ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨੇਤਾ ਜੀ ਸੁਭਾਸ਼ ਚੰਦਰ ਬੋਸ ਜੈਅੰਤੀ ਸਬੰਧੀ ਕਰਵਾਏ ਗਏ ਪਂੇਟਿੰਗ ਮੁਕਾਬਲਿਆਂ ਦਾ ਦ੍ਰਿਸ਼।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਹਾੜੇ ਮੌਕੇ ਕਰਵਾਏ ਸੈਮੀਨਾਰ
ਹੁਸ਼ਿਆਰਪੁਰ, 23 ਜਨਵਰੀ 2023 : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਹਾੜੇ ਮੌਕੇ ਰਿਆਤ ਬਾਹਰਾ ਕਾਲਜ ਹੁਸ਼ਿਆਰਪੁਰ, ਚਿਲਡਰਨ ਹੋਮ, ਰਾਮ ਕਲੋਨੀ ਕੈਂਪ ਵਿਖੇ ਵੱਖ-ਵੱਖ ਸੈਮੀਨਾਰ ਕਰਵਾਏ ਗਏ। ਇਸ ਦੌਰਾਨ ਹਾਜ਼ਰੀਨ ਨੂੰ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜੀਵਨ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਉਂਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਂਦਿਆਂ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਰਿਟੇਨਰ ਐਡਵੋਕੇਟ ਮਲਕੀਤ ਸਿੰਘ ਸਿਕਰੀ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ, ਘਰੇਲੂ ਹਿੰਸਾ ਐਕਟ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸੇ ਤਰ੍ਹਾਂ ਚਿਲਡਰਨ ਹੋਮ ਰਾਮ ਕਲੋਨੀ ਕੈਂਪ ਵਿਖੇ ਸੈਮੀਨਾਰ ਦੌਰਾਨ ਬੱਚਿਆਂ ਨੂੰ ਪੋਕਸੋ ਐਕਟ ਅਤੇ ਲੋਕ ਅਦਾਲਤਾਂ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ 11 ਫਰਵਰੀ 2023 ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਸੀਨੀਅਰ ਸੈਕੰਡਰੀ ਸਕੂਲਾਂ ਵਿਚਲੇ ਲੀਗਲ ਲਿਟਰੇਸੀ ਕਲੱਬਾਂ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਸਹਿਯੋਗ ਨਾਲ ਨੇਤਾ ਜੀ ਸੁਭਾਸ਼ ਚੰਦਰ ਬੋਸ ਜੈਅੰਤੀ ਸਬੰਧੀ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ।