ਡਿਪਟੀ ਕਮਿਸ਼ਨਰ ਵੱਲੋਂ ਸੰਗਰੂਰ ਜ਼ਿਲ੍ਹੇ ‘ਚ ਸਿਹਤ ਕੇਂਦਰਾਂ ਨੂੰ ਅਪਗ੍ਰੇਡ ਕਰਨ ਦੀ ਸਥਿਤੀ ਦਾ ਜਾਇਜ਼ਾ
27 ਜਨਵਰੀ ਨੂੰ ਕੀਤਾ ਜਾਵੇਗਾ ਰਸਮੀ ਉਦਘਾਟਨ
ਦਲਜੀਤ ਕੌਰ
ਸੰਗਰੂਰ, 23 ਜਨਵਰੀ, 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਨੇੜੇ ਬੁਨਿਆਦੀ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਲਈ ਅਪਗ੍ਰੇਡ ਕੀਤੇ ਜਾ ਰਹੇ ਸਿਹਤ ਸੰਸਥਾਨਾਂ ਦੀ ਸਥਿਤੀ ਬਾਰੇ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 27 ਜਨਵਰੀ ਨੂੰ ਇਹ ਅਪਗ੍ਰੇਡ ਕੇਂਦਰ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਉਨ੍ਹਾਂ ਸਮੂਹ ਸਬ ਡਵੀਜ਼ਨਾਂ ਦੇ ਉਪ ਮੰਡਲ ਮੈਜਿਸਟ੍ਰੇਟ ਨੂੰ ਇਨ੍ਹਾਂ ਸਿਹਤ ਸੰਸਥਾਵਾਂ ਦੀ ਸਥਿਤੀ ਤੇ ਉਪਲਬਧ ਸਹੂਲਤਾਂ ਦਾ ਅਗੇਤੇ ਤੌਰ 'ਤੇ ਜਾਇਜ਼ਾ ਲੈਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ‘ਚ ਚਲਾਏ ਜਾ ਰਹੇ ਆਮ ਆਦਮੀ ਕਲੀਨਿਕਾਂ ਰਾਹੀਂ ਮਰੀਜ਼ਾਂ ਦਾ ਬਿਨਾਂ ਕਿਸੇ ਖੱਜਲ-ਖ਼ੁਆਰੀ ਤੋਂ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਆਮ ਆਦਮੀ ਕਲੀਨਿਕਾਂ ਦੀ ਤਰਜ਼ ’ਤੇ ਹੋਰ ਪ੍ਰਾਇਮਰੀ ਸਿਹਤ ਕੇਂਦਰ ਅਤੇ ਸ਼ਹਿਰੀ ਡਿਸਪੈਂਸਰੀਆਂ ਅਪਗ੍ਰੇਡ ਕਰਨ ਦੀ ਇਸ ਪ੍ਰਕਿਰਿਆ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਵੋਤਮ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਨ੍ਹਾਂ ਪ੍ਰਾਇਮਰੀ ਸਿਹਤ ਕੇਂਦਰਾਂ ਤੇ ਸ਼ਹਿਰੀ ਡਿਸਪੈਂਸਰੀਆਂ ਨੂੰ ਸਿਹਤ ਸਹੂਲਤਾਂ ਪੱਖੋਂ ਹੋਰ ਬਿਹਤਰ ਬਣਾਇਆ ਜਾ ਰਿਹਾ ਹੈ ਤਾਂ ਜੋ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਲੋਕ ਆਪਣੇ ਘਰਾਂ ਦੇ ਨਜ਼ਦੀਕ ਹੀ ਇਲਾਜ ਸੁਵਿਧਾਵਾਂ ਹਾਸਲ ਕਰਨ ਦੇ ਸਮਰੱਥ ਬਣ ਸਕਣ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵੱਖ-ਵੱਖ ਉਪ ਮੰਡਲ ਮੈਜਿਸਟ੍ਰੇਟ, ਸਹਾਇਕ ਕਮਿਸ਼ਨਰ, ਸਿਵਲ ਸਰਜਨ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।