ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਗੁਰਮਤਿ ਪ੍ਰਕਾਸ਼ ਰਸਾਲੇ ਦਾ ‘ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵਿਸ਼ੇਸ਼ ਅੰਕ’ ਰਿਲੀਜ਼
ਹਰਦਮ ਮਾਨ
ਸਰੀ, 29 ਮਈ 2023: ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਗੁਰਮਤਿ ਪ੍ਰਕਾਸ਼ ਰਸਾਲੇ ਦਾ ‘ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵਿਸ਼ੇਸ਼ ਅੰਕ’ ਰਿਲੀਜ਼ ਕਰਨ ਲਈ ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਸਮਾਗਮ ਕਰਵਾਇਆ ਗਿਆ। ਸੁਸਾਇਟੀ ਦੇ ਪੀ.ਆਰ.ਓ. ਸੁਰਿੰਦਰ ਸਿੰਘ ਜੱਬਲ ਨੇ ਪ੍ਰੋਗਰਾਮ ਵਿਚ ਸ਼ਾਮਲ ਸੰਗਤਾਂ ਨੂੰ ਜੀ ਆਇਆਂ ਆਖਦਿਆਂ ਦੱਸਿਆ ਕਿ ਗੁਰਮਤਿ ਪ੍ਰਕਾਸ਼ ਵਿਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਬਾਰੇ ਵਿਸ਼ੇਸ਼ ਅੰਕ ਪ੍ਰਕਾਸ਼ਿਤ ਕਰਨ ਦਾ ਮੰਤਵ ਉਨ੍ਹਾਂ ਦੇ ਜੀਵਨ ਅਤੇ ਮਹਾਨ ਕਾਰਜਾਂ ਬਾਰੇ ਭਾਈਚਾਰੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਇਸ ਕਾਰਜ ਲਈ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਾਮਵਰ ਚਿੰਤਕ ਜੈਤੇਗ ਸਿੰਘ ਦੇ ਵਿਸ਼ੇਸ਼ ਯਤਨਾਂ ਦੀ ਸ਼ਲਾਘਾ ਕੀਤੀ।
ਨਾਮਵਰ ਸਿੱਖ ਵਿਦਵਾਨ ਜੈਤੇਗ ਸਿੰਘ ਅਨੰਤ ਨੇ ਇਸ ਮੌਕੇ ਬੋਲਦਿਆਂ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਮਾਸਿਕ ਰਸਾਲੇ ‘ਗੁਰਮਤਿ ਪ੍ਰਕਾਸ਼’ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਹ ਰਸਾਲਾ 1957 ਵਿਚ ਸ਼ੁਰੂ ਹੋਇਆ ਅਤੇ ਪੰਜਾਬੀ ਵਿਚ ਛਪਣ ਵਾਲਾ ਦੁਨੀਆਂ ਦਾ ਸਭ ਤੋਂ ਪਹਿਲਾ ਰਸਾਲਾ ਹੈ। ਸ਼ਰੋਮਣੀ ਕਮੇਟੀ ਦੇ ਤੱਤਕਾਲੀ ਪ੍ਰਧਾਨ ਮਾਸਟਰ ਤਾਰਾ ਸਿੰਘ ਇਸ ਦੇ ਮੋਢੀ ਸਨ ਅਤੇ ਪ੍ਰਿੰਸੀਪਲ ਸ. ਸ. ਅਮੋਲ ਇਸ ਦੇ ਪਹਿਲੇ ਸੰਪਾਦਕ ਸਨ। ਉਨ੍ਹਾਂ ਇਸ ਰਸਾਲੇ ਦੇ 67 ਸਾਲਾਂ ਦੇ ਸਫ਼ਰ ਦੌਰਾਨ 19 ਸੰਪਾਦਕਾਂ ਵੱਲੋਂ ਨਿਭਾਈਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਦੇ ਮੌਜੂਦਾ ਸੰਪਾਦਕ ਸਤਵਿੰਦਰ ਸਿੰਘ ਫੂਲਪੁਰ ਵੱਲੋਂ ਬੜੀ ਮਿਹਨਤ, ਲਗਨ, ਸਿਆਣਪ ਅਤੇ ਦੂਰਅੰਦੇਸ਼ੀ ਨਾਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਬਾਰੇ ਵਿਸ਼ੇਸ਼ ਅੰਕ ਪ੍ਰਕਾਸ਼ਿਤ ਕਰਨ ‘ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਵਿਸ਼ੇਸ਼ ਅੰਕ ਵਿਚ ਪ੍ਰੋ. ਮਨਜੀਤ ਸਿੰਘ, ਪ੍ਰੋ. ਕਿਰਪਾਲ ਸਿੰਘ ਬੰਡੂਗਰ, ਤਰਲੋਚਨ ਸਿੰਘ, ਡਾ. ਇੰਦਰਜੀਤ ਸਿੰਘ ਵਾਸੂ, ਡਾ. ਪਰਮਵੀਰ ਸਿੰਘ, ਡਾ. ਧਰਮ ਸਿੰਘ, ਗਿਆਨ ਸਿੰਘ ਸੰਧੂ, ਸੁਰਿੰਦਰ ਸਿੰਘ ਜੱਬਲ, ਜੈਤੇਗ ਸਿੰਘ ਅਨੰਤ, ਹਰਜਿੰਦਰ ਸਿੰਘ ਮੰਡੇਰ ਅਤੇ ਹੋਰ ਵਿਦਵਾਨਾ ਦੇ ਖੋਜ ਭਰਪੂਰ ਅਤੇ ਗਿਆਨ ਭਰਪੂਰ ਲੇਖ ਪ੍ਰਕਾਸ਼ਿਤ ਕੀਤੇ ਗਏ ਹਨ।
ਮੈਂਬਰ ਪਾਰਲੀਮੈਂਟ ਸੁਖ ਧਾਲੀਵਾਲ ਅਤੇ ਗੁਰੂ ਨਾਨਕ ਇੰਸਟੀਚਿਊਟ ਆਫ ਗਲੋਬਲ ਸਟੱਡੀਜ਼ ਦੇ ਪ੍ਰਧਾਨ ਗਿਆਨ ਸਿੰਘ ਸੰਧੂ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਸਿੱਖ ਕੌਮ ਦੇ ਮਹਾਨ ਨਾਇਕ ਸਨ ਅਤੇ ਉਨ੍ਹਾਂ ਦਾ 300 ਸਾਲਾ ਜਨਮ ਦਿਵਸ ‘ਤੇ ਰਾਮਗੜ੍ਹੀਆ ਸੁਸਾਇਟੀ ਕੈਨੇਡਾ ਵੱਲੋਂ ਕੀਤੇ ਜਾ ਰਹੇ ਪ੍ਰੋਗਰਾਮ ਸ਼ਲਾਘਾਯੋਗ ਹਨ ਅਤੇ ਸਮੁੱਚਾ ਸਿੱਖ ਭਾਈਚਾਰਾ ਵਧਾਈ ਦਾ ਪਾਤਰ ਹੈ। ਅਜਿਹੇ ਪ੍ਰੋਗਰਾਮਾਂ ਵਿਚ ਗੌਰਵਮਈ ਸਿੱਖ ਇਤਿਹਾਸ ਬਾਰੇ ਜਾਣਕਾਰੀ ਹਾਸਲ ਕਰਕੇ ਸਾਨੂੰ ਕੁਝ ਚੰਗਾ ਕਰਨ ਦੀ ਪ੍ਰੇਰਨਾ ਮਿਲਦੀ ਹੈ।
ਇਸ ਮੌਕੇ ਵਰਲਡ ਸਿੱਖ ਆਰਗੇਨਾਈਜੇਸ਼ਨ ਵੱਲੋਂ ਬੀਤੇ ਦਿਨੀਂ ਪਟਿਆਲਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਬਾਰੇ ਕਰਵਾਏ ਗਏ ਸਮਾਗਮ ਵਿਚ ਸੁਰਿੰਦਰ ਸਿੰਘ ਜੱਬਲ ਨੂੰ ਦਿੱਤਾ ਗਿਆ ਸਨਮਾਨ ਉਨ੍ਹਾਂ ਨੂੰ ਭੇਂਟ ਕੀਤਾ ਗਿਆ। ਅੰਤ ਵਿਚ ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਮਰਵਾਹਾ ਨੇ ਸਭਨਾਂ ਦਾ ਧੰਨਵਾਦ ਕੀਤਾ। ਸਮਾਗਮ ਵਿਚ ਸੁਸਾਇਟੀ ਦੇ ਪ੍ਰਧਾਨ ਧਰਮ ਸਿੰਘ ਪਨੇਸਰ, ਸਮੂਹ ਕਮੇਟੀ ਮੈਂਬਰ ਅਤੇ ਹੋਰ ਪਤਵੰਤੇ ਸ਼ਾਮਲ ਸਨ।