ਅਪਾਹਜ ਲੋਕ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਲੈਣ: ਅਮਰਜੀਤ ਭੁੱਲਰ
-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦਿੱਤੀ ਜਾਣਕਾਰੀ
ਹੁਸ਼ਿਆਰਪੁਰ, 30 ਮਈ 2023 : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਮਰਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਦਿਵਿਆਂਗਜਨਾਂ ਵਿਅਕਤੀਆਂ ਲਈ ਕਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਦਿਵਿਆਂਗਜਨ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਦਿਵਿਆਂਗਜਨ ਵਿਅਕਤੀਆਂ ਦੇ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਤੋਂ ਯੂ.ਡੀ.ਆਈ.ਡੀ (ਵਿਲੱਖਣ ਪਹਿਚਾਣ ਪੱਤਰ) ਜਿਸ ਨੂੰ ਦਿਵਿਆਂਗ ਸਰਟੀਫਿਕੇਟ ਵੀ ਕਿਹਾ ਜਾਂਦਾ ਹੈ, ਬਣਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ 1 ਜਨਵਰੀ 2023 ਤੋਂ 28 ਮਈ 2023 ਤੱਕ ਜ਼ਿਲ੍ਹੇ ਵਿੱਚ ਕੁੱਲ 718 ਦਿਵਿਆਂਗਜਨ ਨੇ ਆਪਣੇ ਯੂ.ਡੀ.ਆਈ.ਡੀ. ਬਣਵਾਏ ਹਨ। ਉਨ੍ਹਾਂ ਕਿਹਾ ਕਿ ਦਿਵਿਆਂਗਜਨ ਨਾਲ ਸਬੰਧਤ ਸਕੀਮਾਂ ਦਾ ਲਾਭ ਲੈਣ ਲਈ ਯੂ.ਡੀ.ਆਈ.ਡੀ ਲਾਜ਼ਮੀ ਹੈ, ਇਸ ਲਈ ਜ਼ਿਲ੍ਹੇ ਦੇ ਸਮੂਹ ਦਿਵਿਆਂਗਜਨ ਵਿਅਕਤੀ ਆਪਣਾ ਯੂ.ਡੀ.ਆਈ.ਡੀ ਜ਼ਰੂਰ ਬਣਵਾਉਣ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਮਰਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸੇ ਤਰ੍ਹਾਂ ਆਰ.ਪੀ. ਡਬਲਿਊ.ਡੀ.ਐਕਟ 2016 ਤਹਿਤ ਦਿਵਿਆਂਗਜਨ ਦੀ ਭਲਾਈ ਲਈ ਕੰਮ ਕਰ ਰਹੀਆਂ ਸੰਸਥਾਵਾਂ ਨੂੰ ਰਜਿਸਟਰਡ ਕਰਵਾਉਣ, ਮੰਦਬੁੱਧੀ ਅਤੇ ਮਾਨਸਿਕ ਤੌਰ ’ਤੇ ਕਮਜ਼ੋਰ ਬੱਚਿਆਂ ਦੀ ਸਰਪ੍ਰਸਤੀ ਦੇ ਸਰਟੀਫਿਕੇਟ ਵੀ ਵਿਭਾਗ ਵੱਲੋਂ ਜਾਰੀ ਕੀਤੇ ਜਾਂਦੇ ਹਨ ਅਤੇ ਜ਼ਿਲ੍ਹੇ ਵਿੱਚ ਹੁਣ ਤੱਕ 4 ਸੰਸਥਾਵਾਂ ਰਜਿਸਟਰਡ ਹਨ ਅਤੇ 7 ਬੱਚਿਆਂ ਦੀ ਸਰਪ੍ਰਸਤੀ ਦੇ ਸਰਟੀਫਿਕੇਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਸਬੰਧੀ ਜਾਣਕਾਰੀ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਅਮਰਜੀਤ ਸਿੰਘ ਭੁੱਲਰ ਨੇ ਦੱਸਿਆ ਕਿ 50 ਫੀਸਦੀ ਜਾਂ ਇਸ ਤੋਂ ਵੱਧ ਦਿਵਿਆਂਗਤਾ ਵਾਲੇ ਦਿਵਿਆਂਗਜਨ ਨੂੰ ਪੰਜਾਬ ਸਰਕਾਰ ਵੱਲੋਂ 1500 ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਅਜਿਹੇ ਪੈਨਸ਼ਨਰਾਂ ਦੀ ਗਿਣਤੀ 16,345 ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ 50 ਫੀਸਦੀ ਜਾਂ ਇਸ ਤੋਂ ਵੱਧ ਦਿਵਿਆਂਗਜਨ ਹੈ ਤਾਂ ਉਹ ਪੈਨਸ਼ਨ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ, ਗਰਾਊਂਡ ਫਲੋਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚ ਕਰ ਸਕਦਾ ਹੈ।