ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਲੋਕਾਂ ਵਿਚ ਵਿਸ਼ਵਾਸ ਬਰਕਰਾਰ ਰੱਖਣ ਲਈ ਪੁਲਿਸ ਨੇ ਕੀਤਾ ਫਲੈਗ ਮਾਰਚ
ਦੀਪਕ ਜੈਨ
ਜਗਰਾਂਓ, 21 ਮਾਰਚ 2023 :ਵਾਰਿਸ ਪੰਜਾਬ ਸੰਗਠਨ ਦੇ ਮੁਖੀ ਦੇ ਮਾਮਲੇ ‘ਚ ਪੰਜਾਬ ਪੁਲਿਸ ਵੱਲੋਂ ਸੂਬੇ ਭਰ ‘ਚ ਚਲਾਏ ਜਾ ਰਹੇ ਅਪ੍ਰੇਸ਼ਨ ਕਾਰਨ ਕਨੂੰਨ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਸਰਕਾਰ ਨੇ ਸੁਰੱਖਿਆ ਦੇ ਸਖਤ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸੇ ਲੜੀ ਤਹਿਤ ਇਲਾਕੇ ‘ਚ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਐਸ.ਐਸ.ਪੀ ਨਵਨੀਤ ਸਿੰਘ ਬੈਂਸ ਦੀਆਂ ਹਦਾਇਤਾਂ ਤੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਜਗਰਾਉਂ ਵਿਖੇ ਵਿਸ਼ਾਲ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਡੀ.ਐਸ.ਪੀ ਸਤਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜਗਰਾਉਂ ਵਿਚ ਪੂਰੀ ਤਰ੍ਹਾਂ ਅਮਨ-ਅਮਾਨ ਹੈ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜਨ ਜੀਵਨ ਪਹਿਲਾਂ ਵਾਂਗ ਹੀ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਸੋਸ਼ਲ ਮੀਡੀਆ ਰਾਹੀਂ ਜਾਂ ਕਿਸੇ ਹੋਰ ਢੰਗ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵਿਚ ਰੁਕਾਵਟ ਪੈਦਾ ਕਰਨ ਲਈ ਗੁੰਮਰਾਹਕੁੰਨ ਪ੍ਰਚਾਰ ਕਰਦਾ ਹੈ ਤਾਂ ਅਜਿਹੀ ਕਿਸੇ ਵੀ ਖਬਰ ’ਤੇ ਧਿਆਨ ਨਾ ਦਿੱਤਾ ਜਾਵੇ ਬਲਕਿ ਤੁਰੰਤ ਅਜਿਹਾ ਮਾਮਲਾ ਜ਼ਿਲ੍ਹਾ ਪ੍ਰਸ਼ਾਸਨ ਜਾਂ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਐਸ.ਐਚ.ਓ. ਸਿਟੀ ਹੀਰਾ ਸਿੰਘ, ਐਸ.ਐਚ.ਓ. ਸਦਰ ਅਮਰਜੀਤ ਸਿੰਘ, ਐਸ.ਆਈ. ਜਗਰਾਜ ਸਿੰਘ ਅਤੇ ਪੁਲਿਸ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।