ਸਪੀਕਰ ਕੁਲਤਾਰ ਸੰਧਵਾਂ ਮੁੱਖ ਮਹਿਮਾਨ ਵਜੋਂ ਪੁੱਜੇ ਬਲੌਸਮ ਕਾਨਵੈਂਟ ਸਕੂਲ ਦੇ ਸਾਲਾਨਾ ਸਮਾਗਮ 'ਚ
ਦੀਪਕ ਜੈਨ
ਜਗਰਾਓਂ, 8 ਫਰਵਰੀ 2023 - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਅੱਜ ਨੇੜਲੇ ਪਿੰਡ ਲੀਲਾ ਦੇ ਬਲੌਸਮ ਕਾਨਵੈਂਟ ਸਕੂਲ ਦੇ ਸਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਸਕੂਲ ਦੇ ਪ੍ਰੋਗਰਾਮ ਵਿੱਚ ਆਪਣੀ ਪਾਰਟੀ ਅਤੇ ਪੰਜਾਬ ਸਰਕਾਰ ਦੇ ਗੁਣਗਾਨ ਗਾਨੇ ਸ਼ੁਰੂ ਕਰ ਦਿੱਤੇ। ਉਨ੍ਹਾਂ ਨੇ ਸਕੂਲੀ ਪ੍ਰੋਗਰਾਮ 'ਚ ਮਾਂ-ਬੋਲੀ ਪੰਜਾਬੀ ਨੂੰ ਬਣਦਾ ਸਤਿਕਾਰ ਨਾ ਮਿਲਣ ਦੀ ਗੱਲ ਕਹੀ। ਪਰ ਦੂਜੇ ਪਾਸੇ ਉਨ੍ਹਾਂ ਨੇ ਆਪਣਾ ਭਾਸ਼ਣ ਅੰਗਰੇਜ਼ੀ ਵਿੱਚ ਹੀ ਸ਼ੁਰੂ ਕਰ ਦਿੱਤਾ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸਕੂਲ ਪਹੁੰਚਣ 'ਤੇ ਹਲਕਾ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ, ਸਕੂਲ ਪਿ੍ੰਸੀਪਲ ਅਮਰਜੀਤ ਕੌਰ ਨਾਜ਼ ਅਤੇ ਸਕੂਲ ਪ੍ਰਬੰਧਕਾਂ ਵੱਲੋਂ ਗੁਲਦਸਤੇ ਦੇ ਕੇ ਸਵਾਗਤ ਕੀਤਾ ਗਿਆ | ਸਪੀਕਰ ਸੰਧਵਾਂ ਨੇ ਸਕੂਲ ਦੇ ਪ੍ਰਿੰਸੀਪਲ, ਮੈਨੇਜਮੈਂਟ ਕਮੇਟੀ ਅਤੇ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਕੂਲ ਜਿਸ ਵਧੀਆ ਤਰੀਕੇ ਨਾਲ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰ ਰਿਹਾ ਹੈ, ਉਸ ਲਈ ਸਕੂਲ ਪ੍ਰਿੰਸੀਪਲ, ਮੈਨੇਜਮੈਂਟ ਕਮੇਟੀ ਮੈਂਬਰ ਅਤੇ ਸਮੂਹ ਸਟਾਫ਼ ਵਧਾਈ ਦਾ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਸਕੂਲ ਸਟਾਫ਼ ਅਤੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਬੱਚਿਆਂ ਨੂੰ ਆਧੁਨਿਕ ਤਰੀਕੇ ਨਾਲ ਸਿੱਖਿਆ ਦੇਣ ਲਈ ਹਰ ਸੰਭਵ ਯਤਨ ਕਰ ਰਹੇ ਹਨ।
ਉਨ੍ਹਾਂ ਸਕੂਲ ਪ੍ਰਬੰਧਕਾਂ ਅਤੇ ਪਿ੍ੰਸੀਪਲ ਨਾਜ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਕੂਲ ਵੱਲੋਂ ਬੱਚਿਆਂ ਨੂੰ ਮਾਸਕ ਮੀਡੀਆ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਬਹੁਤ ਹੀ ਵਧੀਆ ਸ਼ੁਰੂਆਤ ਕਰਦਿਆਂ ਮਾਸਕ ਮੀਡੀਆ ਨੂੰ ਵੀ ਵਧੀਆ ਢੰਗ ਨਾਲ ਪੜ੍ਹਾਉਣਾ ਸ਼ੁਰੂ ਕੀਤਾ ਗਿਆ ਹੈ, ਜਿਸ ਲਈ ਸਕੂਲ ਪ੍ਰਬੰਧਕ ਅਤੇ ਸਕੂਲ ਸਟਾਫ਼ ਵਧਾਈ ਦਾ ਹੱਕਦਾਰ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਹਾਲਾਤਾਂ ਅਤੇ ਆਪਣੀਆਂ ਕੁਝ ਗਲਤੀਆਂ ਕਾਰਨ ਪਿਛਲੇ ਚਾਰ-ਪੰਜ ਦਹਾਕਿਆਂ ਤੋਂ ਆਪਣੀ ਮਾਂ ਬੋਲੀ ਪੰਜਾਬੀ ਨੂੰ ਬਣਦਾ ਮਾਣ-ਸਤਿਕਾਰ ਨਹੀਂ ਦੇ ਸਕੇ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਮਾਂ ਬੋਲੀ ਪੰਜਾਬੀ ਨੂੰ ਬਣਦਾ ਮਾਣ ਸਤਿਕਾਰ ਦੇਣ ਦੇ ਨਾਲ-ਨਾਲ ਪੰਜਾਬ ਸਰਕਾਰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਕਈ ਮਾਮਲਿਆਂ ਵਿੱਚ ਕਮੀਆਂ ਨੂੰ ਦੂਰ ਕਰਨ ਲਈ ਇਨ੍ਹਾਂ ਵਿਸ਼ਿਆਂ ਬਾਰੇ ਵਿਸ਼ੇਸ਼ ਰਿਪੋਰਟ ਤਿਆਰ ਕਰਕੇ ਜਲਦੀ ਹੀ ਮੁੱਖ ਮੰਤਰੀ ਮਾਨ ਨੂੰ ਭੇਜੀ ਜਾਵੇਗੀ। ਪੰਜਾਬ ਦੇ ਕਈ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੂੰ ਮਾਂ-ਬੋਲੀ ਪੰਜਾਬੀ ਦੀ ਥਾਂ ਹਿੰਦੀ ਅਤੇ ਅੰਗਰੇਜ਼ੀ ਵਿੱਚ ਬੋਲਣ ਲਈ ਮਜਬੂਰ ਕਰਨ ਬਾਰੇ ਪੁੱਛੇ ਸਵਾਲ ’ਤੇ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੇ ਕਿਹਾ ਕਿ ਕੱਲ੍ਹ ਦੀ ਮੀਟਿੰਗ ਦੌਰਾਨ ਸਿੱਖਿਆ ਮੰਤਰੀ ਅਤੇ ਉਹ ਖੁਦ ਵੀ ਹਾਜ਼ਰ ਸਨ ਅਤੇ ਮੀਟਿੰਗ ਦੌਰਾਨ ਉਕਤ ਗੱਲਾਂ 'ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਕੋਈ ਗੱਲ ਸਾਹਮਣੇ ਆਉਂਦੀ ਹੈ ਤਾਂ ਬੱਚਿਆਂ ਦੇ ਮਾਪੇ ਇਸ ਦੀ ਸ਼ਿਕਾਇਤ ਕਰ ਸਕਦੇ ਹਨ ਅਤੇ ਉਨ੍ਹਾਂ ਦੀ ਸ਼ਿਕਾਇਤ ਮਿਲਣ 'ਤੇ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ |
ਅਜਿਹੇ ਪ੍ਰਾਈਵੇਟ ਸਕੂਲਾਂ ਦੇ ਖਿਲਾਫ ਸਰਕਾਰ ਜੋ ਹਿੰਦੀ ਅਤੇ ਅੰਗਰੇਜ਼ੀ ਵਿੱਚ ਬੋਲਣ ਲਈ ਦਬਾਅ ਪਾ ਰਹੇ ਹਨ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ।ਇਸ ਮੌਕੇ ਸਕੂਲ ਦੇ ਚੇਅਰਮੈਨ ਹਰਭਜਨ ਸਿੰਘ ਜੌਹਲ, ਆਮ ਆਦਮੀ ਪਾਰਟੀ ਦੇ ਗੋਪੀ ਸ਼ਰਮਾ, ਅਜਮੇਰ ਸਿੰਘ ਰੱਤੀਆਂ, ਸਤਵੀਰ ਸਿੰਘ ਸੇਖੋਂ, ਰਛਪਾਲ ਸਿੰਘ, ਰਵਿੰਦਰ ਕੌਰ ਜੌਹਲ ਅਤੇ ਕੈਨੇਡਾ ਤੋਂ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।