ਅਮਨ ਅਰੋੜਾ ਵੱਲੋਂ ਸਰਕਾਰੀ ਸਕੂਲਾਂ ’ਚ ਮੈਰਿਟ ਅਤੇ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ
- ਮੈਰਿਟ ’ਚ ਆਏ 5 ਵਿਦਿਆਰਥੀਆਂ ਨੂੰ ਨਗਦ ਪੁਰਸਕਾਰ, ਸਨਮਾਨ ਚਿੰਨ੍ਹ ਤੇ ਮੈਰਿਟ ਸਰਟੀਫਿਕੇਟ ਪ੍ਰਦਾਨ
- ਪਹਿਲੀ ਵਾਰ ਏਨੀ ਵੱਡੀ ਗਿਣਤੀ ਵਿੱਚ ਹੋਇਆ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਸਰਕਾਰੀ ਸਕੂਲਾਂ ’ਚ ਵਿਸ਼ਵ ਪੱਧਰੀ ਵਿਦਿਅਕ ਸੁਵਿਧਾਵਾਂ ਹੋਣਗੀਆਂ ਉਪਲਬਧ: ਅਮਨ ਅਰੋੜਾ
- ਮਾਨ ਸਰਕਾਰ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ’ਚ ਦਾਖਲਿਆਂ ਦੀ ਪ੍ਰਤੀਸ਼ਤਤਾ ’ਚ ਹੋਇਆ ਵਾਧਾ
ਦਲਜੀਤ ਕੌਰ
ਸੁਨਾਮ ਊਧਮ ਸਿੰਘ ਵਾਲਾ, 30 ਮਈ, 2023: ਵਿਧਾਨ ਸਭਾ ਹਲਕਾ ਸੁਨਾਮ ਵਿੱਚ ਇੱਕ ਹੋਰ ਨਿਵੇਕਲੀ ਪਿਰਤ ਪਾਉਂਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਇੱਕ ਸ਼ਾਨਦਾਰ ਸਮਾਗਮ ਦੌਰਾਨ ਹਲਕੇ ਦੇ ਸਰਕਾਰੀ ਸਕੂਲਾਂ ਦੇ ਕਰੀਬ 300 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਲਈਆਂ ਪ੍ਰੀਖਿਆਵਾਂ ਵਿੱਚ ਮੈਰਿਟ ਵਿੱਚ ਨਾਮ ਦਰਜ ਕਰਵਾਇਆ ਹੈ ਅਤੇ ਜਾਂ ਫਿਰ ਸਰਕਾਰੀ ਸਕੂਲਾਂ ਵਿੱਚ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰਵੀਂ ਦੀ ਪ੍ਰੀਖਿਆ ਵਿੱਚ ਸਕੂਲ ਵਿੱਚੋਂ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ। ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਆਡੀਟੋਰੀਅਮ ਵਿਖੇ ਵਿਦਿਆਰਥੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਦ੍ਰਿੜਤਾ ਨਾਲ ਮੈਰਿਟ ਵਿੱਚ ਨਾਮ ਦਰਜ ਕਰਵਾ ਕੇ ਇੱਕ ਮਿਸਾਲ ਕਾਇਮ ਕੀਤੀ ਹੈ ਜਿਸ ਤੋਂ ਹੋਰਨਾਂ ਨੂੰ ਵੀ ਸੇਧ ਲੈਣ ਦੀ ਲੋੜ ਹੈ। ਜਿਕਰਯੋਗ ਹੈ ਕਿ ਪਹਿਲੀ ਵਾਰ ਏਨੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ ਹੈ।
ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰ ਦੀਆਂ ਵਿਦਿਅਕ ਸੁਵਿਧਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਸਾਰਥਕ ਕਦਮ ਪੁੱਟ ਰਹੀ ਹੈ ਅਤੇ ਸਾਡੀ ਸਰਕਾਰ ਇਸ ਟੀਚੇ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਸਕੂਲ ਹਰ ਪੱਖੋਂ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਾਬਤ ਹੋਣ। ਉਨ੍ਹਾਂ ਕਿਹਾ ਕਿ ਇਹ ਤੱਥ ਸਾਹਮਣੇ ਆ ਚੁੱਕੇ ਹਨ ਕਿ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰਤੀਸ਼ਤਤਾ ਵਿੱਚ ਇਸ ਸਾਲ ਕਾਫ਼ੀ ਵਾਧਾ ਹੋਇਆ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਮਾਗਮ ਦੌਰਾਨ ਬੋਰਡ ਪ੍ਰੀਖਿਆਵਾਂ ਵਿੱਚ ਮੈਰਿਟ ਵਿੱਚ ਆਏ ਪੰਜ ਵਿਦਿਆਰਥੀਆਂ ਨੂੰ 5100-5100 ਰੁਪਏ ਦੀ ਨਗਦ ਰਾਸ਼ੀ, ਯਾਦਗਾਰੀ ਚਿੰਨ੍ਹ ਤੇ ਮੈਰਿਟ ਸਰਟੀਫਿਕੇਟ ਪ੍ਰਦਾਨ ਕਰਨ ਦੇ ਨਾਲ ਨਾਲ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰਵੀਂ ਜਮਾਤ ਵਿੱਚ ਪਹਿਲੀ ਪੁਜੀਸ਼ਨ ’ਤੇ ਆਏ ਲਗਭਗ 300 ਵਿਦਿਆਰਥੀਆਂ ਨੂੰ ਹੌਂਸਲਾ ਅਫਜਾਈ ਵਜੋਂ ਸਨਮਾਨ ਪੱਤਰ ਦੇ ਕੇ ਨਿਵਾਜਿਆ ਗਿਆ।
ਜ਼ਿਕਰਯੋਗ ਹੈ ਕਿ ਖੁਸ਼ੀ ਗੁਪਤਾ ਅਤੇ ਮਲਕੀਤ ਕੌਰ ਨੇ ਅੱਠਵੀਂ, ਨਿਮਨਦੀਪ ਕੌਰ ਤੇ ਲਵਲੀਸ਼ ਨੇ ਦਸਵੀਂ ਅਤੇ ਸਿਮਰਜੀਤ ਕੌਰ ਨੇ ਬਾਰਵੀਂ ਵਿੱਚੋ ਮੈਰਿਟ ਵਿਚ ਆਉਣ ਦਾ ਮਾਣ ਪ੍ਰਾਪਤ ਕੀਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਸਾਡੇ ਵਿਦਿਆਰਥੀਆਂ ਵਿੱਚ ਹੁਨਰ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉਸਾਰੂ ਵਿਦਿਅਕ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾਨ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਬਹੁ ਪੱਖੀ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਇਨ੍ਹਾਂ ਅਣਤਰਾਸ਼ੇ ਹੀਰਿਆਂ ਨੂੰ ਤਰਾਸ਼ ਕੇ ਭਵਿੱਖ ਵਿੱਚ ਸੁਨਹਿਰੀ ਸੁਫਨਿਆਂ ਨੂੰ ਸਾਕਾਰ ਕਰਨ ਦੇ ਸਮਰੱਥ ਬਣਾਇਆ ਜਾ ਸਕੇ। ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਨੰਨ੍ਹੇ ਮੁੰਨਿਆਂ ਨੂੰ ਸਨਮਾਨਿਤ ਕਰਕੇ ਉਹ ਖੁਦ ਸਨਮਾਨਿਤ ਮਹਿਸੂਸ ਕਰ ਰਹੇ ਹਨ ਕਿਉਂਕਿ ਇਹ ਸਿਤਾਰੇ ਹੀ ਦੇਸ਼ ਦਾ ਭਵਿੱਖ ਹਨ।
ਕੈਬਨਿਟ ਮੰਤਰੀ ਨੇ ਹੋਣਹਾਰ ਬੱਚਿਆਂ ਨਾਲ ਯਾਦਗਾਰੀ ਤਸਵੀਰਾਂ ਖਿਚਵਾਉਂਦਿਆਂ ਕਿਹਾ ਕਿ ਜਿੰਦਗੀ ਵਿੱਚ ਸੁਨਹਿਰੀ ਮੌਕਿਆਂ ਦਾ ਵੱਡਾ ਆਸਮਾਨ ਹੈ ਅਤੇ ਵਿਦਿਆਰਥੀ ਲਗਾਤਾਰ ਮਿਹਨਤ ਦੇ ਰਾਹ ’ਤੇ ਤੁਰਦੇ ਹੋਏ ਇਨ੍ਹਾਂ ਮੌਕਿਆਂ ਨੂੰ ਸਫ਼ਲਤਾ ਦੇ ਰੂਪ ਵਿੱਚ ਤਬਦੀਲ ਕਰਨ ਦੇ ਸਮਰੱਥ ਬਣ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਕੁਮਾਰ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਕੂਲੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਧੰਨਵਾਦ ਕੀਤਾ।