ਹੁਸ਼ਿਆਰਪੁਰ: ਅੰਤਰਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ ’ਤੇ ਪੁਲਿਸ ਅਧਿਕਾਰੀਆਂ ਨੂੰ ਕੀਤਾ ਗਿਆ ਜਾਗਰੂਕ
- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪੁਲਿਸ ਲਾਈਨ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ
- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ ਜੇਲ੍ਹ ਦਾ ਕੀਤਾ ਨਿਰੀਖਣ
ਹੁਸ਼ਿਆਰਪੁਰ, 9 ਦਸੰਬਰ 2022 - ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਤੇ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਦੀ ਅਗਵਾਈ ਵਿਚ ਅੱਜ ਅੰਤਰਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ ’ਤੇ ਪੁਲਿਸ ਲਾਈਨ ਹੁਸ਼ਿਆਰਪੁਰ ਵਿਚ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਗਿਆ।
ਸੈਮੀਨਾਰ ਵਿਚ ਪੈਨਲ ਐਡਵੋਕੇਟ ਸੰਦੀਪ ਕੁਮਾਰ ਅਤੇ ਪੈਰਾਲੀਗਲ ਵਲੰਟੀਅਰ ਪਵਨ ਕੁਮਾਰ ਨੇ ਸੰਬੋਧਨ ਕਰਦੇ ਹੋਏ ਪੁਲਿਸ ਅਧਿਕਾਰੀਆਂ ਨੂੰ ਇਸ ਅੰਤਰਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਰਿਸ਼ਵਤ ਲੈਣਾ ਅਤੇ ਦੇਣਾ ਦੋਵੇਂ ਕਾਨੂੰਨੀ ਅਪਰਾਧ ਹਨ। ਉਨ੍ਹਾਂ ਦੱਸਿਆ ਕਿ ਉਪ ਮੰਡਲ ਦਸੂਹਾ, ਮੁਕੇਰੀਆਂ ਤੇ ਗੜ੍ਹਸ਼ੰਕਰ ਵਿਚ ਵੀ ਅੱਜ ਅੰਤਰਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ ਮਨਾਇਆ ਗਿਆ ਹੈ। ਇਸ ਦੌਰਾਨ ਉਨ੍ਹਾਂ 11 ਫਰਵਰੀ 2023 ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਵੀ ਜਾਗਰੂਕ ਕੀਤਾ।
ਇਸ ਤੋਂ ਇਲਾਵਾ ਅੱਜ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਵੀ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕੇਂਦਰੀ ਜੇਲ੍ਹ ਦੇ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਨਾਲ ਹੀ ਹਵਾਲਾਤੀਆਂ ਦੇ ਕੇਸਾਂ ਵਿਚ ਨਿਯੁਕਤ ਕੀਤੇ ਗਏ ਐਡਵੋਕੇਟਾਂ ਦੀ ਕਾਰਗੁਜ਼ਾਰੀ ਬਾਰੇ ਪੁੱਛਿਆ। ਉਨ੍ਹਾਂ ਸੁਪਰਡੈਂਟ ਕੇਂਦਰੀ ਜੇਲ੍ਹ ਅਨੁਰਾਗ ਕੁਮਾਰ ਆਜ਼ਾਦ ਤੋਂ ਕੇਂਦਰੀ ਜੇਲ੍ਹ ਵਿਚ ਨਵੇਂ ਦਾਖਲ ਹੋਏ ਹਵਾਲਤੀਆਂ ਬਾਰੇ ਵਿਚ ਵੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਸੁਪਰਡੈਂਟ ਸਰਬਜੀਤ ਸਿੰਘ, ਸਤਨਾਮ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।