ਜ਼ਿਲ੍ਹਾ ਸਿਹਤ ਵਿਭਾਗ ਨੇ 13ਵਾਂ ਕੌਮੀ ਮਤਦਾਤਾ ਦਿਵਸ ਮਨਾਇਆ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 25 ਜਨਵਰੀ 2023 : ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ. ਨਵਜੋਤ ਪਾਲ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਜੀ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਅੱਜ 13ਵਾਂ ਕੌਮੀ ਮਤਦਾਤਾ ਦਿਵਸ ਮਨਾਇਆ ਗਿਆ। ਇਸ ਸਾਲ ਕੌਮੀ ਮਤਦਾਤਾ ਦਿਵਸ-2023ਦਾ ਥੀਮ ‘ਨਥਿੰਗ ਲਾਈਕ ਵੋਟਿੰਗ, ਆਈ ਵੋਟ ਫਾਰ ਸ਼ਿਓਰ’ ਨਿਸ਼ਚਿਤ ਕੀਤਾ ਗਿਆ। ਇਸ ਦਿਨ ਦਾ ਮੁੱਖ ਉਦੇਸ਼ ਨੌਜਵਾਨ ਵੋਟਰਾਂ ਨੂੰ ਚੋਣਾਂ ਦੌਰਾਨ ਵੋਟ ਪਾਉਣ ਲਈ ਜਾਗਰੂਕ ਅਤੇ ਉਤਸ਼ਾਹਿਤ ਕਰਨਾ ਹੈ।
ਇਸ ਮੌਕੇ ਸਿਵਲ ਸਰਜਨ ਡਾ ਦਵਿੰਦਰ ਢਾਂਡਾ ਨੇ ਨਵੇਂ ਵੋਟਰਾਂ ਨੂੰ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਵੋਟ ਪਾਉਣ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਵੋਟਾਂ ਦੀ ਫੀਸਦੀ ਜਿੰਨੀ ਵਧੇਰੇ ਹੋਵੇਗੀ, ਓਨਾ ਹੀ ਚੰਗੇ ਅਕਸ ਵਾਲਾ ਉਮੀਦਵਾਰ ਚੁਣਿਆ ਜਾ ਸਕੇਗਾ ਅਤੇ ਇਸ ਵਿੱਚ ਹਰ ਵੋਟਰ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਨਿੱਜੀ ਮੁਫਾਦਾਂ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਭੈਅ ਦੇ ਮਤਦਾਨ ਦੀ ਸਹੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ।
ਡਾ ਦਵਿੰਦਰ ਢਾਂਡਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿੱਜੀ ਮੁਫਾਦਾਂ ਤੋਂ ਉਪਰ ਉੱਠ ਕੇ ਬਿਨਾਂ ਕਿਸੇ ਭੈਅ ਤੇ ਲੋਭ ਦੇ ਵੋਟ ਪਾਉਣ ਦਾ ਪ੍ਰਣ ਦਿਵਾਇਆ।
ਉਨ੍ਹਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰਣ ਦਿਵਾਇਆ, 'ਅਸੀਂ, ਭਾਰਤ ਦੇ ਨਾਗਰਿਕ ਲੋਕਤੰਤਰ ਵਿੱਚ ਵਿਸ਼ਵਾਸ ਰੱਖਦੇ ਹੋਏ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੇ ਦੇਸ਼ ਦੀਆਂ ਲੋਕਤੰਤਰਿਕ ਪ੍ਰੰਪਰਾਵਾਂ ਨੂੰ ਬਣਾਈ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ ਨਿਡਰ ਹੋ ਕੇ ਧਰਮ, ਵਰਗ, ਜਾਤ, ਸਮੁਦਾਇ, ਭਾਸ਼ਾ ਜਾਂ ਹੋਰ ਕਿਸੇ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਾਂਗੇ।
ਇਸ ਤੋਂ ਪਹਿਲਾਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ ਨੇ ਵੋਟਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਸਾਰੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਹਰ ਜਮਹੂਰੀ ਅਮਲ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਕੌਮੀ ਮਤਦਾਤਾ ਦਿਵਸ ਦੀ ਸ਼ੁਰੂਆਤ 25 ਜਨਵਰੀ, 2011 ਨੂੰ ਕੀਤੀ ਗਈ ਸੀ, ਜਿਸਦਾ ਮਕਸਦ 18 ਸਾਲ ਦੇ ਹੋਣ ਵਾਲੇ ਨਾਗਰਿਕਾਂ ਨੂੰ ਮਤਦਾਤਾ ਵਜੋਂ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਅਤੇ ਚੋਣ ਅਮਲ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਨੇ ਸ਼ਰਾਬ, ਨਸ਼ੇ ਜਾਂ ਕਿਸੇ ਹੋਰ ਲਾਲਚ ਵਿੱਚ ਵੋਟ ਪਾਉਣ ਨਾਲ ਪੂਰੇ ਜਮਹੂਰੀ ਤੰਤਰ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਾਇਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਪੀਏ ਅਜੇ ਕੁਮਾਰ, ਚੀਫ ਫਾਰਮੇਸੀ ਅਫ਼ਸਰ ਨਿਰਮਲ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਹਰਪ੍ਰੀਤ ਸਿੰਘ ਹੈਲਥ ਇੰਸਪੈਕਟਰ ਰਾਜੀਵ ਕੁਮਾਰ, ਫਾਰਮੇਸੀ ਅਫ਼ਸਰ ਮਿਸ ਨੇਹਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।