← ਪਿਛੇ ਪਰਤੋ
ਪਾਕਿਸਤਾਨ ’ਚ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ ਅੰਮ੍ਰਿਤਸਰ, 06 ਫਰਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਜਿਲ੍ਹਾ ਨਨਕਾਣਾ ਸਾਹਿਬ ਵਿਚ ਦੋ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿਚ ਪਿਛਲੇ ਸਮੇਂ ਦੌਰਾਨ ਕਈ ਵਾਰ ਸਿੱਖਾਂ ਤੇ ਹਮਲੇ ਹੋ ਚੁੱਕੇ ਹਨ, ਪਰ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ। ਉਨ੍ਹਾਂ ਕਿਹਾ ਕਿ ਤਾਜਾ ਮਾਮਲੇ ਵਿਚ ਵੀ ਪੁਲਿਸ ਵੱਲੋਂ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ, ਸਗੋਂ ਸਿੱਖਾਂ ਤੇ ਦਬਾਅ ਬਣਾਇਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਪਾਕਿਸਤਾਨ ਸਰਕਾਰ ਨਾਲ ਗਲ ਕਰਕੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ।
Total Responses : 133