ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਲੱਗੇ ਸੁਵਿਧਾ ਕੈਂਪਾਂ ਦਾ ਵੱਡੀ ਗਿਣਤੀ ਲੋੜਵੰਦਾਂ ਨੇ ਉਠਾਇਆ ਲਾਭ
- ਹਰ ਬੁੱਧਵਾਰ ਨੂੰ ਆਯੋਜਿਤ ਕੀਤੇ ਜਾਂਦੇ ਹਨ ਸਬ ਡਵੀਜ਼ਨਲ ਸੁਵਿਧਾ ਕੈਂਪ
ਦਲਜੀਤ ਕੌਰ
ਸੰਗਰੂਰ, 8 ਫਰਵਰੀ, 2023: ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਅੰਦਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸੁਵਿਧਾ ਕੈਂਪ ਲਗਾ ਕੇ ਲੋਕਾਂ ਨੂੰ ਵੱਖ ਵੱਖ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਜੋਰਵਾਲ ਨੇ ਦੱਸਿਆ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਵੱਖ ਵੱਖ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦਾ ਮਕਸਦ ਨਾਗਰਿਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਫ਼ ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਹਰੇਕ ਬੁੱਧਵਾਰ ਸਬ ਡਵੀਜ਼ਨ ਦੇ ਕਿਸੇ ਪਿੰਡ ਜਾਂ ਸ਼ਹਿਰ ਦੇ ਪ੍ਰਮੁੱਖ ਸਥਾਨ ’ਤੇ ਅਜਿਹੇ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਦੁਆਰਾ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਸੇਵਾਵਾਂ, ਸਮਾਜਿਕ ਸੁਰੱਖਿਆ ਵਿਭਾਗ, ਸਿਹਤ ਵਿਭਾਗ, ਖੇਤੀਬਾੜੀ, ਬਾਗਬਾਨੀ ਜਾਂ ਫੂਡ ਤੇ ਸਿਵਲ ਸਪਲਾਈ ਵਿਭਾਗ ਨਾਲ ਸਬੰਧਤ ਕੰਮਕਾਰ ਕਰਵਾਉਣ ਨੂੰ ਤਰਜੀਹ ਦਿੱਤੀ ਜਾਂਦੀ ਹੈ ਇਸ ਤੋਂ ਇਲਾਵਾ ਮਗਨਰੇਗਾ ਦੇ ਜੋਬ ਕਾਰਡ ਬਣਵਾਉਣ ਸਬੰਧੀ ਵੀ ਬਿਨੈ ਪੱਤਰ ਪ੍ਰਾਪਤ ਹੁੰਦੇ ਹਨ ਜਿਨ੍ਹਾਂ ਦਾ ਢੁਕਵਾਂ ਨਿਪਟਾਰਾ ਜਾਂ ਤਾਂ ਵਿਭਾਗੀ ਟੀਮਾਂ ਵੱਲੋਂ ਕੈਂਪ ਦੌਰਾਨ ਹੀ ਕਰ ਦਿੱਤਾ ਜਾਂਦਾ ਹੈ ਜਾਂ ਫਿਰ ਬਾਅਦ ਵਿੱਚ ਬਿਨੈਕਾਰ ਨੂੰ ਕਾਰਵਾਈ ਕਰਨ ਮਗਰੋਂ ਸੂਚਿਤ ਕਰ ਦਿੱਤਾ ਜਾਂਦਾ ਹੈ।
ਅੱਜ ਤਹਿਸੀਲ ਸੁਨਾਮ ਦੇ ਪਿੰਡ ਮਹਿਲਾਂ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ, ਧੂਰੀ ਸਬ ਡਵੀਜ਼ਨ ਦੇ ਬੇਨੜਾ ਪਿੰਡ ਵਿਖੇ, ਸੰਗਰੂਰ ਸਬ ਡਵੀਜ਼ਨ ਦਾ ਕੈਂਪ ਲੌਂਗੋਵਾਲ ਵਿਖੇ ਅਤੇ ਭਵਾਨੀਗੜ੍ਹ ਦਾ ਕੈਂਪ ਭਰਾਜ ਵਿਖੇ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਲਾਭਪਾਤਰੀਆਂ ਨੇ ਲਾਭ ਉਠਾਇਆ। ਇਸੇ ਤਰ੍ਹਾਂ ਪਿੰਡ ਨਰਾਇਣਗੜ੍ਹ ਵਿਖੇ ਆਯੋਜਿਤ ਕੈਂਪ ਦੌਰਾਨ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੇ ਵੀ ਵਿਭਾਗੀ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀਆਂ ਅਤੇ ਦਰਪੇਸ਼ ਸਮੱਸਿਆਵਾਂ ਦਾ ਜਾਇਜ਼ਾ ਲਿਆ। ਜ਼ਿਕਰਯੋਗ ਹੈ ਕਿ ਇਹ ਕੈਂਪ ਸਬੰਧਤ ਉਪ ਮੰਡਲ ਦੇ ਐਸ.ਡੀ.ਐਮਜ਼ ਦੀ ਨਿਗਰਾਨੀ ਹੇਠ ਲਗਾਏ ਜਾ ਰਹੇ ਹਨ।