ਦੂਰ-ਦੁਰਾਡੇ ਸੇਵਾਵਾਂ ਦਿੰਦੇ ਅਧਿਆਪਕਾਂ ਨੂੰ ਲੋੜੀਂਦੀਆਂ ਸਹੂਲਤਾਂ ਨਾ ਦੇਣਾ ਪੰਜਾਬ ਸਰਕਾਰ ਦੀ ਨਾਕਾਮੀਆਂ ਕਰਾਰ
ਦਲਜੀਤ ਕੌਰ
ਸੰਗਰੂਰ, 25 ਮਾਰਚ, 2023: ਫਾਜ਼ਿਲਕਾ ਜ਼ਿਲ੍ਹੇ ਤੋਂ ਤਰਨ ਤਾਰਨ ਦੇ ਬਲਾਕ ਵਲਟੋਹਾ 'ਚ ਡਿਊਟੀ 'ਤੇ ਗੱਡੀ ਰਾਹੀਂ ਜਾ ਰਹੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਭਿਆਨਕ ਹਾਦਸੇ ਕਾਰਨ ਤਿੰਨ ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਹੋਣ ਅਤੇ ਕਈਆਂ ਦੇ ਗੰਭੀਰ ਜਖ਼ਮੀ ਹੋਣ ਨੂੰ ਮੰਦਭਾਗੀ ਘਟਨਾ ਕਰਾਰ ਦਿੰਦੇ ਹੋਏ 6635 ਈ. ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਈ.ਟੀ.ਟੀ. ਅਧਿਆਪਕਾਂ ਨੇ ਫ਼ੌਤ ਹੋਣ ਵਾਲਿਆਂ ਅਤੇ ਜ਼ਖ਼ਮੀ ਅਧਿਆਪਕਾਂ ਲਈ ਪੰਜਾਬ ਸਰਕਾਰ ਤੋਂ ਢੁੱਕਵੇਂ ਮੁਆਵਜ਼ੇ ਦੇ ਨਾਲ-ਨਾਲ ਇਲਾਜ਼ ਦਾ ਉੱਚ ਪੱਧਰੀ ਪ੍ਰਬੰਧ ਕਰਨ ਦੀ ਵੀ ਮੰਗ ਕੀਤੀ ਹੈ।
6635 ਈ. ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾਈ ਆਗੂਆਂ ਸੰਲਿਦਰ ਕੰਬੋਜ਼, ਨਿਰਮਲ ਜ਼ੀਰਾ, ਜੱਗਾ ਬੋਹਾ, ਦੀਪ ਬਨਾਰਸੀ, ਜਰਨੈਲ ਸੰਗਰੂਰ, ਰਵਿੰਦਰ ਅਬੋਹਰ, ਕੁਲਦੀਪ ਖੋਖਰ, ਰਾਜ ਸੁਖਵਿੰਦਰ ਨੇ ਕਿਹਾ ਕੇ ਪਿੱਤਰੀ ਜ਼ਿਲ੍ਹਿਆਂ ਵਿਚਖਾਲੀ ਪੋਸਟਾਂ ਹੋਣ ਦੇ ਬਾਵਜੂਦ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਹਜ਼ਾਰਾਂ ਅਧਿਆਪਕਾਂ ਨੂੰ ਦੂਰ ਦੁਰਾਡੇ ਨੌਕਰੀਆਂ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ।
ਦੂਜੇ ਪਾਸੇ ਇਨ੍ਹਾਂ ਅਧਿਆਪਕਾਂ ਦੇ ਸੁਰੱਖਿਅਤ ਆਉਣ-ਜਾਣ ਅਤੇ ਰਿਹਾਇਸ਼ ਦਾ ਪ੍ਰਬੰਧ ਜਾਂ ਹੋਰ ਸਹੂਲਤਾਂ ਦੇਣ ਵੀ ਸਿੱਖਿਆ ਵਿਭਾਗ ਜਾਂ ਪੰਜਾਬ ਸਰਕਾਰ ਵਲੋਂ ਕੋਈ ਧਿਆਨ ਦੇਣ ਦੀ ਥਾਂ ਨਵ-ਨਿਯੁਕਤ ਅਧਿਆਪਕਾਂ ਨੂੰ ਪਰਖ ਸਮੇਂ ਦੀ ਆੜ ਵਿਚ ਪਹਿਲੇ ਤਿੰਨ ਸਾਲ ਪੂਰੇ ਤਨਖਾਹ ਸਕੇਲ ਅਤੇ ਭੱਤਿਆਂ ਤੋਂ ਵੀ ਵਾਂਝੇ ਰੱਖ ਕੇ ਘੱਟ ਤਨਖਾਹਾਂ 'ਤੇ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਕਾਰਨ ਅਧਿਆਪਕ ਭਾਈਚਾਰੇ ਵਿਚ ਭਾਰੀ ਸੋਗ ਦੀ ਲਹਿਰ ਹੈ ਅਤੇ ਅਧਿਆਪਕਾਂ ਵਲੋਂ ਇਸ ਹਾਦਸੇ ਦੇ ਪੀੜਤਾਂ ਦੇ ਹੱਕ ਵਿਚ ਹਰ ਸੰਭਵ ਸਿੰ ਯਤਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।