ਗੁਰੂ ਹਰਕਿਸ਼ਨ ਪਬਲਿਕ ਸਕੂਲ ਵਿਖੇ ਕਰਵਾਏ ਸਰਸਵਤੀ ਪੂਜਨ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ
ਕਮਲ ਕੁਮਾਰ ਕਾਂਸਲ
ਨਵੀਂ ਦਿੱਲੀ, 28 ਜਨਵਰੀ 2023 : ਗੁਰੂ ਹਰਕਿਸ਼ਨ ਪਬਲਿਕ ਸਕੂਲ ਵਸੰਤ ਵਿਹਾਰ ਵਿਖੇ ਕਰਵਾਏ ਜਾ ਰਹੇ ਸਰਸਵਤੀ ਪੂਜਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸਿੱਖ ਆਗੂਆਂ ਨੇ ਇਸ ਦਾ ਵਿਰੋਧ ਕੀਤਾ ਹੈ। ਗੁਰੂ ਹਰਕਿਸ਼ਨ ਪਬਲਿਕ ਸਕੂਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਇਆ ਜਾਂਦਾ ਹੈ। ਕਮੇਟੀ ਦੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਸਰਨਾ, ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸਕੂਲ ਵਿੱਚ ਸਰਸਵਤੀ ਪੂਜਾ ਕਰਵਾਉਣ ਦਾ ਵਿਰੋਧ ਕੀਤਾ ਹੈ।
ਹਰਵਿੰਦਰ ਸਿੰਘ ਸਰਨਾ ਦਾ ਕਹਿਣਾ ਹੈ ਕਿ ਕਮੇਟੀ ਵੱਲੋਂ ਚਲਾਏ ਜਾ ਰਹੇ ਵਿਦਿਅਕ ਅਦਾਰਿਆਂ ਵਿੱਚ ਮੂਰਤੀ ਪੂਜਾ ਦੀ ਕੋਈ ਪਰੰਪਰਾ ਨਹੀਂ ਹੈ। ਸਕੂਲ ਵਿੱਚ ਹਰ ਧਰਮ ਦੇ ਵਿਦਿਆਰਥੀ ਪੜ੍ਹਦੇ ਹਨ। ਪਰ ਸਕੂਲ ਸੰਗਤ ਦੇ ਪੈਸੇ ਨਾਲ ਚਲਾਇਆ ਜਾਂਦਾ ਹੈ। ਸੰਗਤ ਤੋਂ ਮਿਲਣ ਵਾਲੀ ਰਾਸ਼ੀ ਸਿੱਖ ਧਰਮ ਅਤੇ ਗੁਰੂ ਦੀ ਬਾਣੀ ਦੇ ਪ੍ਰਚਾਰ-ਪ੍ਰਸਾਰ ਤੇ ਖਰਚ ਕੀਤੀ ਜਾਵੇ। ਮਨਜੀਤ ਸਿੰਘ ਨੇ ਦੋਸ਼ ਲਾਇਆ ਕਿ DSGMC ਮੈਨੇਜਮੈਂਟ ਸਿੱਖ ਮਰਿਆਦਾ ਦੀ ਪਾਲਣਾ ਕਰਨ 'ਚ ਅਸਫਲ ਰਹੀ ਹੈ।