ਇੱਕ ਤੋਂ ਵੱਧ ਦੁਕਾਨਾਂ ਤੇ ਸਕੂਲ ਦੀਆਂ ਕਿਤਾਬਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਸਕੂਲ ਮੁੱਖੀ-ਡਿਪਟੀ ਕਮਿਸ਼ਨਰ
ਕਿਹਾ, ਵਿਦਿਆਰਥੀਆਂ ਅਤੇ ਮਾਪਿਆਂ ਤੋਂ ਕਿਸੇ ਪ੍ਰਕਾਰ ਦੀ ਕੋਈ ਲੇਟ ਫੀਸ ਨਾ ਲਈ ਜਾਵੇ
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਪ੍ਰਾਈਵੇਟ ਸਕੂਲ ਮੁੱਖੀਆਂ ਨਾਲ ਕੀਤੀ ਬੈਠਕ
ਫਰੀਦਕੋਟ 20 ਮਾਰਚ 2023 (ਪਰਵਿੰਦਰ ਸਿੰਘ ਕੰਧਾਰੀ) ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਦੇ ਮੁੱਖੀਆਂ ਨਾਲ ਵਿਸ਼ੇਸ਼ ਤੌਰ ਤੇ ਬੈਠਕ ਕੀਤੀ ਅਤੇ ਸਕੂਲ ਮੁੱਖੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਤੁਸ਼ਿਤਾ ਗੁਲਾਟੀ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ, ਜਿਲ੍ਹਾ ਸਿੱਖਿਆ ਅਫਸਰ ਸ੍ਰੀ ਮਨਪ੍ਰੀਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਪ੍ਰਦੀਪ ਦਿਉੜਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਸਕੂਲ ਮੁੱਖੀਆਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਇਹ ਦੇਖਣ ਵਿੱਚ ਆਉਂਦਾ ਹੈ ਕਿ ਸਕੂਲ ਮੁੱਖੀ ਨਵੀਆਂ ਕਿਤਾਬਾਂ ਮੁਹੱਈਆ ਕਰਵਾਉਣ ਦੇ ਲਈ ਆਪਣੇ ਵੱਲੋਂ ਇੱਕ ਹੀ ਦੁਕਾਨ ਨੂੰ ਨਿਰਧਾਰਤ ਕਰ ਦਿੰਦੇ ਹਨ, ਜੋ ਕਿ ਗਲਤ ਹੈ । ਨਿਯਮਾਂ ਦੇ ਅਨੁਸਾਰ ਸਕੂਲ ਦੀਆਂ ਕਿਤਾਬਾਂ ਇੱਕ ਤੋਂ ਵੱਧ ਦੁਕਾਨਾਂ ਤੇ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ, ਤਾਂ ਜੋ ਵਿਦਿਆਰਥੀ ਆਪਣੀ ਸੁਵਿਧਾ ਅਨੁਸਾਰ ਕਿਸੇ ਵੀ ਦੁਕਾਨ ਤੋਂ ਕਿਤਾਬਾਂ ਖਰੀਦ ਸਕਣ। ਉਨ੍ਹਾਂ ਕਿਹਾ ਕਿ ਸਕੂਲ ਮੁੱਖੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸਕੂਲ ਵੱਲੋਂ ਜੋ ਫੀਸ ਲਈ ਜਾਂਦੀ ਹੈ, ਉਸ ਸਬੰਧੀ ਜਾਣਕਾਰੀ ਸਕੂਲ ਦੇ ਨੋਟਿਸ ਬੋਰਡ ਤੇ ਲਗਾਉਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਫੀਸ ਸਬੰਧੀ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਜਨਤਕ ਤੌਰ ਤੇ ਜਾਣਕਾਰੀ ਹੋ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲ ਮੁੱਖੀ ਵਿਦਿਆਰਥੀਆਂ ਅਤੇ ਮਾਪਿਆਂ ਤੋਂ ਇਕੱਠੀ ਫੀਸ ਲੈਣ ਲਈ ਮਜ਼ਬੂਰ ਨਹੀਂ ਕਰਨਗੇ ਅਤੇ ਵਿਦਿਆਰਥੀ ਆਪਣੀ ਸੁਵਿਧਾ ਅਨੁਸਾਰ ਹਰ ਮਹੀਨੇ ਫੀਸ ਦੀ ਅਦਾਇਗੀ ਕਰ ਸਕਦੇ ਹਨ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਵਿਦਿਆਰਥੀਆਂ ਤੋਂ ਕਿਸੇ ਤਰ੍ਹਾਂ ਦੀ ਲੇਟ ਫੀਸ ਨਾ ਲਈ ਜਾਵੇ। ਉਨ੍ਹਾਂ ਕਿਹਾ ਕਿ ਸਕੂਲ ਬਦਲਣ ਦੌਰਾਨ ਵਿਦਿਆਰਥੀਆਂ ਨੂੰ ਸਕੂਲ ਛੱਡਣ ਸਬੰਧੀ ਜੋ ਸਰਟੀਫਿਕੇਟ ਦਿੱਤਾ ਜਾਂਦਾ ਹੈ, ਉਸ ਸਬੰਧੀ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ। ਇਸ ਦੌਰਾਨ ਉਨ੍ਹਾਂ ਨੇ ਪ੍ਰਾਈਵੇਟ ਸਕੂਲ ਮੁੱਖੀਆਂ ਦੀਆਂ ਸਕੂਲ ਸੰਚਾਲਨ ਸਬੰਧੀ ਸਮੱਸਿਆਵਾਂ ਵੀ ਸੁਣੀਆਂ ਅਤੇ ਹੱਲ ਸਬੰਧੀ ਨਿਰਦੇਸ਼ ਵੀ ਦਿੱਤੇ।
ਇਸ ਦੌਰਾਨ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਨੇ ਕਿਹਾ ਕਿ ਸਰਕਾਰ ਵੱਲੋਂ ਵੀ ਵਧੀਆ ਸਿੱਖਿਆ ਸਹੂਲਤਾਂ ਨੂੰ ਮੁਹੱਈਆ ਕਰਵਾਉਣ ਦੇ ਲਈ ਯਤਨ ਕੀਤੇ ਜਾ ਰਹੇ ਹਨ। ਜੇਕਰ ਪ੍ਰਾਈਵੇਟ ਸਕੂਲਾਂ ਦੇ ਮੁੱਖੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆ ਸਕਦੇ ਹਨ, ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਜਿਲ੍ਹਾ ਨੋਡਲ ਅਫਸਰ ਵਿੱਦਿਅਕ ਮੁਕਾਬਲੇ ਸ੍ਰੀ ਜਸਬੀਰ ਜੱਸੀ, ਸਤਗੁਰ ਸਿੰਘ ਸਟੈਨੋ ਸਮੇਤ ਵੱਖ ਵੱਖ ਪ੍ਰਾਈਵੇਟ ਸਕੂਲਾਂ ਦੇ ਮੁੱਖੀ ਵੀ ਹਾਜ਼ਰ ਸਨ।