21 ਫਰਵਰੀ ਤੱਕ ਸਾਰੇ ਬੋਰਡ ਪੰਜਾਬੀ 'ਚ ਲਿਖੇ ਜਾਣ- ਚੰਦਨਦੀਪ ਕੌਰ
ਜੀ ਐਸ ਪੰਨੂ
ਪਟਿਆਲਾ, 1 ਫਰਵਰੀ,2023: ਜ਼ਿਲਾਂ ਭਾਸ਼ਾ ਅਫ਼ਸਰ ਚੰਦਨਦੀਪ ਕੌਰ ਨੇ ਦੱਸਿਆਂ ਕਿ ਪੰਜਾਬ ਸਰਕਾਰ ਵਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਤੇ ਪੂਰਾ ਮਾਣ ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਜ਼ਿਲੇ ਦੇ ਸਾਰੇ ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ਵਿਚ ਲਿਖਣੇ ਲਾਜ਼ਮੀ ਬਣਾਏ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਵਧੇਰੇ ਮਹੱਤਤਾ ਦੇਣ ਲਈ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ/ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸ਼ਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ਵਿਚ ਲਿਖੇ ਜਾਣਗੇ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਤੋਂ ਹੇਠਾਂ ਦੂਸਰੀ ਭਾਸ਼ਾ ਵਿਚ ਲਿਖਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਰਕਾਰੀ ਅਦਾਰਿਆਂ ਤੋਂ ਇਲਾਵਾਂ ਗੈਰ ਸਰਕਾਰੀ,ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰੇ ਵੀ ਆਪੋ ਆਪਣੇ ਸਾਈਨ ਬੋਰਡ 21 ਫਰਵਰੀ, 2023 ਤੋਂ ਪਹਿਲਾਂ ਪਹਿਲਾਂ ਪੰਜਾਬੀ ਭਾਸ਼ਾ ਵਿਚ ਲਿਖਣੇ ਲਾਜ਼ਮੀ ਬਨਾਉਣਗੇ। ਨਿਰਧਾਰਿਤ ਮਿਤੀ ਤੋਂ ਬਾਅਦ ਹੁਕਮਾਂ ਦੀ ਪਾਲਣਾ ਨਾ ਕੀਤੇ ਜਾਣ ਦੀ ਸੂਰਤ ਵਿਚ ਸਬੰਧਤ ਖਿਲਾਫ਼ ਪੰਜਾਬ ਰਾਜ ਭਾਸ਼ਾ (ਤਰਮੀਮ) ਐਕਟ 2008 ਅਤੇ 2021 ਵਿਚ ਦਰਜ ਉਪਬੰਧਾਂ ਅਨੁਸਾਰ ਜੁਰਮਾਨਾ ਲਗਾਉਣ ਸਬੰਧੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਜ਼ਿਲ੍ਹਾਂ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਪੂਰਨ ਸਹਿਯੋਗ ਦਿੱਤਾ ਜਾਵੇ।