ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਰਾਜ ਪੱਧਰੀ ਖੇਡਾਂ 8 ਤੇ 9 ਦਸੰਬਰ
ਇਹ ਖੇਡਾਂ ਪੰਜਾਬ ਸਰਕਾਰ ਦਾ ਸਾਰਥਿਕ ਤੇ ਵਿਲੱਖਣ ਉਪਰਾਲਾ ਹਨ - ਹਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ
ਪ੍ਰਮੋਦ ਭਾਰਤੀ
ਲੁਧਿਆਣਾ , 07 ਦਸੰਬਰ 2022 : ਸਕੂਲ ਸਿੱਖਿਆ ਵਿਭਾਗ ਖੇਡ ਨੀਤੀ ( 2021) ਤਹਿਤ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਦੂਜੇ ਵਿਦਿਆਰਥੀਆਂ ਦੀ ਤਰ੍ਹਾਂ ਖੇਡਾਂ ਨਾਲ ਜੋੜਨ ਲਈ ਦੋ ਰੋਜ਼ਾ ਰਾਜ਼ ਪੱਧਰੀ ਖੇਡਾਂ 8 ਤੇ 9 ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਹਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ
ਬਲਦੇਵ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਕਿਹਾ ਕਿ ਇਹਨਾਂ ਖੇਡਾਂ ਲਈ ਜ਼ਿਲ੍ਹਾ ਲੁਧਿਆਣਾ ਦੀ ਚੋਣ ਸਾਡੇ ਲਈ ਬਹੁਤ ਖੁਸ਼ੀ ਵਾਲੀ ਗੱਲ ਹੈ। ਇਹ ਪੰਜਾਬ ਸਰਕਾਰ ਦਾ ਸਾਰਥਿਕ ਤੇ ਵਿਲੱਖਣ ਉਪਰਾਲਾ ਹੈ ਤਾਂ ਜੋ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ ਵਧੇ ਅਤੇ ਉਹ ਦੂਜੇ ਵਿਦਿਆਰਥੀਆਂ ਨਾਲੋਂ ਆਪਣੇ ਆਪ ਨੂੰ ਕਿਸੇ ਵੀ ਪੱਖੋਂ ਘੱਟ ਨਾ ਸਮਝਣ।ਇਹ ਖੇਡਾਂ ਆਮ ਜਨ ਸਮੂਹ ਲਈ ਸੁਨੇਹਾ ਵੀ ਹਨ ਕਿ ਉਹ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਪ੍ਰਤੀ ਸਾਕਾਰਾਤਮਕ ਸੋਚ ਅਪਣਾਉਣ।
ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੁਕਾਬਲਿਆਂ ਲਈ ਸਾਰੇ ਜ਼ਰੂਰੀ ਪ੍ਰਬੰਧਨ ਮੁਕੰਮਲ ਹੋ ਗਏ ਹਨ। ਵਿਭਾਗੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਖਿਡਾਰੀਆਂ ਦੇ ਖਾਣੇ, ਰਿਹਾਇਸ਼ , ਲੜਕੇ ਲੜਕੀਆਂ ਲਈ ਵੱਖ ਵੱਖ ਵਿਸ਼ੇਸ਼ ਟੁਆਇਲਿਟਸ ਅਤੇ ਡਾਕਟਰੀ ਸਹਾਇਤਾ ਸਬੰਧੀ ਢੁਕਵੇਂ ਪ੍ਰਬੰਧ ਕਰ ਲਏ ਹਨ। ਖੇਡ ਮੁਕਾਬਲਿਆਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵੱਖ ਵੱਖ ਤਰ੍ਹਾਂ ਦੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜੇਤੂ ਵਿਦਿਆਰਥੀਆਂ ਨੂੰ ਇਨਾਮ ਤੇ ਸਰਟੀਫਿਕੇਟ ਦਿੱਤੇ ਜਾਣਗੇ।ਇਸ ਤੋਂ ਇਲਾਵਾ
ਟੀਮ ਇੰਚਾਰਜ ਅਤੇ ਕੋਚਿੰਗ ਦੇਣ ਵਾਲੇ ਅਧਿਆਪਕਾਂ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਸ ਖੇਡ ਮੇਲੇ ਦੇ ਮੀਡੀਆ ਇੰਚਾਰਜ ਪ੍ਰਿੰਸੀਪਲ ਡਾ. ਦਵਿੰਦਰ ਸਿੰਘ ਛੀਨਾ ਨੇ ਇਸ ਪੱਤਰਕਾਰ ਨੂੰ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਅਥਲੈਟਿਕਸ ਈਵੈਂਟਸ , ਵਾਲੀਬਾਲ, ਹੈਂਡਬਾਲ, ਫੁੱਟਬਾਲ, ਬੈਡਮਿੰਟਨ ਅਤੇ ਟੇਬਲ ਟੈਨਿਸ ਆਦਿ ਖੇਡਾਂ ਦੇ ਅੰਤਰ ਜ਼ਿਲ੍ਹਾ ਮੁਕਾਬਲੇ ਕਰਵਾਏ ਜਾਣਗੇ।ਇਹ ਖੇਡਾਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ ਤੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਨਾ ਸਰੋਤ ਬਣਨਗੀਆਂ।