ਐਡੀਸ਼ਨਲ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਭੱਠਾ ਮਾਲਕਾਂ ਨਾਲ ਮੀਟਿੰਗ
ਭੱਠਿਆਂ ਵਿਚ ਪਰਾਲੀ ਦੀਆਂ ਗਿੱਟੀਆਂ ਨੂੰ 20 ਫੀਸਦੀ ਬਾਲਣ ਵਜੋਂ ਵਰਤਣ ਲਈ ਕੀਤਾ ਪ੍ਰੇਰਿਤ
ਦਲਜੀਤ ਕੌਰ
ਸੰਗਰੂਰ, 29 ਮਈ, 2023: ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਐਡੀਸ਼ਨਲ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਵਲੋਂ ਜ਼ਿਲ੍ਹਾ ਸੰਗਰੂਰ ਦੀਆਂ ਭੱਠਾ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਇੱਟਾਂ ਬਣਾਉਣ ਸਮੇਂ ਭੱਠਿਆਂ ਵਿਚ ਪਰਾਲੀ ਦੀਆਂ ਗਿੱਟੀਆਂ ਨੂੰ 20 ਫੀਸਦੀ ਬਾਲਣ ਵਜੋਂ ਲਾਜ਼ਮੀ ਵਰਤੋਂ ਵਿੱਚ ਲਿਆਉਣ ਲਈ ਕਿਹਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀ ਕਾਰਜਸ਼ੀਲ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਵੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਕਿ ਇੱਟਾਂ ਦੇ ਭੱਠੇ ਵਾਲੇ ਪਰਾਲੀ ਦੀਆਂ ਗਿੱਟੀਆਂ ਨੂੰ 20 ਫੀਸਦੀ ਬਾਲਣ ਵਜੋਂ ਲਾਜ਼ਮੀ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ ਇਸ ਬਾਰੇ ਸਮੂਹ ਉਪ ਮੰਡਲ ਮੈਜਿਸਟਰੇਟ ਸਬ ਡਵੀਜ਼ਨਾਂ ਵਿੱਚ ਵੀ ਭੱਠਾ ਮਾਲਕਾਂ ਨਾਲ ਮੀਟਿੰਗਾਂ ਕਰਕੇ ਇਸ ਫੈਸਲੇ ਦੀ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕਰ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਭੱਠਾ ਮਾਲਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਜਾਇਜ਼ਾ ਵੀ ਲਿਆ। ਮੀਟਿੰਗ ਦੌਰਾਨ ਭੱਠਾ ਮਾਲਕਾਂ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਕਿਰਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
ਐਡੀਸ਼ਨਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੇਂ ਪ੍ਰਬੰਧਨ ਲਈ ਵਾਤਾਵਰਣ ਅਤੇ ਸਾਇੰਸ ਤਕਨਾਲੋਜੀ ਵਿਭਾਗ ਵੱਲੋਂ ਇੱਟਾਂ ਦੇ ਭੱਠਿਆਂ ਵਾਲਿਆਂ ਲਈ ਹਰ ਤਕਨੀਕੀ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਜੇਕਰ ਕੋਈ ਭੱਠਾ ਮਾਲਕ, ਭੱਠਾ ਐਸੋਸੀਏਸ਼ਨ ਜਾਂ ਹੋਰ ਵਿਅਕਤੀ ਪਰਾਲੀ ਦੇ ਗਿੱਟਿਆਂ ਨੂੰ ਬਣਾਉਣ ਦੀ ਇਕਾਈ ਲਗਾਉਣਾ ਚਾਹੁੰਦਾ ਹੈ ਤਾਂ ਉਸ ਦੇ ਕੇਸ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਾਤਾਵਰਨ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਇਹ ਯੋਜਨਾ ਲਾਹੇਵੰਦ ਸਾਬਤ ਹੋਵੇਗੀ ਜਿਸ ਤਹਿਤ ਭੱਠਾ ਮਾਲਕਾਂ ਨੂੰ ਲੋਕ ਹਿੱਤ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ।
ਇਸ ਮੌਕੇ ਸਤਵੀਰ ਸਿੰਘ ਮਾਵੀ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ, ਪਰਵੀਨ ਕੁਮਾਰ ਸਿੰਗਲਾ ਤਹਿਸੀਲਦਾਰ ਮੂਨਕ, ਸਿਮਰਪ੍ਰੀਤ ਸਿੰਘ ਏ.ਈ.ਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਹਰਵਰਿੰਦਰ ਸਿੰਘ ਸੇਖੋਂ ਪ੍ਰਧਾਨ ਭੱਠਾ ਮਾਲਕ ਯੂਨੀਅਨ, ਪ੍ਰੇਮ ਗੁਪਤਾ, ਸ਼ੁਭ ਕਰਨ ਸ਼ਰਮਾ, ਜੀਵਨਦੀਪ, ਰੋਹਿਤ ਸਿੰਗਲਾ, ਰਾਕੇਸ਼ ਕੁਮਾਰ, ਹਨੀਸ਼ ਕੁਮਾਰ ਅਤੇ ਰਤਨ ਲਾਲ (ਸਾਰੇ ਭੱਠਾ ਮਾਲਕ) ਵੀ ਹਾਜ਼ਰ ਸਨ।