ਦੇ ਜਸਟਿਸ ਵਿਨੋਦ ਭਾਰਦਵਾਜ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਦਾਇਰ ਸੋਧੀ ਹੋਈ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤਾ ਹੈ। ਸੁਣਵਾਈ ਦੌਰਾਨ ਸੀਬੀਆਈ ਨੇ ਕਿਹਾ ਕਿ ਉਹ ਪਹਿਲਾਂ ਹੀ ਮੂਲ ਪਟੀਸ਼ਨ ਦਾ ਜਵਾਬ ਦਾਖ਼ਲ ਕਰ ਚੁੱਕੀ ਹੈ, ਪਰ ਅਦਾਲਤ ਦੇ ਹੁਕਮਾਂ 'ਤੇ ਨਵਾਂ ਜਵਾਬ ਦਾਖ਼ਲ ਕਰੇਗੀ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਅਦਾਲਤ ਤੋਂ ਜਵਾਬ ਦਾਖ਼ਲ ਕਰਨ ਲਈ 2 ਹਫ਼ਤਿਆਂ ਦਾ ਸਮਾਂ ਦੇਣ ਦੀ ਮੰਗ ਕੀਤੀ। ਇਸ ’ਤੇ ਅਦਾਲਤ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਲਈ ਸਮਾਂ ਦਿੰਦਿਆਂ ਅਗਲੀ ਸੁਣਵਾਈ 10 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
ਰਾਮ ਰਹੀਮ ਵਲੋਂ ਦਾਇਰ ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਬੇਅਦਬੀ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਦੀ ਐਸਆਈਟੀ ਦੀ ਬਜਾਏ ਸੀਬੀਆਈ ਤੋਂ ਕਰਵਾਈ ਜਾਵੇ।
ਪਿਛਲੀ ਸੁਣਵਾਈ 'ਤੇ ਪੰਜਾਬ ਸਰਕਾਰ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪਟੀਸ਼ਨ 'ਤੇ ਜਵਾਬ ਦਾਖਲ ਕਰਦੇ ਹੋਏ ਦੱਸਿਆ ਸੀ ਕਿ ਪੰਜਾਬ ਸਰਕਾਰ ਨੇ ਸੀਬੀਆਈ ਜਾਂਚ ਦੇ ਆਦੇਸ਼ ਨੂੰ ਵਾਪਸ ਲੈਣ ਲਈ ਵਿਧਾਨ ਸਭਾ 'ਚ ਮਤਾ ਪਾਸ ਕੀਤਾ ਸੀ।
ਹਾਈਕੋਰਟ ਅਤੇ ਫਿਰ ਸੁਪਰੀਮ ਕੋਰਟ ਨੇ ਵੀ ਇਸ 'ਤੇ ਆਪਣੀ ਮੋਹਰ ਲਗਾ ਦਿੱਤੀ ਸੀ। ਸਰਕਾਰ ਨੇ ਕਿਹਾ ਸੀ ਕਿ ਇਸ ਤਰ੍ਹਾਂ ਹੁਣ ਦੁਬਾਰਾ ਇਸ ਮੰਗ ਸਬੰਧੀ ਪਟੀਸ਼ਨ ਦਾਇਰ ਕਰਨਾ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ ਹੈ। ਪੰਜਾਬ ਸਰਕਾਰ ਨੇ ਰਾਮ ਰਹੀਮ ਦੀ ਪਟੀਸ਼ਨ ਨੂੰ ਖਾਰਜ ਕਰਨ ਲਈ ਹਾਈਕੋਰਟ ਨੂੰ ਅਪੀਲ ਕੀਤੀ ਸੀ।
ਡੇਰਾ ਮੁਖੀ ਨੇ ਦਾਇਰ ਪਟੀਸ਼ਨ 'ਚ ਕੀ ਕਿਹਾ?
ਦੈਨਿਕ ਭਾਸਕਰ ਦੀ ਰਿਪੋਰਟ ਮੁਤਾਬਿਕ ਡੇਰਾ ਮੁਖੀ ਨੇ ਦਾਇਰ ਪਟੀਸ਼ਨ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਨਵੰਬਰ 2015 ਵਿੱਚ ਬੇਅਦਬੀ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ। ਪਟੀਸ਼ਨ ਮੁਤਾਬਕ ਕੇਸ ਦੇ ਮੁਲਜ਼ਮਾਂ ਦੇ ਬਿਆਨਾਂ ਤੋਂ ਬਾਅਦ ਡੇਰਾ ਮੁਖੀ ਨੂੰ ਕੇਸ ਵਿੱਚ ਨਾਮਜ਼ਦ ਕਰਕੇ ਉਸ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਸਨ। ਇਸ ਹੁਕਮ ਨੂੰ ਰੱਦ ਕਰਦਿਆਂ ਹਾਈਕੋਰਟ ਨੇ ਐਸਆਈਟੀ ਨੂੰ ਸੁਨਾਰੀਆ ਜੇਲ੍ਹ ਜਾ ਕੇ ਪੁੱਛਗਿੱਛ ਕਰਨ ਦਾ ਹੁਕਮ ਦਿੱਤਾ ਸੀ, ਜੋ ਪੂਰਾ ਹੋ ਗਿਆ ਹੈ।
ਪਟੀਸ਼ਨ 'ਚ ਕਿਹਾ ਗਿਆ ਹੈ-ਜਾਣਬੁੱਝ ਕੇ ਮਾਮਲੇ 'ਚ ਫਸਾਇਆ ਗਿਆ ਹੈ
ਪਟੀਸ਼ਨ 'ਚ ਡੇਰਾ ਮੁਖੀ ਨੂੰ ਜਾਣਬੁੱਝ ਕੇ ਮਾਮਲੇ 'ਚ ਫਸਾਉਣ ਦੀ ਗੱਲ ਕਹੀ ਹੈ। ਇਸ ਕਾਰਨ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਸਰਕਾਰ ਵੱਲੋਂ ਰੱਦ ਕੀਤੇ ਗਏ ਬੇਅਦਬੀ ਕਾਂਡ ਨਾਲ ਸਬੰਧਤ ਸਾਰੇ ਕੇਸਾਂ ਦੀ ਸੀਬੀਆਈ ਤੋਂ ਜਾਂਚ ਦੇ ਹੁਕਮਾਂ ਨੂੰ ਰੱਦ ਕਰਦਿਆਂ ਸੀਬੀਆਈ ਤੋਂ ਹੀ ਜਾਂਚ ਕਰਵਾਉਣ ਦੀ ਮੰਗ ਕਰਦੀ ਪਟੀਸ਼ਨ ਦਾਇਰ ਕੀਤੀ ਗਈ ਹੈ।