ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ ਬੋਲਣ ਤੇ ਸੁਨਣ ਤੋਂ ਅਸਮਰੱਥ ਲੋਕਾਂ ਦੀ ਮਦਦ ਲਈ ਸਟਾਫ਼ ਨੂੰ ਬਣਾਇਆ ਜਾਵੇਗਾ ਸੰਵੇਦਨਸ਼ੀਲ: ਸਾਕਸ਼ੀ ਸਾਹਨੀ
ਜੀ ਐਸ ਪੰਨੂ
ਪਟਿਆਲਾ, 05 ਦਸੰਬਰ, 2022: ਪਟਿਆਲਾ ਜ਼ਿਲ੍ਹਾਂ ਪ੍ਰਸ਼ਾਸਨ ਨੇ ਰਾਜ ਭਰ 'ਚੋਂ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬੋਲਣ ਤੇ ਸੁਨਣ ਤੋਂ ਅਸਮਰੱਥ ਲੋਕਾਂ ਦੀ ਮਦਦ ਲਈ ਸੰਵੇਦਨਸ਼ੀਲ ਬਣਾਉਣ ਦਾ ਫੈਸਲਾ ਕੀਤਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿਸ 'ਚ ਸੋਸਾਇਟੀ ਫਾਰ ਵੈਲਫ਼ੇਅਰ ਆਫ਼ ਦੀ ਹੈਂਡੀਕੈਪਡ ਦੇ ਸਹਿਯੋਗ ਨਾਲ ਸੰਕੇਤ ਭਾਸ਼ਾ ਦਾ ਮੁੱਢਲਾ ਗਿਆਨ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਬਾਰੇ ਦੱਸਿਆ ਕਿ ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿਖੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਕੇਤ ਭਾਸ਼ਾ ਬਾਰੇ ਜਾਣਕਾਰੀ ਦੇਣ ਲਈ ਵਿਸ਼ਵ ਦਿਵਿਆਂਗ ਦਿਵਸ ਨੂੰ ਸਮਰਪਿਤ ਇੱਕ ਟ੍ਰੈਨਿੰਗ ਸੈਸ਼ਨ 12 ਤੋਂ 16 ਦਸੰਬਰ2022 ਤੱਕ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾਂ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਇਸ ਬਾਰੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਹੈ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਪੈਸ਼ਲ ਸਕੂਲ ਫ਼ਾਰ ਡੈੱਫ ਸੈਫ਼ਦੀਪੁਰ ਦੀ ਮਦਦ ਨਾਲ ਇਹ ਟ੍ਰੇਨਿੰਗ ਸੈਸ਼ਨ ਉਲੀਕਿਆ ਗਿਆ ਹੈ ਤਾਂ ਕਿ ਵਿਸ਼ੇਸ਼ ਲੋੜਾਂ ਵਾਲੇ ਦਿਵਿਆਂਗ, ਖਾਸ ਕਰਕੇ ਬੋਲਣ ਤੇ ਸੁਣਨ ਤੋਂ ਅਸਮਰੱਥ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿਖੇ ਆਪਣੇ ਕੰਮ ਕਾਰ ਕਰਵਾਉਣ ਆਉਣ ਸਮੇਂ ਕੋਈ ਸਮੱਸਿਆ ਨਾ ਆਵੇ ਤੇ ਉਨ੍ਹਾਂ ਦੀ ਭਾਸ਼ਾ ਸਰਕਾਰੀ ਦਫ਼ਤਰਾਂ ਵਿਖੇ ਤਾਇਨਾਤ ਅਮਲਾ ਸਮਝ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਟਿਆਲਾ ਜ਼ਿਲ੍ਹਾਂ ਪ੍ਰਸ਼ਾਸਨ ਨੇ ਇਹ ਪਹਿਲਕਦਮੀ ਕਰਕੇ ਆਪਣੇ ਅਮਲੇ ਨੂੰ ਅਜਿਹੇ ਲੋਕਾਂ ਲਈ ਹੋਰ ਸੰਵੇਦਨਸ਼ੀਲ ਬਣਾਉਣ ਦਾ ਫੈਸਲਾ ਕੀਤਾ ਹੈ ਤਾਂ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਨ੍ਹਾਂ ਕਿਸੇ ਦੇਰੀ ਤੇ ਪ੍ਰੇਸ਼ਾਨੀ ਤੋਂ ਸਰਕਾਰੀ ਸੇਵਾਵਾਂ ਤੁਰੰਤ ਮੁਹੱਈਆ ਕਰਵਾਈਆਂ ਜਾਣ ਦੇ ਲਏ ਗਏ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਇਸ ਤਰ੍ਹਾਂ ਕਰਨ ਨਾਲ਼ ਇਕ ਨਵੀ ਕਿਸਮ ਦਾ ਆਗਾਜ਼ ਕੀਤਾ ਗਿਆ ਹੈ।