ਪੰਜਾਬ ਵਾਂਗ ਗੁਜਰਾਤ ਦੇ ਨੌਜਵਾਨਾਂ ਨੂੰ ਵੀ ਦੇਵਾਂਗੇ ਸਰਕਾਰੀ ਨੌਕਰੀਆਂ: ਭਗਵੰਤ ਮਾਨ
- ਮਾਨ ਨੇ ਰੋਡ ਸ਼ੋਅ ਦੌਰਾਨ ਦਿਖਾਏ ਪੰਜਾਬ ਦੇ 'ਜ਼ੀਰੋ ਬਿਜਲੀ ਬਿੱਲ' ਅਤੇ 20,776 ਨੌਜਵਾਨਾਂ ਦੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ
- ਕਿਹਾ, ਗੁਜਰਾਤ ਦੇ ਲੋਕਾਂ ਦਾ ਬਿਜਲੀ ਦਾ ਬਿੱਲ ਵੀ ਜ਼ੀਰੋ ਹੋਵੇਗਾ, ਚੰਗੀ ਸਿੱਖਿਆ ਅਤੇ ਸਿਹਤ ਸੇਵਾਵਾਂ ਮੁਫਤ ਦਿੱਤੀਆਂ ਜਾਣਗੀਆਂ
ਗੁਜਰਾਤ/ਚੰਡੀਗੜ੍ਹ, 3 ਦਸੰਬਰ 2022 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਆਪਣੇ ਰੋਡ ਸ਼ੋਅ ਦੌਰਾਨ ਪੰਜਾਬ ਦੇ ਨੌਜਵਾਨਾਂ ਦੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿਖਾਉਂਦੇ ਹੋਏ ਕਿਹਾ ਕਿ ਗੁਜਰਾਤ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਇੱਥੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।
ਮਾਨ ਨੇ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ‘ਆਪ’ ਸਰਕਾਰ ਦੀ ਪਹਿਲੀ ਤਰਜੀਹ ਹੋਵੇਗੀ। 'ਆਪ' ਸਰਕਾਰ ਗੁਜਰਾਤ ਦੇ ਹਰ ਬੇਰੁਜ਼ਗਾਰ ਨੌਜਵਾਨ ਨੂੰ ਰੁਜ਼ਗਾਰ ਪ੍ਰਾਪਤ ਕਰਨ ਲਈ ਭਰਪੂਰ ਮੌਕੇ ਅਤੇ ਸਾਧਨ ਮੁਹੱਈਆ ਕਰਵਾਏਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਗੁਜਰਾਤ ਦੇ ਦਾਹੋਦ, ਗਰਬਾੜਾ, ਝਾਲੋਦ ਅਤੇ ਫਤਿਹਪੁਰ ਦੇ ਵੱਖ-ਵੱਖ ਇਲਾਕਿਆਂ 'ਚ ਰੋਡ ਸ਼ੋਅ ਕਰਕੇ 'ਆਪ' ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਇਸ ਵਾਰ ਗੁਜਰਾਤ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।
ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਲੋਕਾਂ ਨੂੰ ਪਿਛਲੇ ਮਹੀਨੇ ਪੰਜਾਬ ਦੇ ਲੋਕਾਂ ਨੂੰ ਆਏ 'ਜ਼ੀਰੋ ਬਿਜਲੀ ਬਿੱਲ' ਦਿਖਾਉਂਦੇ ਹੋਏ ਕਿਹਾ ਕਿ ਅਸੀਂ ਭਾਜਪਾ ਵਾਂਗ ਝੂਠੇ ਵਾਅਦੇ ਨਹੀਂ ਕਰਦੇ। ਅਸੀਂ ਜੋ ਕਹਿੰਦੇ ਹਾਂ ਕਰ ਕੇ ਦਿਖਾਉਂਦੇ ਹਾਂ। ਪੰਜਾਬ ਦੇ 61 ਲੱਖ ਲੋਕਾਂ ਨੂੰ ਆਏ ਜ਼ੀਰੋ ਬਿਜਲੀ ਬਿੱਲ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ ਇਸ ਦਾ ਸਬੂਤ ਹਨ।
ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਗੁਜਰਾਤ ਵਿੱਚ ਸਰਕਾਰ ਬਣਨ 'ਤੇ ਗੁਜਰਾਤ ਦੇ ਲੋਕਾਂ ਲਈ ਵੀ ਬਿਜਲੀ ਮੁਫਤ ਕੀਤੀ ਜਾਵੇਗੀ। ਅੰਤਰਰਾਸ਼ਟਰੀ ਪੱਧਰ ਦੇ ਸਕੂਲ ਅਤੇ ਹਸਪਤਾਲ ਬਣਾਏ ਜਾਣਗੇ ਅਤੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਫਤ ਦਿੱਤੀਆਂ ਜਾਣਗੀਆਂ।