ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਸੰਘਰਸ਼ ਲਈ ਮੀਟਿੰਗ ਸੱਦੀ
ਅਸ਼ੋਕ ਵਰਮਾ
ਬਠਿੰਡਾ, 2 ਅਪਰੈਲ 2023: ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਸੁਬਾਈ ਆਗੂਆਂ ਸਤੀਸ਼ ਰਾਣਾ, ਕਰਮਜੀਤ ਬੀਹਲਾ,ਤੀਰਥ ਬਾਸ਼ੀ,ਕਿਸ਼ੋਰ ਚੰਦ ਗਾਜ਼, ਮੱਖਣ ਵਾਹਿਦਪੁਰੀ,ਅਨਿੱਲ ਬਰਨਾਲਾ, ਜੱਗਾ ਸਿੰਘ ਅਲੀਸ਼ੇਰ,ਜਤਿੰਦਰ ਕੁਮਾਰ,ਮਨੋਹਰ ਲਾਲ ਸ਼ਰਮਾਂ,ਜਸਵੀਰ ਸੀਰਾ, ਸਿਮਰਜੀਤ ਬਰਾੜ,ਦਰਸ਼ਨ ਚੀਮਾ,ਮਾਲਵਿੰਦਰ ਸੰਧੂ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਅੰਦਰ ਬਦਲਾਅ ਦੇ ਨਾਅਰੇ ਨਾਲ ਸੱਤਾ ਵਿੱਚ ਆਈ ਭਗਵੰਤ ਮਾਨ ਦੀ ਸਰਕਾਰ ਵਲੋਂ ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ।
ਉਹਨਾਂ ਆਖਿਆ ਕਿ ਪੰਜਾਬ ਦੇ ਸਮੁੱਚੇ ਕਿਰਤੀ ਵਰਗ ਵਾਂਗ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਵੀ ਹੱਲ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਿਹੜਾ ਭਗਵੰਤ ਮਾਨ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਇਹ ਕਹਿ ਰਿਹਾ ਸੀ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਕਿਸੇ ਨੂੰ ਵੀ ਧਰਨੇ-ਮੁਜ਼ਾਹਰੇ ਕਰਨ ਦੀ ਜ਼ਰੂਰਤ ਨਹੀਂ ਪਵੇਗੀ ਅਤੇ ਸਾਰੇ ਮਸਲੇ ਸਰਕਾਰ ਹੱਲ ਕਰੇਗੀ ਪ੍ਰੰਤੂ ਹੁਣ ਸੱਤਾ ਵਿੱਚ ਆਉਣ ਤੋਂ ਬਾਅਦ ਤਾਂ ਮਸਲੇ ਤਾਂ ਕੀ ਹੱਲ ਕਰਨੇ ਹਨ ਸਗੋਂ ਮੁੱਖ ਮੰਤਰੀ ਕੋਲ ਮੰਗਾਂ ਨੂੰ ਹੱਲ ਕਰਨ ਲਈ ਮੀਟਿੰਗ ਦਾ ਸਮਾਂ ਦੇਣ ਦੀ ਲੋੜ ਵੀ ਮਹਿਸੂਸ ਨਹੀਂ ਕੀਤੀ ਜਾ ਰਹੀ।
ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਸਿਰਫ ਇਸ਼ਤਿਹਾਰਬਾਜੀ ਤੋ ਹੀ ਪੰਜਾਬ ਦੇ ਲੋਕਾਂ ਦਾ ਕਰੋੜਾਂ ਰੁਪਇਆ ਉਡਾਇਆ ਜਾ ਰਿਹਾ ਹੈ।ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਵਲੋਂ ਸਰਕਾਰ ਵਿਰੁੱਧ ਕੀਤੇ ਜਾ ਰਹੇ ਸੰਘਰਸ਼ ਨੂੰ ਹਰ ਵੀ ਤਿੱਖਾ ਕੀਤਾ ਜਾਵੇਗਾ। ਸੂਬਾ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਦੱਸਿਆ ਕਿ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਉਜਾਗਰ ਕਰਕੇ ਸੰਘਰਸ਼ ਦੀ ਰੂਪ-ਰੇਖ ਉਲੀਕਣ ਲਈ ਜਰੂਰੀ ਮੀਟਿੰਗ ਮੀ 4 ਅਪ੍ਰੈਲ ਨੂੰ ਐਨ.ਆਰ.ਐਮ.ਯੂ. (ਰੇਲਵੇ) ਦੇ ਦਫਤਰ ਲੁਧਿਆਣਾ ਵਿਖੇ ਰੱਖੀ ਗਈ ਹੈ ਜਿਸ ਵਿੱਚ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।ਆਗੂਆਂ ਨੇ ਸਮੂਹ ਫੈਡਰਲ ਕੌਂਸਲ ਮੈਂਬਰਾਂ ਨੂੰ ਮੀਟਿੰਗ ਵਿੱਚ ਠੀਕ 11 ਵਜੇ ਤੱਕ ਪਹੁੰਚਣ ਦੀ ਅਪੀਲ ਕੀਤੀ ਹੈ।