ਸਿੱਧੂ ਮੂਸੇਵਾਲਾ ਦੀ ਯਾਦ ‘ਚ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ‘ਚ ਪਾਏ ਜਾਣਗੇ ਭੋਗ, 30 ਮਈ ਨੂੰ ਲੱਗੇਗਾ ਖੂਨਦਾਨ ਕੈਂਪ
ਸੰਜੀਵ ਜਿੰਦਲ
ਮਾਨਸਾ, 27 ਮਈ 2023 : ਆਉਣ ਵਾਲੀ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਮੌਤ ਨੂੰ 1 ਸਾਲ ਹੋ ਜਾਵੇਗਾ। ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਉਸ ਦੀ ਯਾਦ ‘ਚ ਉਸ ਦੇ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ਵਿਖੇ ਭੋਗ ਪਾਏ ਜਾਣਗੇ ਅਤੇ 30 ਮਈ ਨੂੰ ਪਿੰਡ ਮੂਸਾ ‘ਚ ਸਿੱਧੂ ਮੂਸੇਵਾਲਾ ਦੀ ਯਾਦ ‘ਚ ਖੂਨਦਾਨ ਕੈਂਪ ਲਾਇਆ ਜਾਵੇਗਾ। ਇਹ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਵੱਲੋਂ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਮੂਸੇਵਾਲਾ ਨੂੰ ਦੁਨੀਆ ਤੋਂ ਗਏ ਭਾਵੇਂ ਇੱਕ ਸਾਲ ਹੋ ਗਿਆ, ਪਰ ਉਹ ਆਪਣੇ ਗੀਤਾਂ ਰਾਹੀਂ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ‘ਚ ਅੱਜ ਵੀ ਜਿੰਦਾ ਹੈ। ਇਸ ਤੋਂ ਇਲਾਵਾ ਚਮਕੌਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਮੂਸੇਵਾਲਾ ਦੀ ਯਾਦ ਵਿੱਚ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਰੋਸ ਮਾਰਚ ਵੀ ਕੱਢਿਆ ਜਾਵੇਗਾ। ਇਸ ਮੌਕੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਮੂਸਾ ਪਿੰਡ ਪੁੱਜਣ ਦੀ ਵੀ ਅਪੀਲ ਕੀਤੀ ਗਈ ਹੈ।