10 ਦਸੰਬਰ ਮਨਾਏ ਜਾਣ ਵਾਲੇ ਮਨੁੱਖੀ ਅਧਿਕਾਰ ਦਿਵਸ 'ਤੇ ਮਨੁੱਖੀ ਅਧਿਕਾਰਾਂ ਨੂੰ ਕੁਚਲਣ ਬਾਰੇ ਮੀਟਿੰਗ ਕੀਤੀ
ਰੋਹਿਤ ਗੁਪਤਾ
ਗੁਰਦਾਸਪੁਰ 2 ਦਸੰਬਰ 2022- ਸੀ.ਪੀ.ਆਈ (ਐੱਮ.ਐੱਲ) ਨਿਊ ਡੈਮੋਕਰੇਸੀ ਵੱਲੋਂ 10 ਦਸੰਬਰ ਮਨੁੱਖੀ ਅਧਿਕਾਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਸਿਆਸੀ ਕਾਰਕੁੰਨ ਅਤੇ ਲੋਕ-ਪੱਖੀ ਬੁੱਧੀਜੀਵੀਆਂ ਨੂੰ ਰਿਹਾਅ ਕਰਵਾਉਣ, ਸਜ਼ਾ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਨੂੰ ਰਿਹਾਅ ਕਰਵਾਉਣ ਅਤੇ ਮੋਦੀ ਸਰਕਾਰ ਵੱਲੋਂ ਦੇਸ਼ ਭਰ ਵਿੱਚ ਮਨੁੱਖੀ ਅਧਿਕਾਰਾਂ ਨੂੰ ਕੁਚਲਣ ਖਿਲਾਫ ਰੋਸ ਪ੍ਰਦਰਸ਼ਨ ਕਰਨ ਦੀ ਤਿਆਰੀ ਸੰਬੰਧੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਪਾਰਟੀ ਕਾਰਕੁੰਨਾਂ ਦੀ ਮੀਟਿੰਗਾਂ ਤੇ ਰੈਲੀਆਂ ਕਰਵਾਈਆਂ ਗਈਆਂ।
ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਬੁਲਾਰੇ ਕਾਮਰੇਡ ਰਮੇਸ਼ ਰਾਣਾ ਨੇ ਕਿਹਾ ਕਿ ਮੋਦੀ ਸਰਕਾਰ ਦਾ ਫਾਸ਼ੀਵਾਦੀ ਹੱਲੇ ਤਹਿਤ ਸਮੁੱਚੀ ਘੱਟ ਗਿਣਤੀਆਂ, ਬੁੱਧੀਜੀਵੀਆਂ, ਦਲ਼ਿਤਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮੋਦੀ ਸਰਕਾਰ ਦਾ ਫਾਸ਼ੀਵਾਦੀ ਹਮਲਾ ਬੁਲਡੋਜ਼ਰ ਦੀ ਤਰ੍ਹਾਂ ਕੰਮ ਕਰ ਰਿਹਾ ਹੈ।ਜਿਸ ਕਰਕੇ ਦੇਸ਼ ਭਰ ਵਿੱਚ ਭਾਰਤੀ ਨਾਗਰਿਕਾਂ ਦੇ ਜਮਹੂਰੀ ਹੱਕ ਤਾਂ ਕੁਚਲੇ ਹੀ ਜਾ ਰਹੇ ਹਨ, ਨਾਲ ਹੀ ਉਹਨਾਂ ਦੇ ਮਨੁੱਖੀ ਅਧਿਕਾਰਾਂ ਦਾ ਵੀ ਵੱਡੇ ਪੱਧਰ 'ਤੇ ਘਾਣ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਦਾ ਵਿਰੋਧ ਕਰਨ ਵਾਲੇ ਬੁੱਧੀਜੀਵੀਆਂ ਅਤੇ ਸਿਆਸੀ ਕਾਰਕੁੰਨਾਂ ਨੂੰ ਯੂ.ਏ.ਪੀ.ਏ ਵਰਗੀਆਂ ਖਤਰਨਾਕ ਧਾਰਾਵਾਂ ਲਗਾ ਕੇ ਜੇਲ੍ਹੀਂ ਸੁੱਟਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਸਮੇਤ ਘੱਟ ਗਿਣਤੀ ਬੰਦੀਆਂ ਨੂੰ ਧੱਕੇ ਨਾਲ ਜੇਲ੍ਹੀ ਰੱਖਿਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਮੋਦੀ ਸਰਕਾਰ ਦੇ ਰਾਜ ਵਿੱਚ ਮਨੁੱਖੀ ਅਧਿਕਾਰਾਂ ਦਾ ਘਾਣ ਵੱਡੇ ਪੱਧਰ 'ਤੇ ਹੋ ਰਿਹਾ ਹੈ, ਦੇਸ਼ ਦੇ ਨਾਗਰਿਕ ਨੂੰ ਮਨੁੱਖ ਦੇ ਰੂਪ ਵਿੱਚ ਦੇਖਣ ਦੀ ਬਜਾਇ ਉਸਦੇ ਧਰਮ ਜਾਂ ਜਾਤ ਦੇ ਨਾਮ ਤੇ ਨਿਸ਼ਾਨਾ ਬਣਾ ਕੇ ਉਸਦੇ ਹੱਕਾਂ ਨੂੰ ਕੁਚਲਿਆ ਜਾ ਰਿਹਾ ਹੈ। ਆਗੂਆਂ ਨੇ 10 ਦਸੰਬਰ ਨੂੰ ਸੀ.ਪੀ.ਆਈ.(ਐੱਮ-ਐੱਲ) ਨਿਊ ਡੈਮੋਕਰੇਸੀ ਵੱਲੋਂ ਮਨੁੱਖੀ ਅਧਿਕਾਰ ਦਿਵਸ ਤੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ।