ਮਾਤਾ ਕੁਸ਼ੱਲਿਆ ਹਸਪਤਾਲ 'ਚ ਸਰਿੰਜਾਂ ਨਾ ਮਿਲਣ ਕਾਰਨ ਖੰਨਾ ਨੇ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਤੋਂ ਕਾਰਵਾਈ ਦੀ ਕੀਤੀ ਮੰਗ
ਜੀ ਐਸ ਪੰਨੂ
ਪਟਿਆਲਾ, 29 ਜਨਵਰੀ,2023 : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਸਾਬਕਾ ਚੇਅਰਮੈਨ ਗੁਰਤੇਜ ਸਿੰਘ ਢਿੱਲੋਂ ਨੇ ਪਿਛਲੇ ਦਿਨੀਂ ਸਥਾਨਕ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਸਰਿੰਜਾਂ ਦਾ ਸਟਾਕ ਖਤਮ ਹੋਣ ਕਾਰਨ ਮਰੀਜ਼ਾਂ ਨੂੰ ਆ ਰਹੀਆਂ ਦਿੱਕਤਾਂ ਦਾ ਮਾਮਲਾ ਮੀਡੀਆ ’ਚ ਆਉਣ ’ਤੇ ਇਸ ਮਾਮਲੇ ਸਬੰਧੀ ਤੁਰੰਤ ਐਕਸ਼ਨ ਲੈਂਦਿਆਂ ਇਹ ਮਾਮਲਾ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ ਦੇ ਧਿਆਨ ਵਿਚ ਲਿਆਂਦਾ।
ਢਿੱਲੋਂ ਵਲੋਂ ਜਿਉਂ ਹੀ ਮਾਮਲਾ ਅਵਿਨਾਸ਼ ਰਾਏ ਖੰਨਾ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਉਨ੍ਹਾਂ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀਮਤੀ ਨਿਰਮਜੀਤ ਕੌਰ ਨੂੰ ਪੱਤਰ ਲਿਖ ਕੇ ਇਸ ਮਾਮਲੇ ਬਾਰੇ ਜਾਣੂ ਕਰਵਾਇਆ ਅਤੇ ਆਖਿਆ ਕਿ ਲੋਕਾਂ ਨੂੰ ਸਰਕਾਰੀ ਸਿਹਤ ਕੇਂਦਰਾਂ ਵਿਚ ਟੈਸਟ ਲਈ ਸਰਿੰਜ ਆਪ ਖਰੀਦ ਕੇ ਲਿਆਉਣੀ ਪੈ ਰਹੀ ਹੈ ਅਤੇ ਸਰਕਾਰ ਵਲੋਂ ਹਸਪਤਾਲ ਅੰਦਰ ਮਰੀਜ਼ਾਂ ਨੂੰ ਸਰਿੰਜਾਂ ਉਪਲਬਧ ਨਾ ਕਰਵਾਉਣਾ ਮਨੁੱਖੀ ਅਧਿਕਾਰ ਦਾ ਉਲੰਘਣ ਹੈ।
ਖੰਨਾ ਨੇ ਪੱਤਰ ਲਿਖ ਕੇ ਆਖਿਆ ਕਿ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਅੰਦਰ ਰੋਜ਼ਾਨਾ ਹਜ਼ਾਰਾਂ ਮਰੀਜ਼ ਆਉਂਦੇ ਹਨ ਅਤੇ ਉਨ੍ਹਾਂ ਨੂੰ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਮਿਸ਼ਨ ਤੋਂ ਮੰਗ ਕੀਤੀ ਕਿ ਇਸ ਵਿਸ਼ੇ ਨੂੰ ਗੰਭੀਰਤਾ ਨਾ ਲੈਂਦਿਆਂ ਤੁਰੰਤ ਕਾਰਵਾਈ ਕੀਤੀ ਜਾਵੇ।