ਅੰਮ੍ਰਿਤਪਾਲ ਸਿੰਘ ਦਾ ਸਾਥੀ ਕਪੂਰਥਲਾ ਤੋਂ ਗ੍ਰਿਫਤਾਰ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ , 21 ਮਾਰਚ 2023: ‘ਵਾਰਿਸ ਪੰਜਾਬ ਦੇ’ ਮੁਖੀ ਅਤੇ ਖਾਲਸਾ ਵੀਰ ਦੇ ਸੰਸਥਾਪਕ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਕਪੂਰਥਲਾ ਪੁਲਿਸ ਨੇ ਸੋਮਵਾਰ ਦੁਪਹਿਰ ਨੂੰ ਗ੍ਰਿਫਤਾਰ ਕੀਤਾ ਹੈ। ਪਿੰਡ ਔਜਲਾ ਯੋਗੀ ਦਾ ਵਸਨੀਕ 22 ਸਾਲਾ ਅਜੈਪਾਲ ਸਿੰਘ ਕੁੱਝ ਸਮਾਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਸੰਪਰਕ ਵਿੱਚ ਆਇਆ ਸੀ, ਜਿਸ ਦੇ ਮੱਦੇਨਜ਼ਰ ਪੁਲਿਸ ਨੇ ਅਹਿਤਿਆਤ ਵਜੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਪਰ ਇਸ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।
ਇਸ ਸਬੰਧੀ ਡੀ.ਐਸ.ਪੀ ਮਨਿੰਦਰ ਸਿੰਘ ਦਾ ਕਹਿਣਾ ਹੈ ਕਿ ਇਹ ਅੰਮ੍ਰਿਤਪਾਲ ਸਿੰਘ ਦੇ ਸੋਸ਼ਲ ਪਲੇਟਫਾਰਮ ਨਾਲ ਜੁੜਿਆ ਹੋਇਆ ਸੀ। ਅਜੈਪਾਲ ਸਿੰਘ ਅੰਮ੍ਰਿਤਪਾਲ ਸਿੰਘ ਦੇ ਵਟਸਐਪ ਅਤੇ ਫੇਸਬੁੱਕ ਆਦਿ ਸਾਰੇ ਗਰੁੱਪਾਂ ਦਾ ਮੈਂਬਰ ਸੀ। ਇਸ ਆਧਾਰ ’ਤੇ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਡੀ.ਐਸ.ਪੀ ਦਾ ਕਹਿਣਾ ਹੈ ਕਿ ਸ਼ਾਮ ਤੱਕ ਉਡੀਕ ਕਰੋ, ਸਾਰੀ ਸਥਿਤੀ ਬਾਰੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਜਾਵੇਗੀ। ਅਜੈਪਾਲ ਨੂੰ ਸਥਾਨਕ ਅਦਾਲਤ ’ਚ ਪੇਸ਼ ਕਰਕੇ 9 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਡੀ.ਐੱਸ.ਪੀ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਸ਼ਿਕਾਇਤਾਂ ਮਿਲੀਆਂ ਹਨ, ਜਿਸ ’ਚ ਕਪੂਰਥਲਾ ਦੇ ਕੁੱਝ ਨੌਜਵਾਨ ਫੇਸਬੁੱਕ ’ਤੇ ਭੜਕਾਊ ਸ਼ਬਦਾਂ ਦੀ ਵਰਤੋਂ ਕਰ ਰਹੇ ਹਨ, ਜਿਨ੍ਹਾਂ ਨੂੰ ਪਹਿਲਾਂ ਹੀ ਚਿਤਾਵਨੀ ਦਿੱਤੀ ਜਾ ਚੁੱਕੀ ਹੈ ਕਿ ਜੇਕਰ ਉਹ ਪਿੱਛੇ ਨਾ ਹਟੇ ਤਾਂ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਫਵਾਹਾਂ ’ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ।