ਬਾਲ ਮਜ਼ਦੂਰੀ ਆਧੁਨਿਕ ਸਮਾਜ ਵਿੱਚ ਬਦਨੁਮਾ ਧੱਬਾ: ਡਾ. ਬਲਜੀਤ ਕੌਰ
ਚੰਡੀਗੜ੍ਹ, 1 ਜੂਨ 2023 - ਬਾਲ ਮਜ਼ਦੂਰੀ ਆਧੁਨਿਕ ਸਮਾਜ ਦੇ ਮੱਥੇ ਤੇ ਬਦਨੁਮਾ ਧੱਬਾ ਹੈ। ਉਕਤ ਪ੍ਰਗਟਾਵਾ ਅੱਜ ਇੱਥੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਕੀਤਾ ਗਿਆ।
ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਲੈਵਲ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਸੈਕਟਰ-26, ਚੰਡੀਗੜ੍ਹ ਵਿਖੇ ਬਾਲ ਵਿਕਾਸ ਵਿਭਾਗ ਵੱਲੋਂ ਨਿੱਜੀ ਸੰਸਥਾ ਬਚਪਨ ਬਚਾਓ ਅੰਦੋਲਨ (ਬੀ.ਬੀ.ਏ.) ਦੇ ਸਹਿਯੋਗ ਨਾਲ ਬਾਲ ਮਜ਼ਦੂਰੀ ਦੇ ਖਾਤਮੇ ਅਤੇ ਇਹਨ੍ਹਾਂ ਬੱਚਿਆਂ ਦੇ ਮੁੜ ਵਸੇਬੇ ਬਾਰੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਮਜ਼ਦੂਰੀ, ਜਬਰੀ ਮਜ਼ਦੂਰੀ ਅਤੇ ਤਸਕਰੀ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਇਸ ਸਾਲ, ਬਾਲ ਮਜ਼ਦੂਰੀ ਵਿਰੁੱਧ ਐਕਸ਼ਨ ਮਹੀਨਾ 1 ਜੂਨ ਤੋਂ 30 ਜੂਨ, 2023 ਤੱਕ ਮਨਾਇਆ ਜਾਵੇਗਾ। ਇਸ ਵਰਕਸ਼ਾਪ ਦਾ ਉਦੇਸ਼ ਵੱਖ-ਵੱਖ ਵਿਭਾਗਾਂ ਦੇ ਭਾਈਵਾਲਾਂ ਨੂੰ ਸਾਂਝੇ ਰੂਪ ਵਿੱਚ ਕੰਮ ਕਰਨ ਲਈ ਤਿਆਰ ਕਰਨਾ ਹੈ ਤਾਂ ਜੋ ਛਾਪਿਆਂ ਦੌਰਾਨ ਉਨ੍ਹਾਂ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਸਪਸ਼ਟ ਸਕੇ ਅਤੇ ਬੱਚਿਆਂ ਨੂੰ ਬਚਾਇਆ ਜਾ ਸਕੇ।
ਡਾ. ਬਲਜੀਤ ਕੌਰ ਨੇ ਸਾਰੇ ਹਿੱਸੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਰਗਰਮੀ ਨਾਲ ਨਿਆਂ ਦੀ ਪੈਰਵੀ ਕਰਨ ਅਤੇ ਸਿੱਖਿਆ ਅਤੇ ਕਿੱਤਾ ਮੁਖੀ ਸਿਖਲਾਈ ਰਾਹੀਂ ਬਾਲ ਮਜ਼ਦੂਰੀ ਵਿੱਚ ਸ਼ਾਮਲ ਸਾਰੇ ਬੱਚਿਆਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ।
ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ਼੍ਰੀਮਤੀ ਮਾਧਵੀ ਕਟਾਰੀਆ ਨੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਰਕਸ਼ਾਪ ਦਾ ਉਦੇਸ਼ ਬਾਲ ਮਜ਼ਦੂਰੀ ਕਰ ਰਹੇ ਬੱਚਿਆਂ ਨੂੰ ਮੁਕਤ ਕਰਵਾਉਣ ਲਈ, ਛਾਪੇਮਾਰੀ ਕਰਨ ਉਨ੍ਹਾਂ ਦੇ ਮੁੜ ਵਸੇਬੇ ਲਈ ਸਰਕਾਰ ਵੱਲੋਂ ਕੀਤੀਆਂ ਜਾਂਦੀਆਂ ਕੋਸ਼ਿਸ਼ਾਂ ਸਬੰਧੀ ਸਾਰੇ ਭਾਈਵਾਲਾਂ ਨੂੰ ਜਾਣੂ ਕਰਵਾਉਣਾ ਸੀ। ਉਨ੍ਹਾਂ ਮਾਨਯੋਗ ਸੁਪਰੀਮ ਕੋਰਟ ਦੇ ਬਾਲ ਮਜ਼ਦੂਰੀ ਰੋਕੂ ਦਿਸ਼ਾ-ਨਿਰਦੇਸ਼ਾਂ ਅਤੇ ਫੈਸਲਿਆਂ ਦੀ ਪਾਲਣਾ ਕਰਨ ਲਈ ਕਿਹਾ।
ਇਸ ਮੌਕੇ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਮੈਂਬਰ ਅਤੇ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਦੇ ਸਕੱਤਰ ਸ਼੍ਰੀ ਮਨਜਿੰਦਰ ਸਿੰਘ ਨੇ ਆਪਣੇ ਅਨੁਭਵ ਸਾਂਝੇ ਕੀਤੇ। ਇਸ ਵਰਕਸ਼ਾਪ ਵਿੱਚ ਕਿਰਤ ਵਿਭਾਗ, ਪੁਲਿਸ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ।