ਪ੍ਰਦਰਸ਼ਨਕਾਰੀ ਪਹਿਲਵਾਨਾਂ ਦੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ, ਪੜ੍ਹੋ ਵੇਰਵਾ
ਨਵੀਂ ਦਿੱਲੀ, 5 ਜੂਨ, 2023: ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਤੇ ਭਾਜਪਾ ਐਮ ਪੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਸ਼ਨੀਵਾਰ ਦੇਰ ਰਾਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਹਨਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ।
ਇਹ ਮੀਟਿੰਗ ਦੋ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਤੇ ਅੱਧੀ ਰਾਤ ਤੋਂ ਬਾਅਦ ਖਤਮ ਹੋਈ। ਹਿਸ ਮੀਟਿੰਗ ਵਿਚ ਓਲੰਪਿਕ ਮੈਡਲ ਜੇਤੂ ਬਜਰੰਗ ਪੂਲੀਆ ਤੇ ਸ਼ਾਕਸ਼ੀ ਮਲਿਕ ਸਮੇਤ ਅਨੇਕਾਂ ਕੋਚਾਂ ਨੇ ਸ਼ਮੂਲੀਅਤ ਕੀਤੀ। ਬਜਰੰਗ ਪੂਨੀਆ ਨੇ ਮੀਟਿੰਗ ਮਗਰੋਂ ਕਿਹਾ ਕਿ ਸਾਡੀ ਗ੍ਰਹਿ ਮੰਤਰੀ ਨਾਲ ਮੀਟਿੰਗ ਹੋਈ ਹੈ, ਇਸ ਤੋਂ ਵੱਧ ਮੈਂ ਟਿੱਪਣੀ ਨਹੀਂ ਕਰ ਸਕਦਾ।
ਬਜਰੰਗ ਤੇ ਸਾਕਸ਼ੀ ਤੇ ਵਰਲਡ ਚੈਂਪੀਅਨ ਵਿਨੇਸ਼ ਫੋਗਾਟ ਇਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਹਨ। ਮਹਿਲਾ ਪਹਿਲਵਾਨਾਂ ਨੇ ਇਕ ਨਾਬਾਲਗ ਸਮੇਤ ਮਹਿਲਾ ਪਹਿਲਵਾਨਾਂ ਦਾ ਜਿਣਸੀ ਸੋਸ਼ਣ ਕੀਤੇ ਜਾਣ ਦੇ ਦੋਸ਼ ਲਗਾਏ ਹਨ। ਪਤਾ ਲੱਗਾ ਹੈ ਕਿ ਪਹਿਲਵਾਨਾਂ ਨੇ ਮੰਗ ਕੀਤੀ ਕਿ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਖਿਲਾਫ ਮਜ਼ਬੂਤ ਚਾਰਜਸ਼ੀਟ ਜਲਦੀ ਤੋਂ ਜਲਦੀ ਦਾਖਲ ਕੀਤੀ ਜਾਵੇ। ਇਹ ਵੀ ਪਤਾ ਲੱਗਾ ਹੈ ਕਿ ਗ੍ਰਹਿ ਮੰਤਰੀ ਨੇ ਕਿਹਾ ਹੈ ਕਿ ਪੂਰੀ ਕਾਰਵਾਈ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੋਵੇਗੀ।
ਇਸ ਤੋਂ ਪਹਿਲਾਂ ਸਰਕਾਰੀ ਪ੍ਰਤੀਨਿਧਾਂ ਤੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਦਰਮਿਆਨ ਮੀਟਿੰਗ 27 ਮਈ ਨੂੰ ਹੋਈ ਸੀ ਜੋ ਬੇਨਤੀਜਾ ਰਹੀ ਸੀ ।